ਪੀਆਰਟੀਸੀ ਤੇ ਪਨਬੱਸ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ
ਸੰਜੀਵ ਹਾਂਡਾ
ਫ਼ਿਰੋਜ਼ਪੁਰ, 11 ਮਈ
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਅੱਜ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਐਲਾਨ ਕੀਤਾ ਕਿ ਜੇਕਰ 19 ਮਈ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 20, 21 ਅਤੇ 22 ਮਈ ਨੂੰ ਤਿੰਨ ਰੋਜ਼ਾ ਹੜਤਾਲ ਕੀਤੀ ਜਾਵੇਗੀ ਅਤੇ 22 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਹੜਤਾਲ ਅਣਮਿੱਥੇ ਸਮੇਂ ਲਈ ਕੀਤੀ ਜਾਵੇਗੀ। ਯੂਨੀਅਨ ਦੇ ਸੂਬਾ ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮ ਸਮੇਂ-ਸਮੇਂ ’ਤੇ ਸੰਘਰਸ਼ ਕਰ ਕੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਂਦੇ ਰਹੇ ਹਨ ਪਰ ਸਰਕਾਰ ਹਮੇਸ਼ਾ ਮੰਗਾਂ ਨੂੰ ਟਾਲਦੀ ਰਹੀ ਹੈ ਜਾਂ ਅਫ਼ਸਰਸ਼ਾਹੀ ਵੱਲੋਂ ਲਾਗੂ ਨਹੀਂ ਕੀਤੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਜਦੋਂ ਵੀ ਸੂਬੇ ਜਾਂ ਦੇਸ਼ ’ਤੇ ਕੋਈ ਸੰਕਟ ਆਉਂਦਾ ਹੈ ਤਾਂ ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਮੂਹਰਲੀ ਕਤਾਰ ’ਚ ਤਾਇਨਾਤ ਕੀਤਾ ਜਾਂਦਾ ਹੈ ਅਤੇ ਅਣਸੁਖਾਵੀਂ ਘਟਨਾ ਹੋਣ ’ਤੇ ਸਰਕਾਰ ਕੱਚੇ ਮੁਲਾਜ਼ਮਾਂ ਦੀ ਕੋਈ ਸਾਰ ਨਹੀਂ ਲੈਂਦੀ। ਯੂਨੀਅਨ ਦੇ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ ਅਤੇ ਖਜ਼ਾਨਚੀ ਬਲਜੀਤ ਸਿੰਘ ਅਤੇ ਰਮਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪਹਿਲੀ ਜੁਲਾਈ 2024 ਨੂੰ ਮੀਟਿੰਗ ਕਰਕੇ ਕਮੇਟੀ ਬਣਾਉਣ ਅਤੇ ਮਹੀਨੇ ਵਿੱਚ ਮੰਗਾਂ ਮੰਨਣ ਲਈ ਟਰਾਂਸਪੋਰਟ ਵਿਭਾਗ ਦੀ ਵੱਖਰੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਸੀ ਪਰ ਅਜੇ ਤੱਕ ਮਸਲੇ ਹੱਲ ਨਹੀਂ ਹੋਏ।
ਸਮੇਂ-ਸਮੇਂ ’ਤੇ ਹੋਈਆਂ ਮੀਟਿੰਗਾਂ ਵਿੱਚ ਟਰਾਂਸਪੋਰਟ ਮੰਤਰੀ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਅਤੇ 9 ਅਪਰੈਲ ਨੂੰ ਟਰਾਂਸਪੋਰਟ ਮੰਤਰੀ, ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਨੇ ਵੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਅਤੇ ਠੇਕੇਦਾਰਾਂ ਨੂੰ ਬਾਹਰ ਕੱਢਣ ਲਈ 15 ਦਿਨਾਂ ਵਿੱਚ ਕੈਬਨਿਟ ਮੀਟਿੰਗ ’ਚ ਨੀਤੀ ਲਿਆਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਕੋਈ ਵਾਅਦਾ ਪੂਰਾ ਨਹੀਂ ਹੋਇਆ।