ਪਿੰਡਾਂ ਦੇ ਮੋਹਤਬਰ ਪਾਉਣਗੇ ਮੈਦਾਨਾਂ ’ਚ ਧਮਾਲ!
ਸ਼ਗਨ ਕਟਾਰੀਆ
ਬਠਿੰਡਾ, 20 ਮਈ
ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਬਠਿੰਡਾ (ਦਿਹਾਤੀ) ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਭੱਲਾ ਨੇ ਦੱਸਿਆ ਕਿ ਬੱਚਿਆਂ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਅਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਰਪੰਚਾਂ ਅਤੇ ਪੰਚਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਰਪੰਚਾਂ ਤੇ ਪੰਚਾਂ ਵਿੱਚ 100 ਅਤੇ 200 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥਰੋ, ਰੱਸਾਕਸ਼ੀ ਅਤੇ ਮੂੰਗਲੀਆਂ ਫੇਰਨ ਦੇ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਪਹਿਲੇ ਸਥਾਨ ’ਤੇ ਆਉਣ ਵਾਲੇ ਪਿੰਡ ਨੂੰ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇਗੀ, ਜਦੋਂ ਕਿ ਦੂਜੇ ਨੰਬਰ ’ਤੇ ਆਉਣ ਵਾਲੇ ਪਿੰਡ ਲਈ 3 ਲੱਖ ਅਤੇ ਤੀਜੇ ਨੰਬਰ ’ਤੇ ਆਉਣ ਵਾਲੇ ਪਿੰਡ ਨੂੰ 2 ਲੱਖ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਚਾਂ, ਸਰਪੰਚਾਂ ਦੇ ਇਹ ਮੁਕਾਬਲੇ ਰੋਚਿਕ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸਰਪੰਚਾਂ ਅਤੇ ਪੰਜਾਬ ਪੁਲੀਸ ਦੇ ਖਿਡਾਰੀਆਂ ਵਿਚਕਾਰ ਓਪਨ ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ, ਜੋ ਕਿ ਵੇਖਣ ਯੋਗ ਹੋਵੇਗਾ। ਉਨ੍ਹਾਂ ਦੱਸਿਆ ਕਿ ਖੇਡ ਮੇਲੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਰਪੰਚਾਂ ਤੇ ਪੰਚਾਂ ਦੇ ਮੁਕਾਬਲਿਆਂ ਦੀ ਤਰੀਕ ਅਤੇ ਸਥਾਨ ਬਾਰੇ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਖੇਡਾਂ ਦੀ ਤਿਆਰੀ ਸ਼ੁਰੂ ਕਰ ਦੇਣ।