ਪ੍ਰਦਰਸ਼ਨ ਕਰ ਰਹੇ ਪੀਟੀਆਈ ਅਧਿਆਪਕਾਂ ਦੀ ਪੁਲੀਸ ਨਾਲ ਧੱਕਾ ਮੁਕੀ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਈ
ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਮੈਂਬਰ ਬੁੱਧਵਾਰ ਸ਼ਾਮ ਨੂੰ ਹਲਕਾ ਪੱਛਮੀ ਦੀ ਜ਼ਿਮਨੀ ਚੋਣ ਵਾਲੇ ਇਲਾਕੇ ਜਵਾਹਰ ਨਗਰ ਕੈਂਪ ਵਿੱਚ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨ ਲਈ ਪੁੱਜੇ। ਇਸ ਦੌਰਾਨ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਸੜਕ ’ਤੇ ਧਰਨਾ ਲਗਾ ਦਿੱਤਾ। ਜਦੋਂ ਮਾਹੌਲ ਗਰਮ ਹੋਇਆ ਤਾਂ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਜਦੋਂ ਉਹ ਨਹੀਂ ਮੰਨੇ ਤਾਂ ਪੁਲੀਸ ਨੇ ਅਧਿਆਪਕਾਂ ’ਤੇ ਲਾਠੀਚਾਰਜ਼ ਕਰ ਦਿੱਤਾ। ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਅਧਿਆਪਕ ਯੂਨੀਅਨ ਦੇ ਦੋ ਮੈਂਬਰ ਜਵਾਹਰ ਨਗਰ ਕੈਂਪ ਸਥਿਤ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਖ਼ਬਰ ਲਿਖੇ ਜਾਣ ਤੱਕ ਪੁਲੀਸ ਅਧਿਆਪਕਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਉਹ ਥੱਲੇ ਨਹੀਂ ਆਏ।
ਨਵੀਂ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੱਕਾ ਕਰਨ ਲਈ ਸਰਕਾਰ ਨੇ 2021 ਵਿੱਚ ਈਟੀਈ ਅਧਿਆਪਕਾਂ ਨਾਲ ਉਨ੍ਹਾਂ ਦੀ ਨੌਕਰੀ ਪੱਕੀ ਕਰਨ ਦੀ ਗੱਲ ਕੀਤੀ ਸੀ। ਪਰ ਉਨ੍ਹਾਂ ਦੇ ਲਈ ਕੋਈ ਪੋਰਟਲ ਨਹੀਂ ਖੋਲ੍ਹਿਆ ਗਿਆ। ਉਹ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਉਨ੍ਹਾਂ ਦੀ ਮੰਗ ਨਹੀਂ ਮੰਨ ਰਹੀ। ਮੈਂਬਰਾਂ ਨੇ ਕਿਹਾ ਕਿ ਅੱਜ ਸਰਕਾਰ ਨੂੰ ਜਗਾਉਣ ਦੇ ਲਈ ਉਹ ਪ੍ਰਦਰਸ਼ਨ ਕਰਨ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਦੇ ਅਧਿਆਪਕ ਤੇ ਮਹਿਲਾ ਅਧਿਆਪਕਾਂ ਦੇ ਨਾਲ ਵੀ ਲੁਧਿਆਣਾ ਪੁਲੀਸ ਨੇ ਕਾਫ਼ੀ ਧੱਕੇਸ਼ਾਹੀ ਕੀਤੀ। ਬੁੱਧਵਾਰ ਨੂੰ ਲੁਧਿਆਣਾ ਦੇ ਜਵਾਹਰ ਨਗਰ ਕੈਂਪ ਇਲਾਕੇ ਦੇ ਟੈਂਕੀ ਪਾਰਕ ਵਿੱਚ ਇੱਕ ਪ੍ਰਦਰਸ਼ਨ ਕਰਨਾ ਸੀ। ਇਹ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਜਦੋਂ ਕੁਝ ਨਹੀਂ ਹੋਇਆ ਤਾਂ ਕੁਝ ਅਧਿਆਪਕਾਂ ਨੇ ਸੜਕ ’ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਖੜ੍ਹੀ ਪੁਲੀਸ ਤੇ ਅਧਿਆਪਕਾਂ ਵਿੱਚ ਟਕਰਾਅ ਵਾਲਾ ਮਾਹੌਲ ਬਣ ਗਿਆ। ਪੁਲੀਸ ਨੇ ਮੌਕੇ ’ਤੇ ਹਲਕਾ ਲਾਠੀਚਾਰਜ ਕਰਕੇ ਕੁੱਝ ਅਧਿਆਪਕਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ ਦੋ ਅਧਿਆਪਕ ਉਸੇ ਪਾਰਕ ਵਿੱਚ ਲੱਗੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਕੇ ਵਿਰੋਧ ਕਰਨ ਲੱਗ ਗਏ। ਜਿਸ ਤੋਂ ਬਾਅਦ ਪੁਲੀਸ ਕਈ ਘੰਟੇ ਅਧਿਆਪਕਾਂ ਨੂੰ ਮਨਾਉਣ ਦੀ ਕੋਸ਼ਿਸ਼ ਵਿੱਚ ਲੱਗੀ ਰਹੀ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੋਰਟਲ ਨੂੰ ਆਨਲਾਈਨ ਕੀਤਾ ਜਾਵੇ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਰਿਹਾਅ ਕੀਤਾ ਜਾਵੇ ਜਿਨ੍ਹਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ। ਜਿਸ ਤੋਂ ਬਾਅਦ ਪੁਲੀਸ ਰਾਤ 9 ਵਜੇ ਤੱਕ ਅਧਿਆਪਕਾਂ ਨੂੰ ਥੱਲੇ ਉਤਰਣ ਲਈ ਮਨਾਉਂਦੀ ਰਹੀ।