ਪੇਂਡੂ ਮਜ਼ਦੂਰ ਯੂਨੀਅਨ ਨੇ ਫੂਕੇ ਮੁੱਖ ਮੰਤਰੀ ਦੇ ਪੁਤਲੇ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 25 ਮਈ
ਬੇਗ਼ਮਪੁਰਾ ਵਸਾਉਣ ਦੀ ਮੰਗ ਕਰਦੇ ਮਜ਼ਦੂਰਾਂ ਦੀ ਗ੍ਰਿਫ਼ਤਾਰ ਖ਼ਿਲਾਫ਼ ਅੱਜ ਇਥੇ ਹੋਰ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਫੂਕੇ ਗਏ। ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸਿੱਧਵਾਂ ਕਲਾਂ ਤੇ ਗਗੜਾ ਵਿੱਚ ਅਰਥੀ ਫੂਕ ਮੁਜ਼ਾਹਰਿਆਂ ਮੌਕੇ ਮਜ਼ਦੂਰ ਆਗੂਆਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਜੀਂਦ ਰਿਆਸਤ ਦੇ ਰਾਜੇ ਦੀ ਬੀੜ ਐਸਵਾਨ 927 ਏਕੜ ਜ਼ਮੀਨ ਵਿੱਚ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਇਹ ਗ੍ਰਿਫ਼ਤਾਰੀਆਂ ਹੋਈਆਂ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਪਹਿਲਾਂ ਪੰਜਾਬ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰਕੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੈਂਕੜੇ ਮਜ਼ਦੂਰ ਮਰਦ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹੀਂ ਡੱਕ ਦਿੱਤਾ ਗਿਆ।
ਪੁਲੀਸ ਵਲੋਂ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਗਈ। ਪੰਜਾਬ ਸਰਕਾਰ ਦੀ ਇਸ ਵਧੀਕੀ ਦਾ ਵਿਰੋਧ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਅਰਥੀ ਫੂਕ ਐਕਸ਼ਨ ਦਾ ਪ੍ਰੋਗਰਾਮ ਉਲੀਕਿਆ ਹੈ ਜਿਸ ਤਹਿਤ ਅੱਜ ਪੁਤਲੇ ਫੂਕੇ ਗਏ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਜੇਲ੍ਹਾਂ ਵਿੱਚੋਂ ਸੈਂਕੜੇ ਕਾਰਕੁਨਾਂ ਨੂੰ ਬਿਨ੍ਹਾਂ ਸ਼ਰਤ ਤਰੁੰਤ ਰਿਹਾਅ ਕਰਨ ਦੀ ਜ਼ੋਰਦਾਰ ਮੰਗ ਉਠਾਈ ਗਈ। ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਅਤੇ ਇਲਾਕਾ ਪ੍ਰਧਾਨ ਕੁਲਵੰਤ ਸਿੰਘ ਸੋਨੀ ਨੇ ਕਿਹਾ ਕਿ ਭਗਵੰਤ ਮਾਨ ਮੁੱਖ ਮੰਤਰੀ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੀ ਦਲਾਲੀ ਵਾਲਾ ਰੋਲ ਕਰ ਰਿਹਾ ਹੈ। ਇਕ ਪਾਸੇ ਕਿਸਾਨਾਂ ਦੀ 24000 ਏਕੜ ਤੋਂ ਵੀ ਜ਼ਿਆਦਾ ਉਪਜਾਊ ਜ਼ਮੀਨ ਐਕੁਆਇਰ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਲਈ ਪੱਬਾਂ ਭਾਰ ਹੈ, ਪਰ ਦੂਜੇ ਪਾਸੇ ਜੀਂਦ ਰਿਆਸਤ ਦੇ ਰਾਜੇ ਦੀ 927 ਏਕੜ ਜ਼ਮੀਨ, ਜਿਸ ਦਾ ਕੋਈ ਬਾਲੀ ਵਾਰਿਸ ਨਹੀਂ ਹੈ, ਜ਼ਮੀਨ ਭੂਮੀ ਹੱਦਬੰਦੀ ਕਾਨੂੰਨ ਤਹਿਤ ਬੇਜ਼ਮੀਨੇ ਕਿਸਾਨਾਂ ਮਜ਼ਦੂਰਾਂ ਵਿੱਚ ਤਕਸੀਮ ਕਰਨ ਦੀ ਬਜਾਏ ਚਹੇਤਿਆਂ ਦਾ ਘਰ ਭਰਨ ਲਈ ਤਰਲੋਮੱਛੀ ਹੈ।
ਇਸ ਜ਼ਮੀਨ ’ਤੇ ਬੇਗ਼ਮਪੁਰਾ ਵਸਾ ਕੇ ਜ਼ਮੀਨ ਬੇਜ਼ਮੀਨੇ ਕਿਸਾਨਾਂ ਮਜ਼ਦੂਰਾਂ ਵਿੱਚ ਵੰਡਣ ਦੀ ਮੰਗ ਕਰਨ ਵਾਲਿਆਂ ਦੇ ਮੌਰ ਕੁੱਟ-ਕੁੱਟ ਜੇਲ੍ਹੀਂ ਭੇਜਿਆ ਜਾ ਰਿਹਾ ਹੈ। ਮਜ਼ਦੂਰਾਂ ਨੇ ਜ਼ਮੀਨ ਹੱਦਬੰਦੀ ਕਾਨੂੰਨ ਲਾਗੂ ਕਰਨ ਅਤੇ ਇਸ ਤਹਿਤ ਜੀਂਦ ਰਿਆਸਤ ਦੇ ਰਾਜੇ ਦੀ ਜ਼ਮੀਨ ਬੇਜ਼ਮੀਨੇ ਕਿਸਾਨਾਂ ਮਜ਼ਦੂਰਾਂ ਵਿੱਚ ਤਕਸੀਮ ਕਰਨ 'ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਛਿੰਦਾ, ਜੀਵਨ ਸਿੰਘ, ਭਜਨ ਸਿੰਘ, ਕਰਮ ਸਿੰਘ, ਗੋਗਾ ਸਿੰਘ, ਕਰਨੈਲ ਸਿੰਘ, ਕਾਕਾ ਪੇਂਟਰ, ਪ੍ਰਿਤਪਾਲ ਸਿੰਘ, ਰਮਨਦੀਪ ਕੌਰ, ਮਿੰਦੀ ਕੌਰ, ਭਜਨ ਕੌਰ, ਗੁਰਮੀਤ ਕੌਰ, ਲੱਢਾ ਸਿੰਘ ਤੇ ਹੋਰ ਹਾਜ਼ਰ ਸਨ।