ਪਹਿਲਗਾਮ ਹਮਲੇ ਸਬੰਧੀ ਸੰਸਦ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇ: ਡੀ ਰਾਜਾ
ਗੁਰਿੰਦਰ ਸਿੰਘ
ਲੁਧਿਆਣਾ, 29 ਅਪਰੈਲ
ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਡੀ ਰਾਜਾ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਪਹਿਲਗਾਮ ਹਮਲੇ ਸਬੰਧੀ ਵਿਚਾਰ ਵਟਾਂਦਰਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਅੱਜ ਸੀਪੀਆਈ ਦਫ਼ਤਰ ਵਿੱਚ ਪਾਰਟੀ ਦੀ ਸੂਬਾਈ ਕੌਂਸਲ ਦੀ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ। ਇਸ ਮੌਕੇ ਕੌਮੀ ਸਕੱਤਰ ਅਮਰਜੀਤ ਕੌਰ ਅਤੇ ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਨੇ ਸਾਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਸਾਰੀਆਂ ਰਾਜਸੀ ਪਾਰਟੀਆਂ ਨੇ ਇਸ ਸਬੰਧੀ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਹਰ ਕਾਰਵਾਈ ਦਾ ਬਿਨਾਂ ਸ਼ਰਤ ਸਮਰਥਨ ਦੇਣ ਦਾ ਵੀ ਫ਼ੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰਐਸਐਸ ਵੱਲੋਂ ਦੇਸ਼ ਵਿੱਚ ਫ਼ਿਰਕੂ ਤਣਾਅ ਪੈਦਾ ਕਰਕੇ ਦੇਸ਼ ਨੂੰ ਵੰਡਣ ਵਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਾਲਾਤ ਇਸ ਵਕਤ ਗੰਭੀਰ ਮੋੜ ’ਤੇ ਹਨ ਕਿਉਂਕਿ ਦੇਸ਼ ਦੀ ਆਰਥਿਕਤਾ ਤਬਾਹੀ ਦੇ ਕੰਢੇ ੦ਤੇ ਹੈ ਅਤੇ ਜਨਤਾ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੀ ਹੈ। ਇਸ ਤੋਂ ਇਲਾਵਾ ਗਰੀਬੀ, ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ ਕਾਰਨ ਵਧੀ ਅਸਮਾਨਤਾ ਡੂੰਘੀ ਚਿੰਤਾ ਦਾ ਮਾਮਲਾ ਹਨ। ਉਨ੍ਹਾਂ ਕਿਹਾ ਕਿ ਖੇਤੀ ਸੰਕਟ ਡੂੰਘਾ ਅਤੇ ਅਨਿਸ਼ਚਿਤਤਾ ਵੱਲ ਵਧਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਰਾਖੀ, ਲੋਕਤੰਤਰ ਅਤੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਨ, ਸਮਾਜਿਕ ਨਿਆਂ ਤੇ ਬਰਾਬਰੀ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਹੋਈ ਸੂਬਾ ਕੌਂਸਲ ਦੀ ਮੀਟਿੰਗ ਦੌਰਾਨ ਨਫ਼ਰਤ ਅਤੇ ਧਰੁਵੀਕਰਨ ਦੀਆਂ ਸ਼ਕਤੀਆਂ ਨੂੰ ਹਰਾਉਣ ਅਤੇ ਧਰਮ ਨਿਰਪੱਖ ਲੋਕਤੰਤਰ ਦੀ ਰਾਖੀ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਦਾ ਸੰਕਲਪ ਲਿਆ ਅਤੇ ਭਾਰਤ ਦੇ ਸੰਵਿਧਾਨ ਦੀ ਰਾਖੀ ਲਈ ਡਟਣ ਦਾ ਫ਼ੈਸਲਾ ਵੀ ਕੀਤਾ ਗਿਆ।
ਪਾਰਟੀ ਦੀ ਕੌਮੀ ਸਕੱਤਰ ਕਾਮਰੇਡ ਅਮਰਜੀਤ ਕੌਰ ਨੇ ਦੱਸਿਆ ਕਿ 21 ਤੋਂ 25 ਸਤੰਬਰ ਤੱਕ ਚੰਡੀਗੜ੍ਹ ਵਿੱਚ ਸੀਪੀਆਈ ਦਾ 25ਵਾਂ ਮਹਾਂਸੰਮੇਲਨ ਹੋ ਰਿਹਾ ਹੈ ਜਿਸ ਵਿੱਚ ਦੇਸ਼ ਨੂੰ ਦਰਪੇਸ਼ ਸਮੱਸਿਆਵਾਂ ਅਤੇ ਲੋਕਾਂ ਨੂੰ ਸਹਿਣੀਆਂ ਪੈ ਰਹੀਆਂ ਮੁਸ਼ਕਲਾਂ ਦੇ ਲਈ ਹਲ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸੀਪੀਆਈ ਦੇ ਸੂਬਾ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਦੱਸਿਆ ਕਿ 25ਵੇਂ ਮਹਾਂ ਸੰਮੇਲਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਵਾਗਤੀ ਕਮੇਟੀ ਦਾ ਪ੍ਰਧਾਨ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਸੰਪਾਦਕ ਡਾ. ਸਵਰਾਜਬੀਰ ਨੂੰ ਬਣਾਇਆ ਗਿਆ ਹੈ ਜਦਕਿ ਕਾਮਰੇਡ ਬੰਤ ਸਿੰਘ ਬਰਾੜ ਜਨਰਲ ਸਕੱਤਰ ਹੋਣਗੇ।
ਕਾਮਰੇਡ ਬਰਾੜ ਨੇ ਕਿਹਾ ਕਿ ਪਾਰਟੀ ਵੱਲੋਂ ਸਮਕਾਲੀ ਮੁੱਦਿਆਂ ’ਤੇ ਸੈਮੀਨਾਰਾਂ ਵੀ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਨਿਰਮਲ ਸਿੰਘ ਧਾਲੀਵਾਲ, ਗੁਲਜ਼ਾਰ ਸਿੰਘ ਗੋਰੀਆ, ਡੀਪੀ ਮੌੜ, ਐਮ ਐਸ ਭਾਟੀਆ, ਡਾ: ਅਰੁਣ ਮਿੱਤਰਾ ਅਤੇ ਕਾ: ਮਾੜੀ ਮੇਘਾ ਵੀ ਹਾਜ਼ਰ ਸਨ।