ਪੁਲੀਸ ਵੱਲੋਂ ਆਈਐੱਸਆਈ ਨਾਲ ਜੁੜੇ ਦੋ ਜਾਸੂਸ ਗ੍ਰਿਫ਼ਤਾਰ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 4 ਮਈ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਭਾਰਤੀ ਸੁਰੱਖਿਆ ਬਲਾਂ ਬਾਰੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਸੂਚਨਾ ਦਿੰਦੇ ਸਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਫਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਾਸੀ ਪਿੰਡ ਬੱਲੜਵਾਲ ਥਾਣਾ ਅਜਨਾਲਾ ਵਜੋਂ ਹੋਈ ਹੈ। ਪੰਜਾਬ ਪੁਲੀਸ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਵਿੱਚ ਫੌਜੀ ਛਾਉਣੀ ਖੇਤਰਾਂ ਤੇ ਹਵਾਈ ਬੇਸ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਪਾਕਿਸਤਾਨ ਵਿੱਚ ਆਪਣੇ ਹੈਂਡਲਰਾਂ ਨੂੰ ਫੌਜ ਦੀਆਂ ਗਤੀਵਿਧੀਆਂ, ਬੀਐੱਸਐੱਫ ਕੈਂਪਾਂ ਦੀ ਸਥਿਤੀ, ਹਵਾਈ ਅੱਡਿਆਂ ਦੀ ਸਥਿਤੀ, ਫੋਟੋਆਂ ਅਤੇ ਹੋਰ ਸੰਵੇਦਨਸ਼ੀਲ ਸੂਚਨਾ ਤੇ ਅਹਿਮ ਜਾਣਕਾਰੀਆਂ ਭੇਜਦੇ ਹਨ। ਉਨ੍ਹਾਂ ਨੂੰ ਸੂਚਨਾ ਦੇਣ ਬਦਲੇ ਪੰਜ ਤੋਂ ਦਸ ਹਜ਼ਾਰ ਰੁਪਏ ਮਿਲਦੇ ਹਨ। ਮੁੱਢਲੀ ਜਾਂਚ ਵਿੱਚ ਖੁਲਾਸਾ ਹੋਇਆ ਕਿ ਹਰਪ੍ਰੀਤ ਸਿੰਘ ਉਰਫ਼ ਪਿੱਟੂ ਨੇ ਪਾਕਿਸਤਾਨੀ ਖੁਫੀਆ ਏਜੰਟਾਂ ਨਾਲ ਦੋਵਾਂ ਦਾ ਸੰਪਰਕ ਕਰਵਾਇਆ ਸੀ ਜੋ ਇਸ ਸਮੇਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ। ਪੁਲੀਸ ਵੱਲੋਂ ਸਰਕਾਰੀ ਭੇਤ ਐਕਟ, ਸੂਚਨਾ ਤਕਨਾਲੋਜੀ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਤਹਿਤ ਕੇਸ ਦਰਜ ਕੀਤਾ ਗਿਆ। ਹਰਪ੍ਰੀਤ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।
ਐੱਸਐੱਸਪੀ ਨੇ ਦੱਸਿਆ ਕਿ ਬਰਾਮਦ ਮੋਬਾਈਲ ਫੋਨ ਦੇ ਡਾਟਾ ਤੋਂ ਖੁਲਾਸਾ ਹੋਇਆ ਕਿ ਉਨ੍ਹਾਂ ਨੇ ਪਹਿਲਗਾਮ ਅਤਿਵਾਦੀ ਹਮਲੇ ਮਗਰੋਂ ਭਾਰਤੀ ਸੁਰੱਖਿਆ ਬਲਾਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਆਈਐੱਸਆਈ ਨੂੰ ਭੇਜਣ ਸਬੰਧੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਸਨ।
ਮੁੱਖ ਮੰਤਰੀ ਵੱਲੋਂ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ’ਤੇ ਪੰਜਾਬ ਪੁਲੀਸ ਦੀ ਸ਼ਲਾਘਾ
ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਿਰੋਧੀ ਗਤੀਵੀਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲੀਸ ਦੀ ਪਿੱਠ ਥਾਪੜੀ ਹੈ। ਸ੍ਰੀ ਮਾਨ ਨੇ ਕਿਹਾ ਕਿ ਇਹ ਪੰਜਾਬ ਪੁਲੀਸ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲੀਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ, ਜਿਸ ਨੂੰ ਪੰਜਾਬ ਬਾਖੂਬੀ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹਾਦਰ ਅਤੇ ਚੌਕਸ ਪੰਜਾਬ ਪੁਲੀਸ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੇ ਇਰਾਦੇ ਨਾਲ ਕੀਤੇ ਗਏ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਕੇ ਆਪਣੀ ਅਮੀਰ ਵਿਰਾਸਤ ਨੂੰ ਕਾਇਮ ਰੱਖ ਰਹੀ ਹੈ।