ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀਆਂ ਦਾ ਮਾਮਲਾ: ਗ੍ਰਹਿ ਮੰਤਰਾਲੇ ਵੱਲੋਂ ਪੰਜਾਬ-ਹਰਿਆਣਾ ਲਈ ਫ਼ਾਰਮੂਲਾ ਪੇਸ਼

03:10 AM May 03, 2025 IST
featuredImage featuredImage
ਸਰਬ ਪਾਰਟੀ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ, ਭਾਜਪਾ ਆਗੂ ਸੁਨੀਲ ਜਾਖੜ, ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਕਾਂਗਰਸ ਆਗੂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ। -ਫੋਟੋ: ਵਿੱਕੀ ਘਾਰੂ


ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 2 ਮਈ

ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਅੱਜ ਨਵੀਂ ਦਿੱਲੀ ਵਿੱਚ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਹਰਿਆਣਾ ਵਾਧੂ ਪਾਣੀ ਦੀ ਮੰਗ ਬਾਰੇ ਕੋਈ ਠੋਸ ਦਲੀਲ ਪੇਸ਼ ਕਰਨ ਵਿੱਚ ਫ਼ੇਲ੍ਹ ਰਿਹਾ। ਕੇਂਦਰ ਸਰਕਾਰ ਨੇ ਪੰਜਾਬ-ਹਰਿਆਣਾ ਲਈ ਫ਼ਾਰਮੂਲਾ ਪੇਸ਼ ਕੀਤਾ, ਜਿਸ ਤਹਿਤ ਹਰਿਆਣਾ ਪੰਜਾਬ ਤੋਂ ਜਬਰੀ ਨਹੀਂ, ਬਲਕਿ ਪੰਜਾਬ ਦੀ ਸਹਿਮਤੀ ਨਾਲ ਲੋਨ ਦੀ ਤਰ੍ਹਾਂ ਪਾਣੀ ਉਧਾਰ ਲੈ ਸਕੇਗਾ। ਕੇਂਦਰੀ ਗ੍ਰਹਿ ਸਕੱਤਰ ਨੇ ਪੰਜਾਬ ਤੇ ਹਰਿਆਣਾ ਨੂੰ ਮੌਜੂਦਾ ਮਾਮਲੇ ’ਤੇ ਜ਼ਿੱਦ ਛੱਡਣ ਦੀ ਨਸੀਹਤ ਦਿੱਤੀ ਹੈ।

Advertisement

ਉਨ੍ਹਾਂ ਵਾਧੂ ਪਾਣੀ ਮਾਮਲੇ ’ਤੇ ਸਿੱਧਾ ਦਾਖਲ ਦੇਣ ਤੋਂ ਇਨਕਾਰ ਕੀਤਾ। ਗ੍ਰਹਿ ਸਕੱਤਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਮੌਜੂਦਾ ਵਾਧੂ ਪਾਣੀ ਦੇ ਮੁੱਦੇ ’ਤੇ ਫ਼ੌਰੀ ਬੀਬੀਐੱਮਬੀ ’ਚ ਹਿੱਸੇਦਾਰ ਸੂਬਿਆਂ ਦੀ ਮੀਟਿੰਗ ਸੱਦਣ ਲਈ ਕਿਹਾ। ਗੋਬਿੰਦ ਮੋਹਨ ਨੇ ਦੋਵੇਂ ਸੂਬਿਆਂ ਨੂੰ ਅਪੀਲ ਕੀਤੀ ਕਿ ਉਹ ਮਿਲ ਬੈਠ ਕੇ ਮਾਮਲੇ ਦਾ ਹੱਲ ਕੱਢਣ। ਕੇਂਦਰੀ ਗ੍ਰਹਿ ਸਕੱਤਰ ਨੇ ਕਰੀਬ ਡੇਢ ਘੰਟਾ ਚੱਲੀ ਮੀਟਿੰਗ ਵਿੱਚ ਦੋਵਾਂ ਸੂਬਿਆਂ ਦਾ ਪੱਖ ਸੁਣਨ ਮਗਰੋਂ ਇਹ ਗੱਲ ਸਾਫ਼ ਕੀਤੀ ਕਿ ਜੇ ਵਾਧੂ ਪਾਣੀ ਦੀ ਲੋੜ ਹੈ ਤਾਂ ਹਰਿਆਣਾ ਬਿਨਾਂ ਸ਼ਰਤ ਪੰਜਾਬ ਤੋਂ ਇਹ ਪਾਣੀ ਉਧਾਰ ਲਵੇਗਾ ਅਤੇ ਪੰਜਾਬ ਦੀ ਲੋੜ ਵੇਲੇ ਇਹ ਪਾਣੀ ਹਰਿਆਣਾ ਵਾਪਸ ਕਰੇਗਾ। ਇਸ ਤਰ੍ਹਾਂ ਅੱਜ ਦੀ ਕੇਂਦਰੀ ਮੀਟਿੰਗ ’ਚ ਪੰਜਾਬ ਨੂੰ ਇਹ ਰਾਹਤ ਮਿਲ ਗਈ ਹੈ ਕਿ ਹੁਣ ਹਰਿਆਣਾ ਹੱਕ ਦੇ ਤੌਰ ’ਤੇ ਵਾਧੂ ਪਾਣੀ ਜਬਰੀ ਨਹੀਂ ਲੈ ਸਕੇਗਾ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਤੋਂ ਪਿਆਰ ਨਾਲ ਜੋ ਮਰਜ਼ੀ ਲੈ ਲਵੋ ਪਰ ਪੰਜਾਬ ਧੱਕਾ ਬਰਦਾਸ਼ਤ ਨਹੀਂ ਕਰਦਾ।

ਅੱਜ ਦੀ ਮੀਟਿੰਗ ’ਚੋਂ ਹਿਮਾਚਲ ਪ੍ਰਦੇਸ਼ ਗ਼ੈਰਹਾਜ਼ਰ ਰਿਹਾ। ਮੀਟਿੰਗ ਵਿੱਚ ਹਰਿਆਣਾ ਨੇ ਤਰਕ ਦਿੱਤਾ ਕਿ ਪੰਜਾਬ ਦਸ ਵਰ੍ਹਿਆਂ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇ ਰਿਹਾ ਹੈ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਾਣੀ ਦਾ ਸੰਕਟ ਹੈ। ਜਦੋਂ ਗ੍ਰਹਿ ਸਕੱਤਰ ਨੇ ਪੁੱਛਿਆ ਕਿ ਕੀ 8500 ਕਿਊਸਕ ਵਾਧੂ ਪਾਣੀ ਦੇਣਾ ਜਾਇਜ਼ ਹੈ ਤਾਂ ਹਰਿਆਣਾ ਦੇ ਅਧਿਕਾਰੀ ਕੋਈ ਠੋਸ ਤਰਕ ਪੇਸ਼ ਨਾ ਕਰ ਸਕੇ। ਪੰਜਾਬ ਸਰਕਾਰ ਨੇ ਇਸ ਮੀਟਿੰਗ ਵਿੱਚ ਬੀਬੀਐੱਮਬੀ ਵੱਲੋਂ ਪਿਛਲੇ ਦਿਨੀਂ ਬੁਲਾਈ ਮੀਟਿੰਗ ’ਤੇ ਇਤਰਾਜ਼ ਕੀਤਾ ਕਿਉਂਕਿ ਮੀਟਿੰਗ ਲਈ ਸੱਤ ਦਿਨ ਦਾ ਅਗਾਊਂ ਨੋਟਿਸ ਦੇਣਾ ਹੁੰਦਾ ਹੈ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਮੀਟਿੰਗ ਵਿੱਚ ਦੱਸਿਆ ਕਿ ਪੰਜਾਬ ਨੂੰ ਅਪਰੈਲ-ਮਈ ਵਿੱਚ ਨਰਮੇ, ਕਪਾਹ ਦੀ ਫ਼ਸਲ ਲਈ ਅਤੇ ਪਹਿਲੀ ਜੂਨ ਤੋਂ ਝੋਨੇ ਦੀ ਫ਼ਸਲ ਲਈ ਪਾਣੀ ਦੀ ਲੋੜ ਹੈ। ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ’ਤੇ ਕੰਮ ਕਰ ਰਹੀ ਹੈ, ਜਿਸ ਕਰਕੇ ਪਾਣੀ ਦੀ ਮੰਗ ਵਧ ਗਈ ਹੈ। ਮੌਜੂਦਾ ਸਮੇਂ ਪੰਜਾਬ ਦੀ ਮੰਗ 16 ਹਜ਼ਾਰ ਕਿਊਸਕ ਦੀ ਹੈ, ਜੋ ਝੋਨੇ ਦੀ ਲਵਾਈ ਸਮੇਂ 32 ਤੋਂ 35 ਹਜ਼ਾਰ ਕਿਊਸਕ ਦੀ ਹੋ ਜਾਣੀ ਹੈ। ਪੰਜਾਬ ਨੇ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਨੀਵਾਂ ਆ ਚੁੱਕਾ ਹੈ।

ਕੇਂਦਰੀ ਗ੍ਰਹਿ ਸਕੱਤਰ ਨੇ ਬੀਬੀਐੱਮਬੀ ਦੇ ਚੇਅਰਮੈਨ ਨੂੰ ਹਦਾਇਤ ਕੀਤੀ ਕਿ ਉਹ ਫ਼ੌਰੀ ਮੀਟਿੰਗ ਸੱਦਣ। ਦੋਵੇਂ ਸੂਬਿਆਂ ਨੂੰ ਵੀ ਨਿਰਦੇਸ਼ ਦਿੱਤੇ ਗਏ ਕਿ ਉਹ ਆਪੋ-ਆਪਣੀ ਪਾਣੀ ਦੀ ਮੰਗ ਦੀ ਦਲੀਲ ਬੀਬੀਐੱਮਬੀ ਦੀ ਮੀਟਿੰਗ ’ਚ ਦੇਣ ਅਤੇ ਬੀਬੀਐੱਮਬੀ ਦੋਵੇਂ ਸੂਬਿਆਂ ਦੀ ਪਾਣੀ ਦੀ ਮੰਗ ਅਤੇ ਡੈਮਾਂ ਵਿੱਚ ਪਾਣੀ ਦੀ ਉਪਲਬੱਧਤਾ ਦੇ ਆਧਾਰ ’ਤੇ ਅਗਲਾ ਫ਼ੈਸਲਾ ਲਵੇ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਹਰਿਆਣਾ ਨੂੰ ਵਾਧੂ ਪਾਣੀ ਦੀ ਲੋੜ ਹੈ ਤਾਂ ਉਹ ਲੋਨ ਦੀ ਤਰ੍ਹਾਂ ਪੰਜਾਬ ਤੋਂ ਵਾਧੂ ਪਾਣੀ ਲੈ ਸਕੇਗਾ ਅਤੇ ਮਗਰੋਂ ਵਾਪਸ ਵੀ ਕਰੇਗਾ।

ਪੰਜਾਬ ਨੇ ਕਿਹਾ ਕਿ ਹਰਿਆਣਾ ਆਪਣੇ ਹਿੱਸੇ ਤੋਂ ਵੱਧ ਪਾਣੀ ਵਰਤ ਚੁੱਕਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹਰਿਆਣਾ ਨੂੰ ਦੋ ਸਾਲਾਂ ਤੋਂ ਪੱਤਰ ਲਿਖੇ ਜਾ ਰਹੇ ਹਨ ਕਿ ਭਵਿੱਖ ਵਿੱਚ ਪੰਜਾਬ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ। ਮੀਟਿੰਗ ਸ਼ੁਰੂ ਹੋਣ ’ਤੇ ਬੀਬੀਐੱਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ ਪਾਣੀ ਦੀ ਮੰਗ ਅਤੇ ਡੈਮਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਉਸ ਮਗਰੋਂ ਵਿਚਾਰ-ਚਰਚਾ ਸ਼ੁਰੂ ਹੋਈ।

ਅੱਜ ਦੀ ਮੀਟਿੰਗ ਵਿੱਚ ਪੰਜਾਬ ਵੱਲੋਂ ਅਲੋਕ ਸ਼ੇਖਰ ਅਤੇ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਤੇ ਮੁੱਖ ਇੰਜਨੀਅਰ ਰਾਜੇਸ਼ ਚੌਹਾਨ, ਰਾਜਸਥਾਨ ਦੇ ਸਕੱਤਰ ਅਭੈ ਕੁਮਾਰ ਤੇ ਐਡੀਸ਼ਨਲ ਸਕੱਤਰ ਅਮਰਜੀਤ ਸਿੰਘ, ਜਲ ਸ਼ਕਤੀ ਮੰਤਰਾਲੇ ਦੇ ਸਕੱਤਰ ਦੇਵਾਸ੍ਰੀ ਮੁਖਰਜੀ, ਬੀਬੀਐੱਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅਤੇ ਬਿਜਲੀ ਮੰਤਰਾਲੇ ਦੇ ਸਕੱਤਰ ਪੰਕਜ ਅਗਰਵਾਲ ਸ਼ਾਮਲ ਸਨ।

ਵਾਧੂ ਪਾਣੀ ਛੱਡਣ ਦੇ ਮਾਮਲੇ ’ਚ ਖੜੋਤ

ਅਗਲੇ ਹਫ਼ਤੇ ਦੇ ਸ਼ੁਰੂ ਵਿੱਚ ਬੀਬੀਐੱਮਬੀ ਦੀ ਅਗਲੀ ਮੀਟਿੰਗ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦੇ ਅਮਲ ’ਤੇ ਇੱਕ ਤਰੀਕੇ ਨਾਲ ਅਣਐਲਾਨੀ ਰੋਕ ਲੱਗ ਗਈ ਹੈ। ਬੀਬੀਐੱਮਬੀ ਦੀ ਅਗਲੀ ਮੀਟਿੰਗ ਵਿੱਚ ਜੋ ਵੀ ਨਵਾਂ ਫ਼ੈਸਲਾ ਹੋਵੇਗਾ, ਉਸ ਅਧਾਰ ’ਤੇ ਦੋਵੇਂ ਸੂਬੇ ਕਦਮ ਚੁੱਕਣਗੇ। ਪੰਜਾਬ ਨੇ ਜੋ ਵਾਧੂ ਪਾਣੀ ਦੇ ਮਾਮਲੇ ’ਤੇ ਸਿਆਸੀ ਉਬਾਲ ਖਾਧਾ ਹੈ, ਉਸ ਤੋਂ ਹਰਿਆਣਾ ਠੰਢਾ ਪੈਂਦਾ ਨਜ਼ਰ ਆ ਰਿਹਾ ਹੈ।

ਪੁਲੀਸ ਤਾਇਨਾਤੀ ਤੋਂ ਮੰਤਰਾਲਾ ਨਾਖ਼ੁਸ਼

ਅੱਜ ਕੇਂਦਰੀ ਗ੍ਰਹਿ ਮੰਤਰਾਲਾ ਨੰਗਲ ਡੈਮ ’ਤੇ ਤਾਇਨਾਤ ਪੁਲੀਸ ਤੋਂ ਨਾਖ਼ੁਸ਼ ਨਜ਼ਰ ਆਇਆ। ਪੰਜਾਬ ਸਰਕਾਰ ਨੇ ਮੀਟਿੰਗ ਵਿੱਚ ਸਪੱਸ਼ਟ ਕੀਤਾ ਕਿ ਗ੍ਰਹਿ ਵਿਭਾਗ ਵੱਲੋਂ ਅਜਿਹੀਆਂ ਕੋਈ ਹਦਾਇਤਾਂ ਨਹੀਂ ਦਿੱਤੀਆਂ ਗਈਆਂ ਸਨ। ਲੋਕਲ ਪੱਧਰ ’ਤੇ ਸੁਰੱਖਿਆ ਸਮੀਖਿਆ ਲਈ ਪੁਲੀਸ ਅਧਿਕਾਰੀ ਗਏ ਹੋਣਗੇ।

 

ਪੰਜਾਬ ਨੂੰ 20 ਸਾਲਾਂ ਅੰਦਰ 22.44 ਫ਼ੀਸਦ ਵੱਧ ਹਿੱਸਾ ਮਿਲਿਆ: ਹਰਿਆਣਾ

ਪੰਚਕੂਲਾ (ਪੀ.ਪੀ ਵਰਮਾ): ਹਰਿਆਣਾ ਦੀ ਸਿੰਜਾਈ ਦੇ ਜਲ ਸਰੋਤ ਮੰਤਰੀ ਸ਼ਰੁਤੀ ਚੌਧਰੀ ਨੇ ਕਿਹਾ ਕਿ ਪੰਜਾਬ ਦਾ ਦਾਅਵਾ ਕਿ ਹਰਿਆਣਾ ਮਾਰਚ 2025 ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ, ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਦੀ ਇਹ ਟਿੱਪਣੀ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪੰਜਾਬ ਨੇ 30 ਅਪਰੈਲ ਨੂੰ ਬੀਬੀਐੱਮਬੀ ਨੂੰ ਦੱਸਿਆ ਸੀ ਕਿ ਹਰਿਆਣਾ ਨੇ ਆਪਣੇ ਹਿੱਸੇ ਦੇ 103 ਫੀਸਦ ਪਾਣੀ ਦੀ ਖਪਤ ਕਰ ਲਈ ਹੈ। ਚੌਧਰੀ ਨੇ ਦੱਸਿਆ ਕਿ 2024 ਦੇ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਪੰਜਾਬ ਨੂੰ ਉਸ ਦੇ ਹਿੱਸੇ ਤੋਂ 9.30 ਫੀਸਦ ਵੱਧ ਜਦਕਿ ਹਰਿਆਣਾ ਨੂੰ 0.198 ਫੀਸਦ ਘੱਟ ਪਾਣੀ ਮਿਲਿਆ ਹੈ। ਇਸ ਤੋਂ ਇਲਾਵਾ ਪਿਛਲੇ 20 ਸਾਲਾਂ ਦੇ ਲੇਖੇ-ਜੋਖੇ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਨੂੰ ਉਸ ਦੇ ਹਿੱਸੇ ਤੋਂ 22.44 ਫੀਸਦ ਜਦਕਿ ਹਰਿਆਣਾ ਨੂੰ ਉਸ ਦੇ ਹਿੱਸੇ ’ਚੋਂ 7.67 ਵੱਧ ਪਾਣੀ ਮਿਲਿਆ ਹੈ।

Advertisement