ਪਾਵਰਕੌਮ ਮੁਲਾਜ਼ਮਾਂ ਵੱਲੋਂ ਸੰਘਰਸ਼ ਲਈ ਲਾਮਬੰਦੀ
ਰਣਬੀਰ ਸਿੰਘ ਮਿੰਟੂ
ਚੇਤਨਪੁਰਾ, 13 ਜੂਨ
ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਰਕਲ ਪ੍ਰਧਾਨ ਮਲਕੀਅਤ ਸਿੰਘ ਸੈਂਸਰਾ ਤੇ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਰਕਲ ਪ੍ਰਧਾਨ ਸੁਖਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਡਾ ਕੁੱਕੜਾਂ ਵਾਲਾ ਵਿਖੇ ਮੀਟਿੰਗ ਹੋਈ। ਆਗੂਆਂ ਨੇ ਦੱਸਿਆ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕੌਮ ਐਂਡ ਟਰਾਂਸਕੋ ਆਊਟਸੋਰਸਡ ਮੁਲਾਜ਼ਮਾਂ ਵਲੋਂ ਸਾਂਝੀ ਕਨਵੈਨਸ਼ਨ ਕਰਕੇ ਅਗਲੇ ਸੰਘਰਸ਼ ਦੀ ਤਿਆਰੀ ਲਈ ਸਾਂਝੀਆਂ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਪੱਖੀ ਨੀਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਸਮਾਰਟ ਮੀਟਰ ਲਗਾ ਕੇ ਰੁਜ਼ਗਾਰ ਖੋਹਿਆ ਜਾ ਰਿਹਾ ਹੈ, ਖਰੜ ਡਿਵੀਜ਼ਨ ਤੇ ਲਾਲੜੂ ਡਿਵੀਜ਼ਨ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਕੇ ਮਹਿਕਮੇ ਦਾ ਨਿੱਜੀਕਰਨ ਕਰਨ ਦੀਆਂ ਸਰਕਾਰ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਭਾਵੇਂ ਬਿਜਲੀ ਮੁਲਾਜ਼ਮਾਂ ਦੇ ਰੋਸ ਨੂੰ ਦੇਖਦੇ ਹੋਏ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ ਹੈ ਪਰ ਸਰਕਾਰ ਵੱਲੋਂ ਨਿੱਜੀਕਰਨ ਦੀ ਨੀਤੀ ਦਾ ਅਮਲ ਰੱਦ ਨਹੀਂ ਕੀਤਾ ਗਿਆ। ਇਨ੍ਹਾਂ ਫੈਸਲਿਆਂ ਖਿਲਾਫ 17 ਜੂਨ ਨੂੰ ਵੱਧ ਤੋਂ ਵੱਧ ਪਰਿਵਾਰਾਂ ਦੀ ਸ਼ਮੂਲੀਅਤ ਕਰਵਾ ਕੇ ਸਰਕਲ ਵਿਖੇ ਧਰਨਾ ਦਿੱਤਾ ਜਾਵੇਗਾ ਅਤੇ 3 ਜੁਲਾਈ ਨੂੰ ਮੁੱਖ ਦਫਤਰ ਪਟਿਆਲਾ ਵਿਖੇ ਸੂਬਾ ਪੱਧਰੀ ਪਰਿਵਾਰਾਂ ਸਮੇਤ ਵਿਸ਼ਾਲ ਸਾਂਝਾ ਧਰਨਾ ਦਿੱਤਾ ਜਾਵੇਗਾ ਤੇ 9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਟੀ. ਐਸ. ਯੂ ਸਰਕਲ ਸਕੱਤਰ ਸੁਖਪਾਲ ਸਿੰਘ ਮਜੀਠਾ, ਕੁੰਦਨ ਲਾਲ ਹਰੀਆਂ, ਮਹਿੰਦਰ ਸਿੰਘ, ਪਰਮਿੰਦਰ ਸਿੰਘ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਅੰਮ੍ਰਿਤਸਰ ਸਰਕਲ ਦੇ ਸਕੱਤਰ ਜਸਪਾਲ ਸਿੰਘ, ਮੀਤ ਪ੍ਰਧਾਨ ਜੋਧ ਸਿੰਘ, ਕੈਸ਼ੀਆਰ ਹਰਦੀਪ ਸਿੰਘ, ਕਰਮਦੀਪ, ਅਜੇਪਾਲ ਸਿੰਘ ਆਦਿ ਆਗੂ ਹਾਜ਼ਰ ਸਨ।