For the best experience, open
https://m.punjabitribuneonline.com
on your mobile browser.
Advertisement

ਪੋਹ ਦਾ ਪਾਲਾ: ਮਾਲਵਾ ਖੇਤਰ ’ਚ ਠੰਢ ਨੇ ਜ਼ੋਰ ਫੜਿਆ

06:15 AM Jan 03, 2025 IST
ਪੋਹ ਦਾ ਪਾਲਾ  ਮਾਲਵਾ ਖੇਤਰ ’ਚ ਠੰਢ ਨੇ ਜ਼ੋਰ ਫੜਿਆ
ਬਠਿੰਡਾ ’ਚ ਵੀਰਵਾਰ ਨੂੰ ਧੁੰਦ ਦੌਰਾਨ ਜਾਂਦੇ ਹੋਏ ਵਾਹਨ ਚਾਲਕ। -ਫੋਟੋ: ਪਵਨ ਸ਼ਰਮਾ
Advertisement

ਜੋਗਿੰਦਰ ਸਿੰਘ ਮਾਨ/ਮਨੋਜ ਸ਼ਰਮਾ
ਮਾਨਸਾ/ਬਠਿੰਡਾ, 2 ਜਨਵਰੀ
ਮਾਲਵਾ ਖੇਤਰ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਆਮ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਭਾਗ ਨੇ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਮਾਨਸਾ, ਬਠਿੰਡਾ, ਬਰਨਾਲਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਦੂਜੇ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ ਅਤੇ ਮੌਸਮ ਵਿਭਾਗ ਵੱਲੋਂ ਕਿਸੇ ਹੋਰ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਇਸ ਠੰਢ ਤੇ ਧੁੰਦ ਕਾਰਨ ਰੇਲ ਗੱਡੀਆਂ, ਬੱਸਾਂ ਆਮ ਨਾਲੋਂ ਪਛੜ ਕੇ ਪੁੱਜੀਆਂ, ਜਿਸ ਕਾਰਨ ਸਰਕਾਰੀ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਲੇਟ ਪਹੁੰਚਣਾ ਪਿਆ। ਬਠਿੰਡਾ ਤੇ ਮਾਨਸਾ ’ਚ ਧੁੰਦ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਰਹੀ ਅਤੇ ਲੋਕਾਂ ਨੂੰ ਦਿਨੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪਈਆਂ। ਉਧਰ ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ 4 ਜਨਵਰੀ ਨੂੰ ਪੱਛਮੀ ਗੜਬੜੀ ਦਾ ਅਸਰ ਹਿਮਾਲਿਆਂ ਦੀਆਂ ਪਹਾੜੀਆਂ ਦੇ ਨਾਲ-ਨਾਲ ਮੈਦਾਨੀ ਇਲਾਕਿਆਂ ਵਿੱਚ ਵੀ ਵੇਖਣ ਨੂੰ ਮਿਲੇਗਾ। 4 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਜਿੰਨਾਂ ਵਿੱਚ ਮਾਲਵਾ ਖੇਤਰ ਦਾ ਕੋਈ ਜ਼ਿਲ੍ਹਾ ਨਹੀਂ ਆਉਂਦਾ ਹੈ। ਸੂਚਨਾ ਅਨੁਸਾਰ ਪੰਜਾਬ ਦੇ ਸ੍ਰੀ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ 5 ਤੇ 6 ਜਨਵਰੀ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਵੇਖਣ ਨੂੰ ਮਿਲੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਮੌਸਮ ਵਿਭਾਗ ਦੇ ਵਿਗਿਆਨੀ ਨੇ ਦੱਸਿਆ ਕਿ ਪੰਜਾਬ ਦੇ ਮਾਲਵਾ ਖੇਤਰ ਵਿੱਚ ਬਠਿੰਡਾ, ਫਾਜ਼ਿਲਕਾ, ਫਰੀਦਕੋਟ, ਮੋਗਾ, ਫਿਰੋਜ਼ਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚ ਸਵੇਰ ਸਮੇਂ ਸੰਘਣੀ ਧੁੰਦ ਪੈਣ ਕਾਰਨ ਆਮ ਜਨ-ਜੀਵਨ ਭਾਰੀ ਪ੍ਰਭਾਵਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਾਤਾਰ ਦੋ ਦਿਨਾਂ ਤੋਂ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ ਅਤੇ ਆਉਣ ਵਾਲੇ ਦੋ ਦਿਨ ਹੋਰ ਤਾਪਮਾਨ ਹੇਠਾਂ ਜਾਣ ਦੀ ਆਸ ਬਣੀ ਹੋਈ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੈਂਪਸ ਤੋਂ ਮਿਲ ਰਿਪੋਰਟ ਮੁਤਾਬਿਕ ਵੀਰਵਾਰ ਨੂੰ ਬਠਿੰਡਾ ਦਾ ਘੱਟ ਤੋਂ ਘੱਟ ਤਾਪਮਾਨ 6. ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 16.6 ਡਿਗਰੀ ਸੈਲਸੀਅਸ ਰਿਹਾ।

Advertisement

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਠੰਢ ਨੇ ਜ਼ੋਰ ਫੜ ਲਿਆ ਹੈ ਅਤੇ ਘੱਟੋ-ਘੱਟ ਤਾਪਮਾਨ ਲਗਾਤਾਰ ਹੇਠਾਂ ਜਾ ਰਿਹਾ ਹੈ। ਨਵੇਂ ਸਾਲ ਤੋਂ ਹੀ ਇਲਾਕੇ ’ਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਲੋਕ ਆਪਣੇ ਘਰਾਂ ਅਤੇ ਕਾਰੋਬਾਰੀ ਥਾਵਾਂ ’ਤੇ ਕੈਦ ਹੋ ਰਹਿ ਗਏ ਹਨ। ਲੋਕ ਅੱਗ ਬਾਲ ਕੇ ਠੰਢ ਤੋਂ ਰਾਹਤ ਪਾਉਣ ਦੀ ਕੋਸ਼ਿਸ਼ ਕਰਦੇ ਦੇਖੇ ਗਏ। ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਮੁਤਾਬਕ ਅਗਲੇ ਕੁੱਝ ਦਿਨਾਂ ਤੱਕ ਆਸਮਾਨ ’ਚ ਬੱਦਲ ਛਾਏ ਰਹਿਣਗੇ ਪਰ ਇਸ ਦੇ ਬਾਵਜੂਦ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ।

Advertisement

Advertisement
Author Image

Parwinder Singh

View all posts

Advertisement