ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ ਗੋਇੰਦਵਾਲ ਸਾਹਿਬ ਸੁਰੱਖਿਆ ਪੱਖੋਂ ਅਣਗੌਲਿਆ
ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 31 ਦਸੰਬਰ
ਪੱਚੀ ਹਜ਼ਾਰ ਦੀ ਅਬਾਦੀ ਵਾਲੇ ਇਤਿਹਾਸਕ ਨਗਰ ਗੋਇੰਦਵਾਲ ਸਾਹਿਬ ਦੀ ਸੁਰੱਖਿਆ ਥਾਣਾ ਗੋਇੰਦਵਾਲ ਸਾਹਿਬ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ ਦਾਅ ’ਤੇ ਲੱਗੀ ਦਿਖਾਈ ਦੇ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਨਗਰ ਵਿੱਚ ਪਿਛਲੇ ਤਿੰਨ ਦਹਾਕਿਆ ਤੋਂ ਲੱਗ ਰਿਹਾ ਪੁਲੀਸ ਨਾਕਾ ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਸਥਾਨਕ ਲੋਕਾਂ ਵਿੱਚ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਰੋਸ ਹੈ, ਉੱਥੇ ਹੀ ਥਾਣੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ ਇਲਾਕੇ ਵਿੱਚ ਰਾਤ ਸਮੇਂ ਚੱਲ ਰਹੀ ਪੀਸੀਆਰ ਟੀਮ ਦੀ ਗਸ਼ਤ ਬੰਦ ਹੋਣ ਕਾਰਨ ਚੋਰੀ ਅਤੇ ਲੁੱਟ-ਖਸੁੱਟ ਦੀਆਂ ਘਟਨਾਵਾਂ ਵਿੱਚ ਵੀ ਵਾਧਾ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਇਲਾਕੇ ਵਿੱਚ ਅੱਧੀ ਦਰਜਨ ਦੇ ਕਰੀਬ ਬੈਂਕ, ਏਟੀਐੱਮ ਮਸ਼ੀਨ ਤੋਂ ਇਲਾਵਾ ਪੈਟਰੋਲ ਪੰਪ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਪੁਲੀਸ ਮੁਲਾਜ਼ਮਾਂ ਦੀ ਘਾਟ ਕਾਰਨ ਦਾਅ ’ਤੇ ਲੱਗੀ ਦਿਖਾਈ ਦੇ ਰਹੀ ਹੈ। ਕਸਬਾਵਾਸੀਆਂ ਮੁਤਾਬਕ ਨਿੰਮ ਵਾਲੇ ਮੁਹੱਲੇ ਵਿੱਚ ਕਥਿਤ ਨਸ਼ਿਆ ਦਾ ਵੱਧ ਰਿਹਾ ਪ੍ਰਕੋਪ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸਮਾਜ ਸੇਵੀ ਸੁਲੱਖਣ ਸਿੰਘ ਤੁੜ ਨੇ ਆਖਿਆ ਕਿ ਪਵਿੱਤਰ ਨਗਰੀ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਥਾਣਾ ਗੋਇੰਦਵਾਲ ਸਾਹਿਬ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ। ਇਸ ਬਾਬਤ ਸਥਾਨਕ ਪੁਲੀਸ ਪ੍ਰਸ਼ਾਸਨ ਥਾਣੇ ਅੰਦਰ ਪੁਲੀਸ ਮੁਲਾਜ਼ਮਾਂ ਦੀ ਘਾਟ ਹੋਣ ਦਾ ਹਵਾਲਾ ਦੇ ਕੇ ਆਪਣੇ-ਆਪ ਨੂੰ ਬਣਦੀ ਜ਼ਿੰਮੇਵਾਰੀ ਤੋਂ ਪੱਲਾ ਝਾੜਦੇ ਨਜ਼ਰ ਆ ਰਹੇ ਹਨ।
ਮੁਲਾਜ਼ਮਾਂ ਦੀ ਘਾਟ ਪੂਰੀ ਕੀਤੀ ਜਾਵੇਗੀ: ਜ਼ਿਲ੍ਹਾ ਪੁਲੀਸ ਮੁਖੀ
ਜ਼ਿਲ੍ਹਾ ਪੁਲੀਸ ਮੁਖੀ ਅਭਿਮਨਿਊ ਰਾਣਾ ਨੇ ਆਖਿਆ ਕਿ ਜਲਦੀ ਹੀ ਥਾਣਾ ਗੋਇੰਦਵਾਲ ਸਾਹਿਬ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਪੂਰੀ ਕੀਤੀ ਜਾਵੇਗੀ। ਉਸ ਦੇ ਨਾਲ-ਨਾਲ ਨਗਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰਥਕ ਕਦਮ ਚੁੱਕਣਗੇ। ਉਨ੍ਹਾਂ ਆਖਿਆ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।