ਪਾਣੀਆਂ ’ਤੇ ਸਿਆਸਤ: ਕਿਸੇ ਦਾ ਹੱਕ ਰੱਖਾਂਗੇ ਨਹੀਂ, ਆਪਣਾ ਛੱਡਾਂਗੇ ਨਹੀਂ: ਬਰਿੰਦਰ ਗੋਇਲ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 3 ਮਈ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨੂੰ ‘ਪਿੰਡਾਂ ਦੇ ਪਹਿਰੇਦਾਰ’ ਦੱਸਦਿਆਂ ਉਨ੍ਹਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਰਵਾਏ ਗਏ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਦੇ ਸਾਰਥਕ ਨਤੀਜੇ ਨਿਕਲਣ ਲੱਗੇ ਹਨ। ਇੱਕ ਪਾਸੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਹੀ ਨਸ਼ਾ ਪੀੜਤਾਂ ਦੇ ਇਲਾਜ ਦੀ ਵਿਵਸਥਾ ਵੀ ਕੀਤੀ ਗਈ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਜੁੜਨ ਲਈ ਸਹੁੰ ਵੀ ਚੁਕਾਈ। ਇਸੇ ਦੌਰਾਨ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ ਪਰ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਪੰਜਾਬ ਆਪਣਾ ਹੱਕ ਛੱਡੇਗਾ ਵੀ ਨਹੀਂ ਅਤੇ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਝੁਕੇਗਾ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਪੰਜਾਬ ਦੇ ਹਿੱਤ ਸਭ ਤੋਂ ਪਹਿਲਾਂ ਹਨ ਅਤੇ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਜੋ ਪਾਣੀ ਜਮ੍ਹਾਂ ਹੁੰਦਾ ਹੈ, ਉਸ ਅਨੁਸਾਰ ਪਾਣੀ ਦੀ ਵੰਡ ਪਿਛਲੇ ਲਗਭਗ 44 ਸਾਲਾਂ ਤੋਂ ਹੁੰਦੀ ਆ ਰਹੀ ਹੈ। ਹਰਿਆਣਾ ਨੂੰ ਇਸ ਵਰ੍ਹੇ 2.987 ਐਮਏਐਫ ਪਾਣੀ ਅਲਾਟ ਹੋਇਆ ਸੀ ਅਤੇ ਉਹ ਆਪਣੇ ਅਲਾਟ ਕੀਤੇ ਪਾਣੀ ਦੀ ਵਰਤੋਂ ਪਹਿਲਾਂ ਹੀ ਕਰ ਚੁੱਕਾ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਜਨਵਰੀ ਤੋਂ ਹੀ ਹਰਿਆਣਾ ਨੂੰ ਚਿੱਠੀਆਂ ਲਿਖੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਨੂੰ ਵੀ ਸੂਚਿਤ ਕੀਤਾ ਜਾ ਰਿਹਾ ਸੀ। ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਆਖਿਆ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਆਪਣੇ ਹੱਕਾਂ ਦੀ ਰਾਖੀ ਕਰੇਗਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਤਿੰਨ ਸਾਲ ਪਹਿਲਾਂ ਜੋ ਸਰਕਾਰ ਬਣਾਈ ਸੀ ਉਹ ਪਹਿਲੇ ਦਿਨ ਤੋਂ ਹੀ ਇਸ ਮੁਹਾਜ਼ ’ਤੇ ਕੰਮ ਕਰ ਰਹੀ ਸੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਨਸ਼ਾ ਸਾਡੀ ਜਵਾਨੀ ਲਈ ਖ਼ਤਰਾ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਯਤਨ ਕਰਨੇ ਪੈਣਗੇ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਇੱਛਾ ਅਨੁਸਾਰ ਹੀ ਇਹ ਮੁਹਿੰਮ ਚਲਾ ਰਹੀ ਹੈ ਅਤੇ ਕਿਸੇ ਵੀ ਨਸ਼ਿਆਂ ਦੇ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਹਾਜ਼ਰ ਸਨ।