ਪੇਂਡੂ ਮਜ਼ਦੂਰ ਯੂਨੀਅਨ ਨੇ ਮੰਗ ਪੱਤਰ ਸੌਂਪਿਆ
ਲਾਜਵੰਤ ਸਿੰਘ
ਨਵਾਂਸ਼ਹਿਰ, 26 ਮਾਰਚ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਅੱਜ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਮਸਲਿਆਂ ਤੇ ਲੋੜਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਯਾਦ ਪੱਤਰ ਦਿੱਤਾ ਗਿਆ। ਇਸ ਮੌਕੇ ਸੂਬੇ ਦੇ ਆਗੂ ਕਮਲਜੀਤ ਸਨਾਵਾ ਨੇ ਕਿਹਾ ਕਿ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਪਹਿਲਾਂ ਵੀ ਬਹੁਤ ਵਾਰੀ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਦਿੱਤੇ ਹਨ। ਅੱਜ ਫਿਰ ਪ੍ਰਸ਼ਾਸਨ ਨੂੰ ਯਾਦ ਪੱਤਰ ਦੇਣ ਆਏ ਹਨ ਤਾਂ ਜੋ ਪ੍ਰਸ਼ਾਸ਼ਨ ਇਸ ਤੇ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਮਜ਼ਦੂਰ ਆਗੂਆਂ ਨੂੰ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਿਹਾ ਹੈ। ਆਗੂ ਕਿਰਨਜੀਤ ਕੌਰ ਨੇ ਕਿਹਾ ਕਿ ਸਰਕਾਰ ਲੈੰਡ ਸੀਲਿੰਗ ਐਕਟ 1972 ਲਾਗੂ ਕਰਕੇ ਵਾਧੂ ਜ਼ਮੀਨ ਮਜ਼ਦੂਰਾਂ ਤੇ ਛੋਟੇ ਕਿਸਾਨਾਂ ਵਿੱਚ ਵੰਡੀ ਜਾਵੇ ਤੇ ਬੇਜ਼ਮੀਨੇ ਮਜ਼ਦੂਰਾਂ ਦਾ ਬਿਨਾਂ ਸ਼ਰਤ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਇਸ ਮੌਕੇ ਬਲਾਚੌਰ ਦੇ ਇਲਾਕਾ ਆਗੂ ਬਗੀਚਾ ਸਿੰਘ, ਇਲਾਕਾ ਨਵਾਂਸ਼ਹਿਰ ਦੇ ਪ੍ਰਧਾਨ ਸੁਰਿੰਦਰ ਮੀਰਪੁਰੀ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਯਾਦ ਪੱਤਰ ਦੇਣ ਤੋਂ ਬਾਅਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕੀਤਾ ਜਾਵੇਗਾ।