ਪਾਕਿਸਤਾਨ ਵੱਲੋਂ ਲਗਾਤਾਰ ਸੱਤਵੀਂ ਰਾਤ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ
ਜੰਮੂ, 1 ਮਈ
ਪਾਕਿਸਤਾਨੀ ਫੌਜੀਆਂ ਨੇ ਲਗਾਤਾਰ ਸੱਤਵੀਂ ਰਾਤ ਕੰਟਰੋਲ ਰੇਖਾ ’ਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਅਤੇ ਜੰਮੂ ਕਸ਼ਮੀਰ ਦੇ ਤਿੰਨ ਸਰਹੱਦੀ ਜ਼ਿਲ੍ਹਿਆਂ ਦੇ ਕਈ ਸੈਕਟਰਾਂ ਵਿੱਚ ਬਿਨਾ ਕਿਸੇ ਭੜਕਾਹਟ ਤੋਂ ਗੋਲੀਬਾਰੀ ਕੀਤੀ। ਉੱਧਰ, ਪਾਕਿਸਤਾਨ ਦੀ ਇਸ ਕਾਰਵਾਈ ਦਾ ਮੂੰਹਤੋੜ ਜਵਾਬ ਦਿੱਤਾ। ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪਰੈਲ ਨੂੰ ਅਤਿਵਾਦੀ ਹਮਲੇ ਤੋਂ ਬਾਅਦ ਦੋਵੇਂ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਮੰਗਲਵਾਰ ਨੂੰ ਭਾਰਤ ਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਮਿਲਟਰੀ ਆਪ੍ਰੇਸ਼ਨਜ਼ (ਡੀਜੀਐੱਮਓ) ਨੇ ਹੌਟਲਾਈਨ ’ਤੇ ਗੱਲ ਕੀਤੀ ਸੀ ਪਰ ਇਸ ਦੇ ਬਾਵਜੂਦ ਗੋਲੀਬਾਰੀ ਕੀਤੀ ਗਈ। ਜੰਮੂ ਵਿੱਚ ਇਕ ਰੱਖਿਆ ਤਰਜਮਾਨ ਨੇ ਕਿਹਾ, ‘‘30 ਅਪਰੈਲ ਅਤੇ ਪਹਿਲੀ ਮਈ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਫੌਜੀ ਚੌਕੀਆਂ ਵੱਲੋਂ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਕੁਪਵਾੜਾ, ਉੜੀ ਅਤੇ ਅਖਨੂਰ ਦੇ ਸਾਹਮਣੇ ਸਥਿਤ ਕੰਟਰੋਲ ਰੇਖਾ ’ਤੇ ਬਿਨਾਂ ਕਿਸੇ ਭੜਕਾਹਟ ਤੋਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ।’’ ਉਨ੍ਹਾਂ ਕਿਹਾ ਕਿ ਭਾਰਤੀ ਫੌਜੀਆਂ ਨੇ ਵੀ ਇਸ ਦਾ ਮੂੰਹ-ਤੋੜ ਜਵਾਬ ਦਿੱਤਾ।
ਉੱਤਰੀ ਕਸ਼ਮੀਰ ਦੇ ਕੁਪਵਾੜਾ ਤੇ ਬਾਰਾਮੂਲਾ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ ਨੇੜੇ ਕਈ ਚੌਕੀਆਂ ’ਤੇ ਬਿਨਾ ਭੜਕਾਹਟ ਤੋਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਸ਼ੁਰੂ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਤੇਜ਼ੀ ਨਾਲ ਪੁਣਛ ਸੈਕਟਰ ਅਤੇ ਉਸ ਤੋਂ ਬਾਅਦ ਜੰਮੂ ਖੇਤਰ ਦੇ ਅਖਨੂਰ ਸੈਕਟਰ ਵਿੱਚ ਗੋਲੀਬੰਦੀ ਦੀ ਉਲੰਘਣਾ ਕੀਤੀ।
ਮੰਗਲਵਾਰ ਰਾਤ ਨੂੰ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਤੇ ਨੌਸ਼ਹਿਰਾ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਕਈ ਚੌਕੀਆਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਗਈ। ਇਸ ਤੋਂ ਬਾਅਦ ਪਾਕਿਸਤਾਨ ਨੇ ਜੰਮੂ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਕੋਲ ਪਰਗਵਾਲ ਸੈਕਟਰ ਵਿੱਚ ਗੋਲੀਬਾਰੀ ਕੀਤੀ।
24 ਅਪਰੈਲ ਨੂੰ ਪਾਕਿਸਤਾਨ ਨੇ ਭਾਰਤੀ ਏਅਰਲਾਈਨਜ਼ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਸੀ। ਵਾਹਗਾ ਸਰਹੱਦ ਨੂੰ ਬੰਦ ਕਰ ਦਿੱਤਾ, ਭਾਰਤ ਨਾਲ ਸਾਰਾ ਵਪਾਰ ਮੁਅੱਤਲ ਕਰ ਦਿੱਤਾ ਅਤੇ ਕਿਹਾ ਕਿ ਸਿੰਧੂ ਜਲ ਸਮਝੌਤੇ ਤਹਿਤ ਪਾਕਿਸਤਾਨ ਨੂੰ ਮਿਲਣ ਵਾਲੇ ਪਾਣੀ ਨੂੰ ਮੋੜਨ ਦੀ ਕਿਸੇ ਵੀ ਕੋਸ਼ਿਸ਼ ਨੂੰ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ। -ਪੀਟੀਆਈ
ਭਾਰਤ ਨੇ ਚਿਤਾਵਨੀ ਦਿੱਤੀ
ਡੀਜੀਐੱਮਓਜ਼ ਦੀ ਗੱਲਬਾਤ ਤੋਂ ਜਾਣੂ ਲੋਕਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੂੰ ਬਿਨਾ ਭੜਕਾਹਟ ਤੋਂ ਗੋਲੀਬਾਰੀ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ ਗਈ ਹੈ। ਪਹਿਲਗਾਮ ਵਿੱਚ ਅਤਿਵਾਦੀ ਹਮਲੇ ਵਿੱਚ 26 ਵਿਅਕਤੀਆਂ ਦੇ ਮਾਰੇ ਜਾਣ ਦੀ ਘਟਨਾ ਦੇ ਮੱਦੇਨਜ਼ਰ 24 ਅਪਰੈਲ ਦੀ ਰਾਤ ਨੂੰ ਭਾਰਤ ਵੱਲੋਂ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਪਾਕਿਸਤਾਨੀ ਸੈਨਿਕ ਕਸ਼ਮੀਰ ਵਾਦੀ ਤੋਂ ਲੈ ਕੇ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ ’ਤੇ ਸਥਿਤ ਵੱਖ-ਵੱਖ ਥਾਵਾਂ ’ਤੇ ਬਿਨਾ ਭੜਕਾਹਟ ਤੋਂ ਗੋਲੀਬਾਰੀ ਕਰ ਰਹੇ ਹਨ।