ਪ੍ਰਕਾਸ਼ ਪੁਰਬ ਜਾਹੋ ਜਲਾਲ ਨਾਲ ਮਨਾਇਆ, ਨਗਰ ਕੀਰਤਨ ਸਜਾਇਆ
ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 13 ਜੂਨ
ਸਥਾਨਕ ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਗੁਰੂਸਰ ਕਾਉਂਕੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਜਾਹੋ ਜਲਾਲ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਵੀ ਸਜਾਇਆ ਗਿਆ। ਇਸ ਤੋਂ ਇਲਾਵਾ ਕੀਰਤਨ ਦਰਬਾਰ ਸਜਾਏ ਗਏ ਜਿਸ ਵਿੱਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸੰਗਤ ਨੇ ਮਿੱਸੇ ਪ੍ਰਸ਼ਾਦੇ ਮੱਖਣ ਲੱਸੀ ਦੇ ਲੰਗਰ ਲਾਏ।
ਧਾਰਮਿਕ ਸਮਾਗਮ ਵਿੱਚ ਪੁੱਜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰੂ ਸਾਹਿਬਾਨ ਦੇ ਮੀਰੀ ਪੀਰੀ ਦੇ ਸਿਧਾਂਤ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰੂ ਨੇ ਸਾਨੂੰ ਸੰਤ ਤੇ ਸਿਪਾਹੀ ਹੋਣ ਦਾ ਮਾਣ ਬਖਸ਼ਿਆ। ਭਗਤੀ ਦੇ ਨਾਲ ਸ਼ਕਤੀ ਮੀਰੀ ਤੇ ਪੀਰੀ ਦਚ ਵਿਲੱਖਣ ਸਿਧਾਂਤ ਗੁਰੂ ਸਾਹਿਬਾਨ ਨੇ ਇਸ ਦੁਨੀਆਂ ਵਿੱਚ ਦਿੱਤਾ ਜਿੱਥੋਂ ਸੇਧ ਲੈ ਕੇ ਸਿੱਖ ਕੌਮ ਨੇ ਸੁਨਹਿਰੀ ਇਤਿਹਾਸ ਸਿਰਜਿਆ। ਕੀਰਤਨ ਦਰਬਾਰ ਵਿੱਚ ਪ੍ਰਸਿੱਧੀ ਰਾਗੀ ਜਥਿਆਂ ਨੇ ਕੀਰਤਨ ਕੀਤਾ ਜਿਸ ਦਾ ਵੱਡੀ ਗਿਣਤੀ ਵਿੱਚ ਹਾਜ਼ਰ ਸੰਗਤ ਨੇ ਆਨੰਦ ਮਾਣਿਆ। ਇਸ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ।
ਗੁਰੂ ਸਾਹਿਬ ਦੇ ਸਰੂਪ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਰੰਗ ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ ਵਿੱਚ ਸੁਸ਼ੋਭਿਤ ਕੀਤੇ। ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਨਗਰ ਕੀਰਤਨ ਨੇ ਪਿੰਡ ਕਾਉਂਕੇ ਕਲਾਂ ਵਿਖੇ ਕਈ ਪੜਾਅ ਲਗਾਏ ਤੇ ਇਸ ਮੌਕੇ ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਵਾਰਾਂ ਅਤੇ ਬੁਲਾਰਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਗੱਤਕਾ ਪਾਰਟੀਆਂ ਨੇ ਵੀ ਨਗਰ ਕੀਰਤਨ ਦੌਰਾਨ ਕਰਤੱਵ ਦਿਖਾਏ। ਇਸ ਮੌਕੇ ਸਾਬਕਾ ਵਿਧਾਇਕ ਐੱਸ.ਆਰ ਕਲੇਰ, ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ, ਸਰਪੰਚ ਚਰਨਜੀਤ ਕੌਰ, ਸਾਬਕਾ ਸਰਪੰਚ ਜਗਜੀਤ ਸਿੰਘ ਕਾਉਂਕੇ, ਸਰਪ੍ਰੀਤ ਸਿੰਘ ਕਾਉਂਕੇ, ਕੰਵਲਜੀਤ ਸਿੰਘ, ਜਗਦੀਸ਼ ਸਿੰਘ ਦੀਸ਼ਾ, ਗੁਰਚਰਨ ਸਿੰਘ ਤੇ ਹੋਰ ਹਾਜ਼ਰ ਸਨ।