ਪਾਣੀਆਂ ਦੇ ਮੁੱਦੇ ’ਤੇ ਪੰਜਾਬ ’ਚ ਸਿਆਸਤ ਘਮਸਾਣ: ਆਮ ਆਦਮੀ ਪਾਰਟੀ ਵੱਲੋਂ ਕੇਂਦਰ ਖ਼ਿਲਾਫ਼ ਮੁਜ਼ਾਹਰੇ
ਜੋਗਿੰਦਰ ਸਿੰਘ ਮਾਨ
ਮਾਨਸਾ, 1 ਮਈ
ਭਾਖੜਾ ਨਹਿਰ ਦੇ ਪਾਣੀ ਦੇ ਵਿਵਾਦ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਭੜਕ ਗਏ ਹਨ। ਪਾਰਟੀ ਵੱਲੋਂ ਅੱਜ ਮਾਲਵਾ ਖੇਤਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵੱਲੋਂ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਹਰਕਤਾਂ ਖ਼ਿਲਾਫ਼ ਨਾਅਰੇ ਲਾਏ। ਮਾਨਸਾ ਜ਼ਿਲ੍ਹੇ ਵਿੱਚ ਅਜਿਹੇ ਰੋਸ ਪ੍ਰਦਰਸ਼ਨ ਮਾਨਸਾ ਸ਼ਹਿਰ ਤੋਂ ਇਲਾਵਾ ਬੁਢਲਾਡਾ ਅਤੇ ਸਰਦੂਲਗੜ੍ਹ ਵਿੱਚ ਵੀ ਕੀਤੇ ਗਏ ਹਨ। ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਬੀਬੀਐੱਮਬੀ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਲਈ ਆਏ ਦਿਨ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਰਾਖੀ ਲਈ ਡੱਟ ਕੇ ਪਹਿਰਾ ਦੇਵੇਗੀ ਅਤੇ ਕਿਸੇ ਨੂੰ ਵੀ ਰਾਜ ਦੇ ਪਾਣੀਆਂ ਨੂੰ ਖੋਹਣ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦਾ ਸਰੋਕਾਰ ਪੰਜਾਬ ਨਾਲ ਹੀ ਹੈ ਅਤੇ ਕਿਸੇ ਨੂੰ ਵੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਉਸ ਦੇ ਕਾਨੂੰਨੀ ਹੱਕ ਤੋਂ ਸੱਖਣਾ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨ ਪ੍ਰਤੀ ਦਿਨ ਡਿੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਚਿੰਤਾਜਨਕ ਸਥਿਤੀ ਵਿੱਚ ਹੇਠਾਂ ਆਇਆ ਹੈ।
ਮਹਿਲ ਕਲਾਂ (ਲਖਵੀਰ ਸਿੰਘ ਚੀਮਾ): ਪੰਜਾਬ ਅਤੇ ਹਰਿਆਣਾ ਦਰਮਿਆਨ ਪਾਣੀ ਦੇ ਵਿਵਾਦ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਮਹਿਲ ਕਲਾਂ ਮਾਰਕੀਟ ਕਮੇਟੀ ਅੱਗੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ ਦੀ ਅਗਵਾਈ ਵਿੱਚ ਭਾਜਪਾ ਵਿਰੁੱਧ ਰੋੋਸ ਪ੍ਰਦਰਸ਼ਨ ਕੀਤਾ ਗਿਆ। ਚੇਅਰਮੈਨ ਬਾਵਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਅਤੇ ਹਰਿਆਣਾ ਸਰਕਾਰ ਪੰਜਾਬ ਦੇ ਪਾਣੀ ਦੇ ਹੱਕ ਉਪਰ ਡਾਕਾ ਮਾਰਨਾ ਚਾਹੁੰਦੀ ਹੈ ਪਰ ਪੰਜਾਬ ਕੋਲ ਕਿਸੇ ਹੋਰ ਸੂਬੇ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਪਾਣੀ ਲਈ ਸਖ਼ਤ ਸਟੈਂਡ ਲਿਆ ਗਿਆ ਹੈ ਜਿਸ ਕਰਕੇ ਸਮੁੱਚਾ ਆਮ ਆਦਮ ਪਾਰਟੀ ਦਾ ਕੇਡਰ ਅਤੇ ਪੰਜਾਬ ਦੇ ਲੋਕ ਪੰਜਾਬ ਸਰਕਾਰ ਨਾਲ ਡੱਟ ਕੇ ਖੜ੍ਹੇ ਹਨ।
ਫ਼ਰੀਦਕੋਟ (ਕਮਲਜੀਤ ਕੌਰ): ਅੱਜ ਇੱਥੇ ਆਪ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਉੱਪਰ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦੇ ਮਾਮਲੇ ਵਿੱਚ ਗੈਰਕਾਨੂੰਨੀ ਦਖ਼ਲ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ ਕੀਤਾ। ਫ਼ਰੀਦਕੋਟ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਹੱਕਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੀਬੀਐੱਮਬੀ ਤੋਂ ਹਰਿਆਣਾ ਨੂੰ ਪਾਣੀ ਦੇਣਾ ਗੈਰ-ਕਾਨੂੰਨੀ ਹੈ। ‘ਆਪ’ ਆਗੂਆਂ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਆਵਾਜ਼ ਉਠਾਉਂਦਿਆਂ ਭਾਜਪਾ ਸਰਕਾਰ ਖ਼ਿਲਾਫ਼ ਸ਼ਹਿਰ ਦੇ ਘੰਟਾ ਘਰ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਰਾਜ ਸਰਕਾਰਾਂ ਨੇ ਮਿਲ ਕੇ ਪੰਜਾਬ ਤੋਂ ਪੰਜਾਬ ਦੇ ਹਿੱਸੇ ਦਾ 8500 ਕਿਊਸਿਕ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਪੰਜਾਬ ਭਾਜਪਾ ਦੇ ਆਗੂਆਂ ਨੂੰ ਇਸ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕਾਂਗਰਸ ਆਗੂਆਂ ਨੂੰ ਵੀ ਇਸ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਇਸ ਦਾ ਸੰਤਾਪ ਭੋਗ ਚੁੱਕਾ ਹੈ ਅਤੇ ਭਾਜਪਾ ਪੰਜਾਬ ਨੂੰ ਫਿਰ ਤੋਂ ਕਾਲੇ ਸਮੇਂ ਵੱਲ ਲੈ ਜਾ ਰਹੀ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਪਾਣੀ ਦੇ ਮਾਮਲੇ ਵਿੱਚ ਗੈਰ-ਕਾਨੂੰਨੀ ਦਖ਼ਲ ਨਹੀਂ ਕਰਨਾ ਚਾਹੀਦਾ।
ਬਠਿੰਡਾ (ਮਨੋਜ ਸ਼ਰਮਾ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ। ਇਸ ਧੱਕੇ ਦੇ ਵਿਰੋਧ ਕਰਦੇ ਹੋਏ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ, ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਦੀ ਅਗਵਾਈ ਹੇਠ ਇਕੱਠੇ ਹੋਏ ਆਪ ਆਗੂਆਂ ਨੇ ਬਠਿੰਡਾ ਦੇ ਫ਼ਾਇਰ ਬ੍ਰਗੇਡ ਚੌਕ ਵਿੱਚ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਧੱਕੇ ਨਾਲ ਪਾਣੀ ਛੱਡਣਾ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਭਾਖੜਾ ਡੈਮ ਤੋਂ ਗੁਆਂਢੀ ਸੂਬੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ।
ਫ਼ਿਰੋਜ਼ਪੁਰ (ਸੰਜੀਵ ਹਾਂਡਾ): ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਰਾਹੀਂ ਪੰਜਾਬ ਦੇ ਪਾਣੀਆਂ ’ਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਾਰੇ ਜਾ ਰਹੇ ਕਥਿਤ ਡਾਕੇ ਵਿਰੁੱਧ ਆਮ ਆਦਮੀ ਪਾਰਟੀ ਨੇ ਅੱਜ ਫ਼ਿਰੋਜ਼ਪੁਰ ਛਾਉਣੀ ’ਚ ਪ੍ਰਦਰਸ਼ਨ ਕੀਤਾ। ਮਾਰਕੀਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਅਤੇ ਵਾਲੰਟੀਅਰਾਂ ਨੇ ਸ਼ਹੀਦ ਰਾਕੇਸ਼ ਪਾਇਲਟ ਚੌਕ ਵਿੱਚ ਇਕੱਠੇ ਹੋ ਕੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਚੇਅਰਮੈਨ ਬੇਅੰਤ ਸਿੰਘ ਹਕੂਮਤ ਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ‘ਤੇ ਕਿਸੇ ਵੀ ਤਰ੍ਹਾਂ ਦਾ ‘ਡਾਕਾ’ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ, ਦਿੱਲੀ ਅਤੇ ਹਰਿਆਣਾ ਵਿੱਚ ਭਾਜਪਾ ਸਰਕਾਰਾਂ ਪੰਜਾਬ ਦੇ ਪਾਣੀ ਖੋਹਣ ਲਈ ਇਕਜੁੱਟ ਹੋ ਗਈਆਂ ਹਨ ਪਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਵਿਕਰਮਜੀਤ ਸਿੰਘ ਢਿੱਲੋ ਬਲਾਕ ਪ੍ਰਧਾਨ, ਰੋਬੀ ਸੰਧੂ, ਭੁਪਿੰਦਰ ਕੌਰ, ਪਰਮਜੀਤ ਸਿੰਘ, ਗੁਰਮੀਤ ਸਿੰਘ ਸਰਪੰਚ, ਗੁਰਜੰਟ ਸਿੰਘ ਸਮੇਤ ਵਾਲੰਟੀਅਰ ਹਾਜ਼ਰ ਸਨ।