ਪੁਲੀਸ ਮੁਕਾਬਲੇ ’ਚ ਤਿੰਨ ਮੁਲਜ਼ਮ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਾਰਚ
ਰੋਹਿਣੀ ਜ਼ਿਲ੍ਹੇ ਦੇ ਬੇਗਮਪੁਰ ਥਾਣਾ ਖੇਤਰ ਵਿੱਚ ਬੀਤੀ ਦੇਰ ਰਾਤ ਏਏਟੀਐੱਸ ਅਤੇ ਲੁਟੇਰਿਆਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਲੁਟੇਰੇ ਫੜੇ ਗਏ। ਮੁਕਾਬਲੇ ਦੌਰਾਨ ਅੱਧੀ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਨ੍ਹਾਂ ਵਿੱਚੋਂ ਦੋ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਰੋਹਿਣੀ ਦੇ ਅੰਬੇਡਕਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੋਵਿੰਦਾ ਵਾਸੀ ਸੁਲਤਾਨਪੁਰੀ, ਕ੍ਰਿਸ਼ਨਾ ਵਾਸੀ ਪੀਤਮਪੁਰਾ ਪਿੰਡ, ਦਾਊਦ ਵਾਸੀ ਮੁਰਾਦਾਬਾਦ ਵਜੋਂ ਹੋਈ ਹੈ। ਇਕੱਲੇ ਗੋਵਿੰਦਾ ’ਤੇ ਸੌ ਤੋਂ ਵੱਧ ਕੇਸ ਦਰਜ ਹਨ। ਕ੍ਰਿਸ਼ਨਾ ਨੇ 40 ਅਤੇ ਦਾਊਦ ਨੇ ਦਰਜਨ ਤੋਂ ਵੱਧ ਅਪਰਾਧਿਕ ਵਾਰਦਾਤਾਂ ਕੀਤੀਆਂ ਹਨ। ਰੋਹਿਣੀ ਜ਼ਿਲ੍ਹਾ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਟੀਮ ਨੇ ਬੇਗਮਪੁਰ ਨੇੜੇ ਇਨ੍ਹਾਂ ਨੂੰ ਫੜਨ ਲਈ ਜਾਲ ਵਿਛਾਇਆ। ਇਸ ਦੌਰਾਨ ਮੁਲਜ਼ਮਾਂ ਨੇ ਪੁਲੀਸ ਟੀਮ ਨੂੰ ਦੇਖਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਗੋਲੀਆਂ ਲੱਗਣ ਕਾਰਨ ਜ਼ਖਮੀ ਹੋ ਗਏ। ਮੁਲਜ਼ਮਾਂ ਕੋਲੋਂ ਚੋਰੀ ਦੀ ਕਰੇਟਾ ਕਾਰ ਅਤੇ ਦੋ ਪਿਸਤੌਲ ਬਰਾਮਦ ਹੋਏ ਹਨ।
ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਇਥੇ ਜ਼ਿਲ੍ਹਾ ਪੁਲੀਸ ਨੇ ਨਸ਼ੀਲੇ ਪਦਾਰਥ ਰੱਖਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵੱਲੋਂ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨੰਦ ਲਾਲ ਤੇ ਓਮ ਕਰਨ ਵਾਸੀ ਬਹਲੀ ਜ਼ਿਲ੍ਹਾ ਸੋਲਨ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਸੂਚਨਾ ਦੇ ਆਧਾਰ ’ਤੇ ਨੰਦ ਲਾਲ ਵਾਸੀ ਬਹਲੀ ਤੇ ਉਸ ਦੇ ਪੁੱਤਰ ਓਮ ਕਰਨ ਦੇ ਕੈਂਟਰ ਨੰਬਰ ਐੱਚਪੀ-12 ਕਿਯੂ 5197 ਵਿੱਚ 10 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ 6 ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।