ਪੈਨਸ਼ਨਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
ਤਰਨ ਤਾਰਨ, 24 ਅਪਰੈਲ
ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੀ ਪੱਟੀ ਤਹਿਸੀਲ ਇਕਾਈ ਨੇ ਆਪਣੀਆਂ ਮੰਗਾਂ ਸਬੰਧੀ ਅੱਜ ਐੱਸਡੀਐੱਮ ਪੱਟੀ ਦੇ ਦਫ਼ਤਰ ਸਾਹਮਣੇ ਰੋਸ ਵਿਖਾਵਾ ਕੀਤਾ ਅਤੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਹਰਜਿੰਦਰ ਸਿੰਘ ਜੰਡ ਨੇ ਕੀਤੀ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਜਗਤਾਰ ਸਿੰਘ ਆਸਲ, ਜਗਤਾਰ ਸਿੰਘ ਉੱਪਲ, ਸਤਪਾਲ ਸ਼ਰਮਾ, ਕਾਰਜ ਸਿੰਘ ਕੈਰੋਂ ਸਮੇਤ ਹੋਰਨਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬਾ ਸਰਕਾਰ ਦੀਆਂ ਕਥਿਤ ਨਿਕੰਮੀਆਂ ਨੀਤੀਆਂ ਕਰਕੇ ਅੱਜ ਸੂਬਾ ਚਾਰ ਲੱਖ ਕਰੋੜ ਦੇ ਕਰਜ਼ੇ ਹੇਠ ਆ ਗਿਆ ਹੈ ਜਿਸ ਕਰਕੇ ਸੂਬੇ ਵਿੱਚ ਜਿਥੇ ਵਿਕਾਸ ਦੇ ਸਾਰੇ ਕੰਮ ਇਕ ਤਰ੍ਹਾਂ ਨਾਲ ਠੱਪ ਹੋ ਕੇ ਰਹਿ ਗਏ ਹਨ ਉਥੇ ਸਰਕਾਰ ਆਏ ਦਿਨ ਲੋਕਾਂ ’ਤੇ ਟੈਕਸਾਂ ਦਾ ਬੋਝ ਲੱਦ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਵਿੱਤੀ ਹਾਲਤ ਵਿੱਚ ਨਿਘਾਰ ਆ ਜਾਣ ਕਰਕੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਅਤੇ ਪੈਨਸ਼ਨਰਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਸਾੜਦਿਆਂ ਨਾਅਰੇਬਾਜ਼ੀ ਕੀਤੀ।