ਪੁਲੀਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਤਲਾਸ਼ੀ ਮੁਹਿੰਮ
ਪੱਤਰ ਪ੍ਰੇਰਕ
ਜੈਤੋ, 20 ਮਈ
ਡੀਐੱਸਪੀ ਜੈਤੋ ਸੁਖਦੀਪ ਸਿੰਘ ਦੀ ਨਿਗਰਾਨੀ ਹੇਠ ਥਾਣਾ ਜੈਤੋ, ਸੀਆਈਏ ਸਟਾਫ਼ ਜੈਤੋ ਅਤੇ ਆਬਕਾਰੀ ਵਿਭਾਗ ਦੀਆਂ ਟੀਮਾਂ ਨੇ ਇੱਕ ਸਾਂਝਾ ਐਕਸ਼ਨ ਕਰਦਿਆਂ ਇੱਥੋਂ ਦੇ ਛੱਜਘੜ ਮੁਹੱਲੇ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਅਤੇ ਇਸ ਅਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਐੱਸਐੱਸਪੀ ਫ਼ਰੀਦਕੋਟ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਐਕਸਾਈਜ਼ ਮਹਿਕਮੇ ਨਾਲ ਮਿਲ ਕੇ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਇਸ ਮੁਹਿੰਮ ਤਹਿਤ ਕਾਮਯਾਬੀ ਵੀ ਹਾਸਿਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਿਛਲੇ 9 ਮਹੀਨਿਆਂ ਦੌਰਾਨ ਐਕਸਾਈਜ਼ ਐਕਟ ਤਹਿਤ 87 ਮੁਕੱਦਮੇ ਦਰਜ ਕਰਕੇ 103 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਰਾਬ ਤਸਕਰਾਂ ਕੋਲੋਂ 877 ਲਿਟਰ ਨਜਾਇਜ਼ ਸ਼ਰਾਬ, 1852 ਲਿਟਰ ਨਜਾਇਜ਼ ਠੇਕਾ ਸ਼ਰਾਬ ਅਤੇ 1478 ਲਿਟਰ ਲਾਹਣ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵਿਭਾਗ ਗ਼ੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਖ਼ਿਲਾਫ਼ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।