ਪਹਿਲਗਾਮ ਅਤਿਵਾਦੀ ਹਮਲੇ ਖ਼ਿਲਾਫ਼ ਮੁਜ਼ਾਹਰੇ
ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ
ਮਾਨਸਾ/ਬਠਿੰਡਾ, 24 ਅਪਰੈਲ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਅਤਿਵਾਦੀ ਹਮਲੇ ਖ਼ਿਲਾਫ਼ ਮਾਲਵੇ ’ਚ ਥਾਂ-ਥਾਂ ਵਿਰੋਧ ਪ੍ਰਦਰਸ਼ਨ ਹੋਏ ਤੇ ਸਮਾਜ ਸੇਵੀ ਸੰਸਥਾਵਾਂ ਨੇ ਪੁਤਲੇ ਫੂਕ ਕੇ ਨਾਅਰੇਬਾਜ਼ੀ ਕੀਤੀ। ਮਾਨਸਾ ਵਿੱਚ ਸ੍ਰੀ ਸਨਾਤਨ ਧਰਮ ਸਭਾ ਵੱਲੋਂ ਪੁਤਲਾ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਪਹਿਲਾ ਮ੍ਰਿਤਕਾਂ ਦੀ ਆਤਮਾ ਦੀ ਸ਼ਾਂਤੀ ਲਈ ਸ਼ਾਂਤੀ ਪਾਠ ਕੀਤਾ ਗਿਆ। ਆਗੂਆਂ ਨੇ ਮੰਗ ਕੀਤੀ ਕਿ ਪਹਿਲਗਾਮ ਦੇ ਇਸ ਕਾਂਡ ਦੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਜੋ ਪਹਿਲਗਾਮ ਵਿੱਚ ਬੇਦੋਸ਼ੇ ਸੈਲਾਨੀਆਂ ਦਾ ਕਤਲੇਆਮ ਹੋਇਆ ਹੈ, ਉਹ ਨਿੰਦਣਯਯੋਗ ਹੈ। ਇਸ ਮੌਕੇ ਸਮੀਰ ਛਾਬੜਾ, ਡਾ. ਜਨਕ ਰਾਜ ਸਿੰਗਲਾ, ਰਮੇਸ਼ ਟੋਨੀ, ਅੰਕੂਸ਼ ਜਿੰਦਲ, ਰਾਕੇਸ਼ ਗੁਪਤਾ, ਪਰਸ਼ੋਤਮ ਦਾਸ, ਵਿਨੋਦ ਭੰਮਾ, ਕਮਲ ਸ਼ਰਮਾ, ਸੁਰੇਸ਼ ਨੰਦਗੜ੍ਹੀਆ ਤੇ ਹੋਰ ਮੌਜੂਦ ਸਨ। ਇਸੇ ਦੌਰਾਨ ਬਠਿੰਡਾ ਵਿੱਚ ਮੋਮਬੱਤੀ ਮਾਰਚ ਕੀਤਾ ਗਿਆ ਜਿਸ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੀਤੀ। ਇਹ ਮਾਰਚ ਫਾਇਰ ਬ੍ਰਿਗੇਡ ਚੌਕ ਤੋਂ ਸ਼ੁਰੂ ਹੋ ਕੇ ਸਦਭਾਵਨਾ ਚੌਂਕ ਤੱਕ ਗਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਹਰਸਿਮਰਤ ਕੌਰ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਸੈਲਾਨੀਆਂ ’ਤੇ ਹਮਲਾ ਅਤਿਵਾਦੀਆਂ ਦੀ ਕਾਇਰਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਤਿਵਾਦੀ ਹਮਲੇ ਦੀ ਪਿੱਛੇ ਪਈ ਸਾਜ਼ਿਸ਼ ਨੂੰ ਬੇਨਕਾਬ ਕੀਤਾ ਜਾਵੇ। ਦੇਰ ਸ਼ਾਮ ਮਾਰਚ ਵਿੱਚ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਚਰਨਜੀਤ ਕੌਰ, ਲੋਕ ਸਭਾ ਬਠਿੰਡਾ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਰਾਜਵਿੰਦਰ ਸਿੰਘ ਤੇ ਹੋਰ ਅਕਾਲੀ ਆਗੂਆਂ ਨੇ ਭਾਗ ਲਿਆ। ਲੋਕਾਂ ਨੇ ‘ਪਾਕਿਸਤਾਨ ਮੁਰਦਾਬਾਦ’ ਦੇ ਨਾਅਰੇ ਲਾਏ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪਹਿਲਗਾਮ ਅਤਿਵਾਦੀ ਹਮਲੇ ਖ਼ਿਲਾਫ਼ ਅੱਜ ਮੁਕਤਸਰ ਦੇ ਬਾਜ਼ਾਰ ਸਵੇਰੇ 11 ਵਜੇ ਤੱਕ ਮੁਕੰਮਲ ਤੌਰ ’ਤੇ ਬੰਦ ਰਹੇ। ਇਸ ਮੌਕੇ ਭਾਜਪਾ ਆਗੂ ਭਾਈ ਰਾਹੁਲ ਸਿੱਧੂ, ਰਾਜ ਕੁਮਾਰ ਮੇਲੂ, ਅਸ਼ੋਕ ਕੁਮਾਰ ਚੁੱਘ, ਵਪਾਰ ਮੰਡਲ ਦੇ ਸਿਕੰਦਰ ਗੂੰਬਰ ਸਣੇ ਹੋਰ ਆਗੂਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਇਨਸਾਨੀ ਤੌਰ ’ਤੇ ਅਫਸੋਸਨਾਕ ਘਟਨਾ ਦੱਸਿਆ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਸਿਰਸਾ ਇਕਾਈ ਨੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿੱਚ ਅਤੇ ਮਾਰੇ ਗਏ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਸ਼ਹੀਦ ਭਗਤ ਸਿੰਘ ਚੌਕ ’ਤੇ ਰੋਸ਼ ਪ੍ਰਦਰਸ਼ਨ ਕੀਤਾ। ਇਸ ਰੋਸ਼ ਪ੍ਰਦਰਸ਼ਨ ਤੋਂ ਪਹਿਲਾਂ ਸਾਰਿਆਂ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਦਰਸ਼ਨ ਦੌਰਾਨ ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਹੀਰਾਲਾਲ ਸ਼ਰਮਾ ਨੇ ਮੌਜੂਦ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਸਰਕਾਰ ਪਹਿਲਗਾਮ ਵਿੱਚ ਸੈਲਾਨੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਕਰੇ।
ਫਾਜ਼ਿਲਕਾ (ਨਿੱਜੀ ਪੱਤਰ ਪ੍ਰੇਰਕ): ਪਹਿਲਗਾਮ ਅਤਿਵਾਦੀ ਹਮਲੇ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਇਕਾਈ ਫਾਜ਼ਿਲਕਾ ਵੱਲੋਂ ਐੱਮਆਰ ਸਰਕਾਰੀ ਕਾਲਜ ਫਾਜ਼ਿਲਕਾ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇ ਕੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ, ਜ਼ਿਲ੍ਹਾ ਆਗੂ ਅਦਿਤਿਆ ਫਾਜ਼ਿਲਕਾ ਅਤੇ ਭੁਪਿੰਦਰ ਸਿੰਘ ਨੇ ਕਿਹਾ ਕਿ 28 ਦੇ ਕਰੀਬ ਸੈਲਾਨੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜੋ ਨਿੰਦਣਯੋਗ ਕਾਰਾ ਹੈ।
ਮਮਦੋਟ (ਪੱਤਰ ਪ੍ਰੇਰਕ): ਪਹਿਲਗਾਮ ਅਤਿਵਾਦੀ ਹਮਲੇ ’ਚ ਮਾਰੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਅਤੇ ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਨੂੰ ਲੈ ਕੇ ਮਮਦੋਟ ਵਿੱਚ ਰੋਸ ਮਾਰਚ ਕੀਤਾ ਗਿਆ|
ਮਖੂ (ਨਿੱਜੀ ਪੱਤਰ ਪ੍ਰੇਰਕ): ਅੱਜ ਇੱਥੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਧਾਨ ਕਾਰਜ ਸਿੰਘ ਆਹਲਾਂ ਦੀ ਅਗਵਾਈ ਹੇਠ ਪਹਿਲਗਾਮ ਹਮਲੇ ‘ਚ ਮਾਰੇ ਗਏ ਸੈਲਾਨੀਆਂ ਦੀ ਮੌਤ ਦੇ ਰੋਸ ਵਜੋਂ ਪਾਕਿਸਤਾਨ ਮੁਰਦਾਬਾਦ, ਅਤਿਵਾਦ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਉਨ੍ਹਾ ਆਖਿਆ ਕਿ ਇਸ ਕਾਰੇ ਨੇ ਦੇਸ਼ ਵਾਸੀਆਂ ਨੂੰ ਦਹਿਲਾ ਦਿੱਤਾ ਹੈ।
ਕੋਟਕਪੂਰਾ (ਪੱਤਰ ਪ੍ਰੇਰਕ): ਪਹਿਲਗਾਮ ਅਤਿਵਾਦੀ ਹਮਲੇ ’ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਮੋਮਬੱਤੀ ਮਾਰਚ ਕੱਢਿਆ। ਬਾਬਕਾ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਅਤਿਵਾਦ ਵਿਰੋਧ ਨਾਅਰੇ ਲਾਏ। ਮੋਮਬੱਤੀ ਮਾਰਚ ਗੁਰਦੁਆਰਾ ਪਾਤਸ਼ਾਹੀ ਦਸਵੀਂ ਤੋਂ ਸ਼ੁਰੂ ਹੋ ਕੇ ਬੱਤੀਆਂ ਵਾਲੇ ਚੌਕ ਤੱਕ ਗਿਆ।
ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਸ਼ਹਿਰ ’ਚ ਮੋਮਬੱਤੀ ਮਾਰਚ
ਬਠਿੰਡਾ (ਸ਼ਗਨ ਕਟਾਰੀਆ): ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ’ਤੇ ਹੋਏ ਦਹਿਸ਼ਤਗਰਦੀ ਹਮਲੇ ਦੇ ਮੱਦੇਨਜ਼ਰ ਸਥਾਨਕ ਉੜਾਂਗ ਸਿਨੇਮਾ ਤੋਂ ਅਨੁਪੂਰਨਾ ਮੰਦਰ ਤੱਕ ਸ਼ਹਿਰ ਵਾਸੀਆਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਨਗਰ ਸੁਧਾਰ ਟਰਸਟ ਬਠਿੰਡਾ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਸ਼ੂਗਰਫ਼ੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਜੀਦਾ, ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ, ਚੇਅਰਮੈਨ ਰਾਕੇਸ਼ ਪੁਰੀ ਤੋਂ ਇਲਾਵਾ ਕਈ ਅਹਿਮ ਸ਼ਖ਼ਸੀਅਤਾਂ ਨੇ ਦਹਿਸ਼ਤਗਰਦਾਂ ਵੱਲੋਂ ਸੈਲਾਨੀਆਂ ’ਤੇ ਕੀਤੇ ਗਏ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਹੋਰ ਦੇਸ਼ਾਂ ਦਾ ਹੱਥ ਹੈ, ਤਾਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਅਖੰਡਤਾ ਲਈ ਖ਼ਤਰਾ ਪੈਦਾ ਕਰਨ ਵਾਲੀਆਂ ਤਾਕਤਾਂ ਵਿਰੁੱਧ ਡੱਟ ਕੇ, ਸ਼ਾਂਤੀ ਅਤੇ ਸੁਰੱਖਿਆ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।