ਪੀਯੂ ਦੇ ਅਰਥ-ਸ਼ਾਸਤਰ ਵਿਭਾਗ ਦਾ ਨਾਂ ਮਨਮੋਹਨ ਸਿੰਘ ਦੇ ਨਾਮ ’ਤੇ ਰੱਖਿਆ ਜਾਵੇ: ਬਾਂਸਲ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜਨਵਰੀ
ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਪੰਜਾਬ ਯੂਨੀਵਰਸਿਟੀ ਵਿੱਚ ਸਥਿਤ ਅਰਥ-ਸ਼ਾਸਤਰ ਵਿਭਾਗ ਦਾ ਨਾਮ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੇ ਨਾਮ ’ਤੇ ਰੱਖਣ ਦੀ ਮੰਗ ਕੀਤੀ। ਇਸ ਸਬੰਧੀ ਸ੍ਰੀ ਬਾਂਸਲ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਤੇ ’ਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਵਰਸਿਟੀ ਦੇ ਅਰਥ-ਸ਼ਾਸਤਰ ਵਿਭਾਗ ਦਾ ਨਾਮ ‘ਡਾ ਮਨਮੋਹਨ ਸਿੰਘ ਸਕੂਲ ਆਫ ਇਕਨੌਮਿਕਸ’ ਰੱਖਿਆ ਜਾਵੇ। ਸ੍ਰੀ ਬਾਂਸਲ ਨੇ ਪੱਤਰ ਵਿੱਚ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਪੰਜਾਬ ’ਵਰਸਿਟੀ ਤੋਂ ਸਿੱਖਿਆ ਹਾਸਲ ਕੀਤੀ ਸੀ। ਇਸ ਤੋਂ ਬਾਅਦ ਉਹ ਅਰਥ-ਸ਼ਾਸਤਰ ਵਿਭਾਗ ਵਿੱਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਵੀ ਨਿਭਾਅ ਚੁੱਕੇ ਹਨ।
ਮਨਮੋਹਨ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਬਡਹੇੜੀ
ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਪੁਰਸਕਾਰ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਵਧੇਰੇ ਕੰਮ ਕੀਤੇ ਹਨ। ਇਸ ਤੋਂ ਇਲਾਵਾ ਸਿੱਖਾਂ ਦਾ ਨਾਮ ਦੁਨੀਆ ਭਰ ਵਿੱਚ ਰੋਸ਼ਨ ਕੀਤਾ ਹੈ।