ਪੈਟਰੋਲ ਦੀਆਂ ਬੋਤਲਾਂ ਨਾਲ ਟੈਂਕੀ ’ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 26 ਦਸੰਬਰ
ਈਟੀਟੀ ਕਾਡਰ ਦੀ 5994 ਭਰਤੀ ਦੇ ਕੁੱਲ ਛੇ ਬੇਰੁਜ਼ਗਾਰ ਅਧਿਆਪਕ ਅੱਜ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਅਤੇ ਪਿੰਡ ਮਾਂਗੇਵਾਲ ’ਚ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ ਅਤੇ ਮਰਨ ਵਰਤ ਸ਼ੁਰੂ ਕਰ ਦਿੱਤਾ। ਟੈਂਕੀ ’ਤੇ ਚੜ੍ਹਨ ਵਾਲਿਆਂ ’ਚ ਇੱਕ ਮਹਿਲਾ ਬੇਰੁਜ਼ਗਾਰ ਅਧਿਆਪਕਾ ਵੀ ਸ਼ਾਮਲ ਹੈ। ਜਾਣਕਾਰੀ ਅਨੁਸਾਰ ਸੂਬਾ ਕਮੇਟੀ ਮੈਂਬਰ ਬੱਗਾ ਖੁਡਾਲ, ਆਦਰਸ਼ ਅਬੋਹਰ, ਰਮੇਸ਼ ਅਬੋਹਰ, ਮਨਪ੍ਰੀਤ ਕੰਬੋਜ, ਨੀਲਮ ਅਤੇ ਗੁਰਪ੍ਰੀਤ ਸਿੰਘ ਟੈਂਕੀ ’ਤੇ ਚੜ੍ਹ ਗਏ। ਟੈਂਕੀ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ’ਤੇ ਦੋਸ਼ ਲਾਇਆ ਕਿ ਮੀਟਿੰਗਾਂ ਵਿੱਚ ਹਰ ਵਾਰ ਬਹਾਨਾ ਬਣਾ ਕੇ ਉਨ੍ਹਾਂ ਨੂੰ ਟਾਲ ਦਿੱਤਾ ਜਾਂਦਾ ਹੈ ਪਰ ਜੁਆਇਨ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਆਖਿਆ ਕਿ ਈਟੀਟੀ 5994 ਭਰਤੀ ਸਬੰਧੀ ਪ੍ਰੋਵੀਜ਼ਨਲ ਸਿਲੈਕਸ਼ਨ ਲਿਸਟ ਇਸ ਸਾਲ ਪਹਿਲੀ ਸਤੰਬਰ ਨੂੰ ਜਾਰੀ ਕੀਤੀ ਜਾ ਚੁੱਕੀ ਹੈ ਪਰ ਲਗਪਗ ਚਾਰ ਮਹੀਨੇ ਬੀਤਣ ਦੇ ਬਾਵਜੂਦ ਜੁਆਇਨ ਨਹੀਂ ਕਰਵਾਇਆ ਜਾ ਰਿਹਾ। ਆਗੂਆਂ ਦੱਸਿਆ ਕਿ ਈਟੀਟੀ 5994 ਭਰਤੀ ਦੇ ਬੇਰੁਜ਼ਗਾਰ ਅਧਿਆਪਕ ਪਿਛਲੇ 10 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਚ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਪਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾ ਰਹੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਸਕੂਲਾਂ ਵਿੱਚ ਜੁਆਇਨ ਨਹੀਂ ਕਰਵਾਇਆ ਜਾਂਦਾ, ਉਦੋਂ ਤਕ ਸਾਰੇ ਬੇਰੁਜ਼ਗਾਰ ਅਧਿਆਪਕ ਟੈਂਕੀਆਂ ਉਪਰ ਡਟੇ ਰਹਿਣਗੇ।