ਪ੍ਰਕਾਸ਼ ਪੁੁੁਰਬ ਨੂੰ ਸਮਰਪਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਪੀ ਪੀ ਵਰਮਾ
ਪੰਚਕੂਲਾ, 4 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਾਢਾ ਸਾਹਿਬ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟ੍ਰਾਈਸਿਟੀ ਦਾ ਸਭ ਤੋਂ ਵੱਡਾ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ ਅਰਦਾਸ ਮਗਰੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਾਢਾ ਸਾਹਿਬ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਤੋਂ ਸ਼ੁਰੂ ਹੋਇਆ। ਇਸ ਨਗਰ ਕੀਰਤਨ ਵਿੱਚ ਫੌਜੀ ਬੈਂਡ ਅਤੇ ਗਤਕਾ ਪਾਰਟੀਆਂ ਨੇ ਆਪਣੀ ਹਾਜ਼ਰੀ ਲਗਵਾਈ ਅਤੇ ਹੈਰਤ ਅੰਗੇਜ਼ ਕਾਰਨਾਮੇ ਕੀਤੇ। ਗੁਰਦੁਆਰਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ ਅਤੇ ਹੈੱਡ ਗ੍ਰੰਥੀ ਰਣਜੀਤ ਸਿੰਘ ਨੇ ਦੱਸਿਆ 6 ਜਨਵਰੀ ਨੂੰ ਗੁਰਦੁਆਰਾ 10ਵੀਂ ਪਾਤਸ਼ਾਹੀ ਨਾਢਾ ਸਾਹਿਬ ਵਿੱਚ ਪ੍ਰਕਾਸ਼ ਉਤਸਵ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ 10 ਵਜੇ ਅਖੰਡ ਪਾਠ ਅਰੰਭ ਕੀਤੇ ਗਏ ਅਤੇ 6 ਜਨਵਰੀ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ।
ਚੰਡੀਗੜ੍ਹ (ਮੁਕੇਸ਼ ਕੁਮਾਰ): ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਚੰਡੀਗੜ੍ਹ ਵਿੱਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੈਕਟਰ-34 ਸਥਿਤ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸੈਕਟਰ-8 ਸਥਿਤ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸਮਾਪਤ ਹੋਇਆ। ਇਸ ਦੌਰਾਨ ਗਤਕਿਆਂ ਦੇ ਜੌਹਰ ਵੀ ਦਿਖਾਏ ਗਏ। ਨਗਰ ਕੀਰਤਨ ਦਾ ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਗੁਰਿੰਦਰ ਸਿੰਘ ਸੋਢੀ, ਨਗਰ ਨਿਗਮ ਕੌਂਸਲਰ ਦਮਨਪ੍ਰੀਤ ਸਿੰਘ, ਪ੍ਰੇਮ ਲਤਾ ਅਤੇ ਹੋਰ ਉੱਚ ਅਧਿਕਾਰੀਆਂ ਨੇ ਸਵਾਗਤ ਕੀਤਾ।
ਮੋਰਿੰਡਾ (ਸੰਜੀਵ ਤੇਜਪਾਲ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਦੇ ਪ੍ਰਬੰਧਕਾਂ ਵੱਲੋ ਡੇਰਾ ਕਾਰ ਸੇਵਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ।
ਅੰਬਾਲਾ (ਰਤਨ ਸਿੰਘ ਢਿੱਲੋਂ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਅੰਬਾਲਾ ਛਾਉਣੀ ਵਿਚ ਨਗਰ ਕੀਰਤਨ ਸਜਾਇਆ ਗਿਆ।
ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਸਿੰਘ ਸੋਢੀ): ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇੱਥੋਂ ਦੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਅਰਦਾਸ ਉਪਰੰਤ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਨਾਨਕ ਦਰਬਾਰ ਸੈਕਟਰ-66 ਵਿਖੇ ਪਹੁੰਚ ਕੇ ਸੰਪੂਰਨ ਹੋਇਆ।
ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ਮੁੱਲਾਂਪੁਰ ਗਰੀਬਦਾਸ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 25ਵਾਂ ਸਾਲਾਨਾ ਨਗਰ ਕੀਰਤਨ 5 ਜਨਵਰੀ ਨੂੰ ਸਜਾਇਆ ਜਾਵੇਗਾ। ਪ੍ਰਧਾਨ ਦੇਸਰਾਜ ਸਿੰਘ, ਜਸਵੰਤ ਸਿੰਘ ਖਜ਼ਾਨਚੀ, ਨੇ ਦੱਸਿਆ ਕਿ ਇਸ ਸਬੰਧੀ ਨਗਰ ਕੀਰਤਨ ਪਿੰਡ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਪਿੰਡ ਮੁੱਲਾਂਪੁਰ ਗਰੀਬਦਾਸ ਵਿਖੇ ਸੰਪੂਰਨ ਹੋਵੇਗਾ ਅਤੇ 6 ਜਨਵਰੀ ਨੂੰ ਭੋਗ ਪਾਏ ਜਾਣਗੇ।
ਤਖ਼ਤ ਕੇਸਗੜ੍ਹ ਸਾਹਿਬ ’ਚ ਅਖੰਡ ਪਾਠ ਆਰੰਭ
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਸਾਹਿਬ-ਏ-ਕਮਾਲ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰ ਕੇ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਅਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਸਟਾਫ ਮੌਜੂਦ ਸੀ। ਗੌਰਤਲਬ ਹੈ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਅਤੇ ਦੁਨੀਆਂ ਵਿੱਚ ਪੂਰੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ ਅਤੇ ਖਾਸ ਤੌਰ ’ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਪ੍ਰਕਾਸ਼ ਪੁਰਬ ਮੌਕੇ ਖੂਬਸੂਰਤ ਰੰਗ-ਬਿਰੰਗੀਆਂ ਲਾਈਟਾਂ ਤੇ ਫੁੱਲਾਂ ਨਾਲ ਸਜਾਇਆ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਸਾਹਿਬ ਦੀ ਧਰਤੀ ’ਤੇ ਹੋਇਆ ਸੀ ਪਰ ਉਨ੍ਹਾਂ ਦੀ ਕਰਮਭੂਮੀ ਸ੍ਰੀ ਆਨੰਦਪੁਰ ਸਾਹਿਬ ਹੈ। ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 6 ਜਨਵਰੀ ਨੂੰ ਜਿੱਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉੱਥੇ ਸਾਰਾ ਦਿਨ ਧਾਰਮਿਕ ਸਮਾਗਮ ਵੀ ਚੱਲਣਗੇ।
ਬਨੂੜ: ਠੰਢ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਨੇ ਨਗਰ ਕੀਰਤਨ ’ਚ ਕੀਤੀ ਸ਼ਮੂਲੀਅਤ
ਬਨੂੜ (ਕਰਮਜੀਤ ਸਿੰਘ ਚਿੱਲਾ): ਬਨੂੜ ਸ਼ਹਿਰ ਵਿੱਚ ਅੱਜ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਵਾਰਡ ਨੰਬਰ ਸੱਤ ਦੇ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਤੋਂ ਆਰੰਭ ਹੋਇਆ ਨਗਰ ਕੀਰਤਨ ਸਮੁੱਚੇ ਸ਼ਹਿਰ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਕੜਾਕੇ ਦੀ ਠੰਢ ਅਤੇ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁੰਦਰ ਫੁੱਲਾਂ ਵਾਲੀ ਪਾਲਕੀ ਵਿੱਚ ਸਜਾਇਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਨੇ ਥਾਂ-ਥਾਂ ਭਰਵਾਂ ਸਵਾਗਤ ਕੀਤਾ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਖੰਡ ਪਾਠ ਆਰੰਭ
ਐੱਸ ਏ ਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 6 ਜਨਵਰੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ, ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਅਤੇ 6 ਜਨਵਰੀ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ। ਬੁਲਾਰੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਭਲਕੇ 5 ਜਨਵਰੀ ਨੂੰ ਵਿਸ਼ਾਲ ਨਗਰ ਕੀਰਤਨ ਸਵੇਰੇ 11 ਵਜੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਆਰੰਭ ਹੋਵੇਗਾ।