ਪਿੰਡ ਜਾਹਲਾਂ ਵਿੱਚ ਜਨ ਸੁਵਿਧਾ ਕੈਂਪ ਲਾਇਆ
ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਦਸੰਬਰ
ਪਟਿਆਲਾ ਤਹਿਸੀਲ ਦੇ ਕਈ ਪਿੰਡਾਂ ਦੇ ਲੋਕਾਂ ਲਈ ਅੱਜ ਪਿੰਡ ਜਾਹਲਾਂ ਵਿੱਚ ਜਨ ਸੁਵਿਧਾ ਕੈਂਪ ਲਾ ਕੇ ਐੱਸਡੀਐੱਮ ਮਨਜੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਨ੍ਹਾਂ ’ਚੋਂ ਕਈ ਸਮੱਸਿਆਵਾਂ ਨੂੰ ਮੌਕੇ ’ਤੇ ਹੱਲ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਵਿੱਖ ’ਚ ਵੀ ਅਜਿਹੇ ਕੈਂਪ ਲੱਗਦੇ ਰਹਿਣਗੇ। ਇਸ ਦੌਰਾਨ ਜਾਹਲਾਂ, ਬਿਸ਼ਨਪੁਰ ਛੰਨਾ, ਬਰਸਟ, ਰਣਬੀਰਪੁਰ, ਚੂਹੜਪੁਰ ਕਲਾਂ, ਧਬਲਾਨ, ਸੈਣੀ ਮਾਜਰਾ ਤੇ ਵਜੀਦਪੁਰ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਲਾਭ ਉਠਾਇਆ। ਐੱਸਡੀਐੱਮ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਮੌਕੇ ਜਾਹਲਾਂ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਦੌਰਾਨ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ’ਚ ਚੱਕਰ ਨਹੀਂ ਲਗਾਉਣੇ ਪੈਂਦੇ ਹਨ। ਕੈਂਪ ਮੌਕੇ ਸਮਾਜਿਕ ਸੁਰੱਖਿਆ, ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜ਼ਾਂ ਦੀ ਜਾਂਚ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜ਼ਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂਡੀਆਈਡੀ ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ। ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।