ਪੈਨਸ਼ਨਰਾਂ ਨੇ ਰੋਸ ਦਿਵਸ ਮਨਾਇਆ
ਪੱਤਰ ਪ੍ਰੇਰਕ
ਅੰਮ੍ਰਿਤਸਰ, 28 ਮਾਰਚ
ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਨੇ ਚੀਫ ਪੈਟਰਨ ਸੁਰਜੀਤ ਸਿੰਘ ਗੁਰਾਇਆ ਅਤੇ ਪ੍ਰਧਾਨ ਸੁਖਦੇਵ ਸਿੰਘ ਪੰਨੂ ਦੀ ਅਗਵਾਈ ਹੇਠ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ। ਇਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ’ਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਪੈਨਸ਼ਨਰ ਦਿਵਸ ਸਮਾਗਮ ਦੀ ਸ਼ੁਰੂਆਤ ਕਰਦਿਆਂ ਸ਼ੁਰੂ ਵਿੱਚ ਪਿਛਲੇ ਸਮੇਂ ਵਿੱਚ ਵਿਛੋੜਾ ਦੇ ਗਏ ਪੈਨਸ਼ਨਰ ਸਾਥੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਜਨਰਲ ਸਕੱਤਰ ਚਰਨ ਸਿੰਘ ਸੰਧੂ ਨੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਬਾਰੇ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਪੈਨਸ਼ਨਰਾਂ ਨੂੰ ਯਕਮੁਸ਼ਤ ਭੁਗਤਾਨ ਕਰਨ ਦਾ ਪੱਤਰ ਜਾਰੀ ਕਰਨ, ਡੀਏ ਦੀਆਂ ਪੈਂਡਿੰਗ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ, ਪਹਿਲਾਂ ਜਾਰੀ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਵੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਸਮਾਗਮ ਵਿੱਚ 80 ਸਾਲ ਤੋਂ ਉਪਰ ਵਾਲੇ 17 ਸੀਨੀਅਰ ਪੈਨਸ਼ਨਰ ਸਾਥੀਆਂ ਦਾ ਸਨਮਾਨ ਕੀਤਾ ਗਿਆ। ਅੰਤ ਵਿੱਚ ਸੁਖਦੇਵ ਸਿੰਘ ਪੰਨੂ ਨੇ ਸਮਾਗਮ ਵਿੱਚ ਹਾਜ਼ਰ ਹੋਏ ਸਾਰੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।