ਪੀਐੱਸਯੂ ਵੱਲੋਂ ਸਰਕਾਰ ਤੇ ਸੰਗਰੂਰ ਪ੍ਰਸ਼ਾਸਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਬਰਨਾਲਾ, 18 ਜੂਨ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਬਿੱਕਰ ਸਿੰਘ ਹਥੋਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਇੱਥੇ ਸਰਕਾਰੀ ਆਈਟੀਆਈ (ਲੜਕੇ) ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੰਗਰੂਰ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅਰਥੀ ਸਾੜੀ ਗਈ।
ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਸੁਖਦੀਪ ਹਥਨ ਨੇ ਕਿਹਾ ਕਿ ਲਗਭਗ ਇੱਕ ਦਹਾਕੇ ਤੋਂ ਉੱਪਰ ਸਮੇਂ ਤੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦਿਵਾਉਣ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਲੰਘੀ 13 ਜੂਨ ਨੂੰ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਦਾ ਸੱਦਾ ਦੇ ਕੇ ਜ਼ੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੂੰ ਹਕੂਮਤ ਦੀ ਸ਼ਹਿ ’ਤੇ ਪੁਲੀਸ ਨੇ ਗ੍ਰਿਫ਼ਤਾਰ ਕਰਕੇ ਬਠਿੰਡਾ ਜੇਲ੍ਹ ’ਚ ਭੇਜ ਦਿੱਤਾ ਹੈ। ਬੁਲਾਰਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੇ ਇਸ ਘਟੀਆ ਰਵਈਏ ਦੀ ਪੀਐੱਸਯੂ ਕਰੜੀ ਨਿੰਦਾ ਕਰਦੀ ਹੈ ਤੇ ਇਸ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਗਿਆ ਹੈ। ਸਿੱਖਿਆਰਥੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਗਈ ਕਿ ਸੰਘਰਸ਼ ਕਮੇਟੀ ਆਗੂ ਬਿੱਕਰ ਸਿੰਘ ਹਥੋਆ ਸਮੇਤ ਬਾਕੀ ਦਲਿਤ ਮਜ਼ਦੂਰਾਂ ਨੂੰ ਜਲਦੀ ਰਿਹਾਅ ਕੀਤਾ ਜਾਵੇ ਅਤੇ ਅਜਿਹਾ ਨਾ ਕਰਨ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਜੋ ਵੀ ਸੱਦਾ ਦਿੱਤਾ ਜਾਵੇਗਾ ਪੰਜਾਬ ਸਟੂਡੈਂਟਸ ਯੂਨੀਅਨ ਉਸ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਵੇਗੀ।
ਇਸ ਮੌਕੇ ਹੁਸਨਪ੍ਰੀਤ ਠੀਕਰੀਵਾਲ, ਜਸ਼ਨ ਖੁੱਡੀ ਕਲਾਂ, ਗੁਰਪ੍ਰੀਤ ਸਿੰਘ ਆਦਿ ਸਿਖਿਆਰਥੀ ਆਗੂ ਵੀ ਹਾਜ਼ਰ ਸਨ।