ਝਗੜੇ ’ਚ ਗੋਲੀ ਚੱਲਣ ਕਾਰਨ ਇਕ ਦੀ ਮੌਤ
ਪ੍ਰਭੂ ਦਿਆਲ
ਸਿਰਸਾ, 14 ਜੂਨ
ਪਿੰਡ ਭਾਵਦੀਨ ’ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ’ਚ ਹੋਏ ਝਗੜੇ ਮਗਰੋਂ ਇੱਕ ਧਿਰ ਨੇ ਗੋਲੀ ਚਲਾ ਦਿੱਤੀ ਜਿਸ ਨਾਲ ਇਕ 32 ਸਾਲਾ ਕਿਸਾਨ ਦੀ ਮੌਤ ਹੋ ਗਈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ’ਤੇ ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ। ਇਸ ਮਾਮਲੇ ’ਚ ਹਾਲੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਜਾਣਕਾਰੀ ਅਨੁਸਾਰ ਪਿੰਡ ਸ਼ਹੀਦਾਂ ਵਾਲੀ ਦਾ ਕਿਸਾਨ ਵਕੀਲ ਤੇ ਉਸ ਦੇ ਰਿਸ਼ਤੇਦਾਰ ਪਿੰਡ ਭਾਵਦੀਨ ’ਚ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਕਰਦੇ ਹਨ। ਗੁਆਂਢੀਆਂ ਨਾਲ ਕੁਝ ਪੈਸਿਆਂ ਦਾ ਲੈਣ-ਦੇਣ ਸੀ ਜਿਸ ਦਾ ਫੈਸਲਾ ਪੰਚਾਇਤ ਵਿੱਚ ਹੋ ਗਿਆ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਕੱਲ੍ਹ ਉਹ ਆਪਣੇ ਖੇਤ ਵਿੱਚ ਪਾਈਪ ਪਾ ਰਹੇ ਸਨ ਤਾਂ ਦੂਜੀ ਧਿਰ ਦੇ ਲੋਕਾਂ ਨੇ ਅਚਨਚੇਤ ਉਨ੍ਹਾਂ ’ਤੇ ਡੰਡਿਆਂ ਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਸ ਦੇ ਤਾਏ ਦੇ ਦੋ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਉਹ ਆਪਣੀ ਜਾਨ ਬਚਾਉਣ ਲਈ ਉਥੋਂ ਭੱਜੇ ਤਾਂ ਦੂਜੀ ਧਿਰ ਦੇ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਜੋ ਉਸ ਦੇ ਭਰਾ ਬਿਸ਼ਬਰ ਦੇ ਲੱਗੀਆਂ। ਗੋਲੀਆਂ ਚਲਾਉਣ ਮਗਰੋਂ ਉਹ ਲੋਕ ਮੌਕੇ ਤੋਂ ਫਰਾਰ ਹੋ ਗਏ ਤਾਂ ਬਿਸ਼ੰਬਰ ਨੂੰ ਹਸਪਤਾਲ ਲੈ ਜਾਇਆ ਗਿਆ। ਡਾਕਟਰਾਂ ਨੇ ਬਿਸ਼ਬਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਜਦੋਂ ਉਹ ਬਿਸ਼ੰਬਰ ਨੂੰ ਮੈਡੀਕਲ ਕਾਲਜ ਲੈ ਜਾ ਰਹੇ ਸਨ ਤਾਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਮਾਮਲੇ ਦੀ ਜਾਂਚ ਕਰ ਰਹੇ ਪੁਲੀਸ ਅਧਿਕਾਰੀ ਨੇ ਦੱਸਿਆ ਹੈ ਕਿ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।