ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਣੀ ਦੇ ਮੁੱਦੇ ’ਤੇ ‘ਆਪ’ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ

05:58 AM May 02, 2025 IST
featuredImage featuredImage
ਲੁਧਿਆਣਾ ਵਿੱਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾਂਦੇ ‘ਆਪ’ ਆਗੂਆਂ ਨੂੰ ਰੋਕਦੇ ਹੋਏ ਪੁਲੀਸ ਮੁਲਾਜ਼ਮ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 1 ਮਈ
ਸਨਅਤੀ ਸ਼ਹਿਰ ਵਿੱਚ ਬੀਬੀਐੱਮਬੀ ਰਾਹੀਂ ਪੰਜਾਬ ਦੇ ਪਾਣੀ ਦਾ ਮੁੱਦਾ ਕਾਫ਼ੀ ਗਰਮਾ ਗਿਆ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ‘ਆਪ’ ਦੇ ਵਿਧਾਇਕ ਤੇ ਆਗੂਆਂ ਦੇ ਨਾਲ ਅੱਜ ਭਾਜਪਾ ਦਫ਼ਤਰ ਘੇਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁੱਜੇ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ‘ਆਪ’ ਤੇ ਭਾਜਪਾ ਦੇ ਆਗੂ ਆਹਮੋਂ ਸਾਹਮਣੇ ਵੀ ਹੋ ਗਏ। ਦੋਵਾਂ ਪਾਰਟੀ ਦੇ ਆਗੂਆਂ ਨੇ ਇੱਕ ਦੂਜੇ ਦੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਪ੍ਰਦਰਸ਼ਨ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਪਾਣੀ ਲੁੱਟ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ। ਗੱਲਬਾਤ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਕੇਂਦਰ ਅਤੇ ਦਿੱਲੀ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੇ ਪੰਜਾਬ ਦੇ ਕੀਮਤੀ ਜਲ ਸਰੋਤਾਂ ਨੂੰ ਖੋਹਣ ਲਈ ਪੰਜਾਬ ਵਿਰੁੱਧ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਕਾਇਰਾਨਾ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਸਰਕਾਰ ਨੂੰ ਜੋ ਵੀ ਕਦਮ ਚੁੱਕਣੇ ਪੈਣਗੇ ਉਹ ਚੁੱਕੇ ਜਾਣਗੇ। ਉਨ੍ਹਾਂ ਨੇ ਪੰਜਾਬ ਦੇ ਭਾਜਪਾ ਆਗੂਆਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਚੁਣੌਤੀ ਵੀ ਦਿੱਤੀ ਅਤੇ ਇਸ ਮਾਮਲੇ ’ਤੇ ਉਨ੍ਹਾਂ ਦੀ ਚੁੱਪੀ ’ਤੇ ਸਵਾਲ ਉਠਾਉਂਦੇ ਹੋਏ ਇਸ ਨੂੰ ਪੰਜਾਬ ਰਾਜ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਦੱਸਿਆ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਗੁਆਂਢੀ ਰਾਜ ਹਰਿਆਣਾ ਪਹਿਲਾਂ ਹੀ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਚੁੱਕੇ ਹਨ। ਕੇਂਦਰ ਸਰਕਾਰ ਨੇ ਗੁਆਂਢੀ ਰਾਜਾਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਿਕ ਖੇਤਰ ਨੂੰ ਨੁਕਸਾਨ ਪਹੁੰਚਾਇਆ ਹੈ। ਹੁਣ ਉਨ੍ਹਾਂ ਨੇ ਰਿਪੇਰੀਅਨ ਸੂਬੇ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਅਜਿਹੇ ਨਾਪਾਕ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਰਾਹੀਂ ਪੰਜਾਬ ਦੇ ਕੀਮਤੀ ਪਾਣੀ ਦੇ 8,500 ਕਿਊਸਿਕ ਹਰਿਆਣਾ ਨੂੰ ਛੱਡਣ ਦਾ ਸਖ਼ਤ ਨਿਰਦੇਸ਼ ਜਾਰੀ ਕੀਤਾ ਹੈ ਜਿਸ ਨਾਲ ਪੰਜਾਬ ਵਿੱਚ ਸੰਕਟ ਪੈਦਾ ਹੋ ਸਕਦਾ ਹੈ। ਮੰਤਰੀ ਮੁੰਡੀਆਂ ਨੇ ਉਜਾਗਰ ਕੀਤਾ ਕਿ ਬੀ.ਬੀ.ਐਮ.ਬੀ ਦੇ ਨਿਰਦੇਸ਼ਾਂ ਨਾਲ ਪੰਜਾਬ ਦੇ ਸਿੰਚਾਈ ਪ੍ਰਣਾਲੀਆਂ ਵਿੱਚ ਵਿਘਨ ਪੈਣ, ਖੇਤੀਬਾੜੀ ’ਤੇ ਗੰਭੀਰ ਪ੍ਰਭਾਵ ਪੈਣ ਅਤੇ ਬਿਜਲੀ ਉਤਪਾਦਨ ’ਤੇ ਪੈਣ ਵਾਲੇ ਪ੍ਰਭਾਵਾਂ ਕਾਰਨ ਊਰਜਾ ਸੰਕਟ ਪੈਦਾ ਹੋਣ ਦਾ ਖ਼ਤਰਾ ਹੈ। ਮੁੰਡੀਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਇਸਦੇ ਖੇਤਾਂ ਅਤੇ ਇਸਦੇ ਲੋਕਾਂ ਲਈ ਹੈ। ਇਸ ਮੌਕੇ ’ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਦਲਜੀਤ ਸਿੰਘ ਭੋਲਾ ਗਰੇਵਾਲ, ਜੀਵਨ ਸਿੰਘ ਸੰਗੋਵਾਲ ਅਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਮੌਜੂਦ ਸਨ। ਬਾਅਦ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ, ਉਨ੍ਹਾਂ ਨੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਸਾੜਿਆ।

Advertisement

Advertisement