ਪੇਂਡੂ ਮਜ਼ਦੂਰਾਂ ਨੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ
ਜਲੰਧਰ, 18 ਜੂਨ
ਪੇਂਡੂ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਅੱਜ ਤੀਸਰੇ ਦਿਨ ਵੀ ਪੰਜਾਬ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਸੂਬਾ ਸਰਕਾਰ ਦੇ ਪੁਤਲੇ ਫੂਕੇ ਗਏ। ਅੱਜ ਇਸ ਕੜੀ ਤਹਿਤ ਯੂਨੀਅਨ ਦੇ ਤਹਿਸੀਲ ਸਕੱਤਰ ਵਿਜੇ ਬਾਠ ਦੀ ਅਗਵਾਈ ਹੇਠ ਪਿੰਡ ਬਾਠਾਂ ਵਿੱਚ ਭਗਵੰਤ ਮਾਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਵਿਜੇ ਬਾਠ ਅਤੇ ਯੂਨੀਅਨ ਦੇ ਤਹਿਸੀਲ ਪ੍ਰਦਾਨ ਕਸ਼ਮੀਰ ਮੰਡਿਆਲਾ ਨੇ ਕਿਹਾ ਕਿ ਕੰਮ ਦਾ ਸੀਜਨ ਹੋਣ ਦੇ ਬਾਵਜੂਦ ਤਹਿਸੀਲ ਦੇ ਕਈ ਪਿੰਡਾਂ ਵਿੱਚ ਰੈਲੀਆਂ ਕਰ ਕੇ ਭਗਵੰਤ ਮਾਨ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਕਰਦਿਆਂ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਸਰਕਾਰ ਦੇ ਕਈ ਪਿੰਡਾਂ ਵਿੱਚ ਪੁਤਲੇ ਫੂਕੇ ਜਾ ਰਹੇ ਹਨ। ਦਰਅਸਲ, ਪੰਜਾਬ ਦੀ ‘ਆਪ’ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲੀਸ ਵੱਲੋਂ ਰਾਜਿਆਂ-ਮਹਾਰਾਜਿਆਂ ਦੀ ਬੇਨਾਮੀ ਜ਼ਮੀਨ ਦਲਿਤ ਤੇ ਬੇਜ਼ਮੀਨੇ ਪੇਂਡੂ ਲੋਕਾਂ ਵਿੱਚ ਵੰਡਣ ਦੀ ਮੰਗ ਕਰਦੇ ਸੰਘਰਸ਼ਸ਼ੀਲ ਮਜ਼ਦੂਰਾਂ ਅਤੇ ਉਨ੍ਹਾਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਕਰਕੇ ਮਜ਼ਦੂਰਾਂ ਵਿੱਚ ਭਾਰੀ ਰੋਸ ਹੈ। ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੰਚ ਵੱਲੋਂ ਜਿੱਥੇ ਕਰੜੇ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਗ੍ਰਿਫ਼ਤਾਰ ਆਗੂਆਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ, ਉੱਥੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸਭਾਵਾਂ ਨੂੰ ਸੱਦਾ ਦਿੱਤਾ ਗਿਆ ਕਿ ਪਿੰਡਾਂ ਵਿੱਚ ਸੂਬਾ ਸਰਕਾਰ ਦੇ ਪੁਤਲੇ ਫੂਕੇ ਜਾਣ।