ਪੁਲੀਸ ਵੱਲੋਂ ਬੰਬੀਹਾ ਗਰੋਹ ਦੇ ਅੱਠ ਮੈਂਬਰ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 9 ਜਨਵਰੀ
ਜ਼ਿਲ੍ਹਾ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਬੰਬੀਹਾ ਗੈਂਗ ਨਾਲ ਸਬੰਧਤ ਅੱਠ ਗੈਂਗਸਟਰਾਂ ਨੂੰ ਹਥਿਆਰਾਂ ਤੇ ਨਗਦੀ ਸਣੇ ਗ੍ਰਿਫ਼ਤਾਰ ਕੀਤਾ ਹੈ। ਸੂਚਨਾ ਅਨੁਸਾਰ ਪੁਲੀਸ ਨੇ ਪਵਨਦੀਪ ਸਿੰਘ, ਜਸਕਰਨ ਸਿੰਘ, ਆਕਾਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਜੀਤ ਸਿੰਘ, ਹਰਮਨਦੀਪ ਸਿੰਘ, ਗੁਰਮੀਤ ਸਿੰਘ ਅਤੇ ਲਵਦੀਪ ਸਿੰਘ ਨੂੰ ਰਾਈਫਲ, ਦੋ ਪਿਸਤੌਲ, ਕਾਰਤੂਸ ਅਤੇ ਦੋ ਲੱਖ ਰੁਪਏ ਸਣੇ ਗ੍ਰਿਫ਼ਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਪ੍ਰੱਗਿਆ ਜੈਨ ਨੇ ਕਿਹਾ ਕਿ ਦੋ ਮੁਲਜ਼ਮਾਂ ਨੂੰ ਕੱਲ੍ਹ ਪੁਲੀਸ ਮੁਕਾਬਲੇ ਮਗਰੋਂ ਕਾਬੂ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪਿਛਲੇ ਨੌ ਦਿਨਾਂ ਵਿੱਚ ਅਜਿਹੇ 80 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਇਲਾਕੇ ਵਿੱਚ ਗ਼ੈਰਕਾਨੂੰਨੀ ਗਤੀਵਿਧੀਆਂ ਕਰ ਰਹੇ ਸਨ। ਇਨ੍ਹਾਂ ਵਿੱਚ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੇ ਅਪਰਾਧ ਵੀ ਸ਼ਾਮਲ ਹਨ।
ਗ੍ਰਿਫ਼ਤਾਰ ਕੀਤੇ ਸਾਰੇ ਮੁਲਜ਼ਮਾਂ ਨੂੰ ਇੱਥੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰ ਕੇ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਵੱਡੇ ਖੁ਼ਲਾਸੇ ਹੋਣ ਦੀ ਸੰਭਾਵਨਾ ਹੈ।