ਪਾਣੀਆਂ ਦੇ ਮਾਮਲੇ ’ਤੇ ਸੜਕਾਂ ’ਤੇ ਉੱਤਰੀ ‘ਆਪ’
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 1 ਮਈ
ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਇੱਕ ਵਾਰ ਫਿਰ ਸਿਆਸਤ ਭਖ਼ ਗਈ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਵਾਲੰਟੀਅਰਾਂ ਨੇ ਅੱਜ ਇੱਥੋਂ ਦੇ ਫੇਜ਼-7 ਵਿੱਚ ਟਰੈਫਿਕ ਲਾਈਟ ਪੁਆਇੰਟ ’ਤੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਹਰਿਆਣਾ ਨੂੰ ਧੱਕੇ ਨਾਲ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਪੰਜਾਬ ਵਿਰੋਧੀ ਕਰਾਰ ਦਿੰਦਿਆਂ ‘ਆਪ’ ਲੀਡਰਸ਼ਿਪ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ। ਧਰਨਾ ਪ੍ਰਦਰਸ਼ਨ ਦੀ ਅਗਵਾਈ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਨੇ ਕੀਤੀ।
ਪ੍ਰਭਜੋਤ ਕੌਰ ਨੇ ਕਿਹਾ ਕਿ ਕੇਂਦਰ, ਪੰਜਾਬ ਨਾਲ ਮਤਰੇਆ ਵਿਹਾਰ ਕਰ ਰਿਹਾ ਹੈ ਪਰ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਦੀ ਬੂੰਦ ਅਜਾਈਂ ਨਹੀਂ ਜਾਣ ਦੇਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਪਾਣੀਆਂ ’ਤੇ ਡਾਕਾ ਨਹੀਂ ਵੱਜਣ ਦੇਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਨੇ 20 ਮਈ ਤੱਕ ਦਾ ਆਪਣਾ ਨਿਰਧਾਰਿਤ ਕੋਟਾ 31 ਮਾਰਚ ਤੱਕ ਖ਼ਤਮ ਕਰ ਲਿਆ ਹੈ ਪਰ ਹੁਣ ਧੱਕੇ ਨਾਲ ਨੱਕਾ ਨਹੀਂ ਤੋੜਨ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਿੰਨਾਂ ਡੈਮਾਂ ਵਿੱਚ ਪਾਣੀ ਲੋੜੀਂਦੇ ਪੱਧਰ ਤੋਂ ਥੱਲੇ ਹੈ, ਇਸ ਲਈ ਵਾਧੂ ਪਾਣੀ ਨਹੀਂ ਦਿੱਤਾ ਜਾ ਸਕਦਾ।
ਸੰਨੀ ਆਹਲੂਵਾਲੀਆ ਨੇ ਕਿਹਾ ਕਿ ਹਰਿਆਣਾ ਲਈ ਵਾਧੂ ਪਾਣੀ ਦੇਣਾ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੱਕਾ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ 23 ਅਪਰੈਲ ਦੀ ਮੀਟਿੰਗ ਵਿੱਚ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਪਹਿਲਾਂ ਹੀ ਇਹ ਗੱਲ ਰੱਖ ਚੁੱਕੇ ਹਨ ਕਿ ਸਾਡੇ ਕੋਲ ਵਾਧੂ ਪਾਣੀ ਨਹੀਂ ਹੈ ਤਾਂ ਕੇਂਦਰ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਧੱਕਾ ਕਰਨਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੋਵਿੰਦਰ ਮਿੱਤਲ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਕੌਂਸਲਰ ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਸਾਬਕਾ ਏਆਈਜੀ ਸਰਬਜੀਤ ਸਿੰਘ ਪੰਧੇਰ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਬਲਜੀਤ ਸਿੰਘ ਹੈਪੀ ਸਮੇਤ ‘ਆਪ’ ਵਲੰਟੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਿਹੈ ਕੇਂਦਰ: ਵੜਿੰਗ
ਅਮਲੋਹ (ਰਾਮ ਸ਼ਰਨ ਸੂਦ): ਹਰਿਆਣਾ ਅਤੇ ਕੇਂਦਰ ਸਰਕਾਰਾਂ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਅਤੇ ਬੀਬੀਐੱਮਬੀ ਵੱਲੋਂ ਚੁੱਕੇ ਜਾ ਰਹੇ ਕਦਮਾਂ ਖ਼ਿਲਾਫ਼ ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਅਗਵਾਈ ’ਚ ਪ੍ਰਧਾਨ ਟਰਾਂਸਪੋਰਟ ਸੈੱਲ ‘ਆਪ’ ਸ਼ਿੰਗਾਰਾ ਸਿੰਘ ਸਲਾਣਾ ਸਣੇ ‘ਆਪ’ ਦੇ ਆਗੂਆਂ, ਕਾਰਕੁਨਾਂ ਤੇ ਆਮ ਲੋਕਾਂ ਵੱਲੋਂ ਸ਼ਹਿਰ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਪ੍ਰਦਰਸ਼ਨ ਕਰਦਿਆਂ ਹਰਿਆਣਾ ਅਤੇ ਕੇਂਦਰ ਸਰਕਾਰਾਂ ਸਣੇ ਬੀਬੀਐੱਮਬੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ‘ਆਪ’ ਆਗੂਆਂ ਨੇ ਸਪਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤਾਂ ਦੀ ਸਿੰਜਾਈ ਲਈ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ। ਆਗੂਆਂ ਨੇ ਕਿਹਾ ਕਿ ਬੀਬੀਐੱਮਬੀ ਪੰਜਾਬ ਖ਼ਿਲਾਫ਼ ਮਤੇ ਪਾਸ ਕਰ ਰਿਹਾ ਹੈ।