ਪਾਣੀ ’ਤੇ ਰਾਜਨੀਤੀ ਨਾ ਕਰੇ ਪੰਜਾਬ: ਸੈਣੀ
ਪੀਪੀ ਵਰਮਾ
ਪੰਚਕੂਲਾ, 8 ਮਈ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇਥੇ ਗੁਰਦੁਆਰਾ ਨਾਢਾ ਸਾਹਿਬ ਵਿੱਚ ਨਤਮਸਤਕ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਇੱਕ ਸਨ, ਉਦੋਂ ਕੋਈ ਵਿਤਕਰਾ ਨਹੀਂ ਸੀ ਪਰ ਅੱਜ ਪੰਜਾਬ ਸਰਕਾਰ ਆਪਣੇ ਰਾਜਨੀਤਕ ਹਿੱਤਾਂ ਲਈ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਿਰਫ਼ ਆਪਣੇ ਹਿੱਸੇ ਦਾ ਪਾਣੀ ਮੰਗ ਰਿਹਾ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਸ ਮਾਮਲੇ ’ਤੇ ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਅਤੇ ਵਿਚਾਰਨ ਤੋਂ ਬਾਅਦ ਆਪਣਾ ਫ਼ੈਸਲਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਨਾ ਮੰਨਣਾ ਸੰਵਿਧਾਨਕ ਬੈਂਚ ਦਾ ਅਪਮਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਲੋੜ ਹੈ ਪਰ ਪੰਜਾਬ ਦਾ ਮੁੱਖ ਮੰਤਰੀ ਆਪਣੀ ਰਾਜਨੀਤੀ ਚਮਕਾਉਣ ਲਈ ਪਾਣੀ ਨੂੰ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਡੈਮ ਵਿੱਚ ਪਾਣੀ ਦਾ ਪੱਧਰ ਹੁਣ ਨਾਲੋਂ ਘੱਟ ਸੀ, ਉਦੋਂ ਵੀ ਹਰਿਆਣਾ ਨੂੰ ਆਪਣਾ ਪੂਰਾ ਹਿੱਸਾ ਪਾਣੀ ਮਿਲਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਪਾਣੀਆਂ ’ਤੇ ਸਿਆਸਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਣੀ ਦੇ ਮਸਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਸਵੀਕਾਰ ਕਰਨ ਅਤੇ ਹਰਿਆਣਾ ਦਾ ਪਾਣੀ ਛੱਡਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਸਕੱਤਰ ਪ੍ਰਵੀਨ ਆਤਰੇ, ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬੰਤੋ ਕਟਾਰੀਆ, ਜ਼ਿਲ੍ਹਾ ਪ੍ਰਧਾਨ ਅਜੈ ਮਿੱਤਲ, ਹਰਿਆਣਾ ਐਗਰੋ ਦੇ ਚੇਅਰਮੈਨ ਸ਼ਿਆਮ ਲਾਲ ਬਾਂਸਲ, ਤੇ ਹਾਜ਼ਰ ਸਨ।