ਪਾਕਿ-ਆਈਐੱਸਆਈ ਨਾਲ ਸਬੰਧਤ ਕਾਰਕੁਨ ਹੈਂਡ ਗ੍ਰਨੇਡ ਸਣੇ ਕਾਬੂ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ , 1 ਅਪਰੈਲ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਅੰਮ੍ਰਿਤਸਰ ਨੇ ਮੁਲਜ਼ਮ ਨੂੰ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ ਕੀਤਾ ਹੈ।
ਅੱਜ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐੱਸਆਈ) ਏਜੰਸੀ ਨਾਲ ਸਬੰਧਤ ਹੈ ਅਤੇ ਇਸ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਨੇ ਸੂਬੇ ਵਿੱਚ ਸੰਭਾਵੀ ਅਤਿਵਾਦੀ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜੈਵੀਰ ਤਿਆਗੀ ਉਰਫ਼ ਜਾਵੇਦ ਵਾਸੀ ਪਿੰਡ ਬਰੋਲੀ, ਸਹਾਰਨਪੁਰ, ਉੱਤਰ ਪ੍ਰਦੇਸ਼ (ਯੂਪੀ) ਵਜੋਂ ਹੋਈ ਹੈ। ਉਹ ਮੌਜੂਦਾ ਸਮੇਂ ਲੁਧਿਆਣਾ ਵਿੱਚ ਰਹਿ ਰਿਹਾ ਸੀ। ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਪੁਲੀਸ ਟੀਮ ਨੂੰ ਵਿਦੇਸ਼ ਆਧਾਰਤ ਵਿਅਕਤੀ ਸਹਿਲਾਮ, ਜੋ ਪਾਕਿ-ਆਈਐੱਸਆਈ ਏਜੰਸੀ ਲਈ ਕੰਮ ਕਰਦਾ ਹੈ ਅਤੇ ਉਸ ਦੇ ਚਚੇਰੇ ਭਰਾ ਜੈਵੀਰ ਤਿਆਗੀ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਵੱਖ-ਵੱਖ ਸ਼ਹਿਰਾਂ ਵਿੱਚ ਅਤਿਵਾਦੀ ਹਮਲਿਆਂ ਰਾਹੀਂ ਸਰਕਾਰੀ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚਣ ਬਾਰੇ ਸੂਹ ਮਿਲੀ ਸੀ। ਇਸ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲੀਸ ਟੀਮ ਨੇ ਮੁਲਜ਼ਮ ਜੈਵੀਰ ਤਿਆਗੀ ਨੂੰ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ ਕਰ ਲਿਆ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਪਿਛਲੇ 14-15 ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ ਅਤੇ ਏਨਕ੍ਰਿਪਟਡ ਮੈਸੇਜਿੰਗ ਐਪਸ ਰਾਹੀਂ ਸਹਿਲਾਮ ਦੇ ਸੰਪਰਕ ਵਿੱਚ ਸੀ। ਉਸ ਦੇ ਨਿਰਦੇਸ਼ਾਂ ’ਤੇ ਹੀ ਮੁਲਜ਼ਮ ਨੇ ਗ੍ਰਨੇਡ ਪ੍ਰਾਪਤ ਕੀਤਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿੱਚ ਕੇਸ ਦਰਜ ਕੀਤਾ ਗਿਆ ਹੈ।