ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਕਿਸਾਨਾਂ ਵੱਲੋਂ ਧਰਨਾ
ਦਵਿੰਦਰ ਸਿੰਘ
ਯਮੁਨਾਨਗਰ, 10 ਅਪਰੈਲ
ਇੱਥੇ 14 ਅਪਰੈਲ ਨੂੰ ਪਿੰਡ ਕੈਲ ਵਿੱਚ ਪ੍ਰਧਾਨ ਮੰਤਰੀ ਦੀ ਰੈਲੀ ਲਈ ਜਿੱਥੇ ਤਿਆਰੀਆਂ ਜ਼ੋਰਾਂ-ਸ਼ੋਰਾਂ ‘ਤੇ ਹਨ ਉੱਥੇ ਰੈਲੀ ਤੋਂ ਪਹਿਲਾਂ ਪਿੰਡ ਕੈਲ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਸੂਬਾ ਪ੍ਰਧਾਨ ਰਤਨਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਹੈੱਡਕੁਆਰਟਰ ’ਤੇ ਧਰਨਾ ਦਿੱਤਾ ਆਪਣੇ ਖੇਤਾਂ ਵਿੱਚ ਖੜ੍ਹੀ ਕਣਕ ਅਤੇ ਗੰਨੇ ਦੀ ਫਸਲ ਦਾ ਮੁਆਵਜ਼ਾ ਮੰਗਿਆ। ਕਿਸਾਨਾਂ ਨੇ ਪ੍ਰਧਾਨ ਮੰਤਰੀ ਦੀ ਫੇਰੀ ਤੋਂ ਪਹਿਲਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਅੱਜ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਸੂਬਾ ਪ੍ਰਧਾਨ ਰਤਨਮਾਨ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਦਸ ਜਾਂ ਪੰਦਰਾਂ ਦਿਨਾਂ ਬਾਅਦ ਇੱਥੇ ਆਏ ਹੁੰਦੇ ਤਾਂ ਸ਼ਾਇਦ ਇਹ ਕਿਸਾਨਾਂ ਦੇ ਨਾਲ ਆਮ ਲੋਕਾਂ ਦੇ ਹਿੱਤ ਵਿੱਚ ਹੁੰਦਾ। ਉਨ੍ਹਾਂ ਦੇ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦੀ ਕਟਾਈ ਹੋ ਚੁੱਕੀ ਹੁੰਦੀ ਅਤੇ ਰੈਲੀ ਲਈ ਜਗ੍ਹਾ ਵੀ ਖਾਲੀ ਹੋ ਗਈ ਹੁੰਦੀ। ਹੁਣ ਰੈਲੀ ਵਾਲੀ ਥਾਂ ਬਣਾਉਣ ਲਈ ਪਿੰਡ ਦੇ ਕਿਸਾਨਾਂ ਦੇ ਖੇਤਾਂ ਵਿੱਚ ਖੜ੍ਹੀ ਕਣਕ ਅਤੇ ਗੰਨੇ ਦੀ ਫਸਲ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਗਿਆ। ਪ੍ਰਸ਼ਾਸਨ ਵੱਲੋਂ ਖੇਤਾਂ ਵਿੱਚ ਬਿਜਲੀ ਦੇ ਖੰਭੇ, ਪਾਣੀ ਦੀਆਂ ਪਾਈਪ ਲਾਈਨਾਂ ਅਤੇ ਟਿਊਬਵੈੱਲ ਦੇ ਕਮਰੇ ਆਦਿ ਸਣੇ ਸਭ ਕੁਝ ਪੱਧਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਡੀ ਜ਼ਿਲ੍ਹਾ ਕਾਰਜਕਾਰੀ ਟੀਮ ਨੇ ਰੈਲੀ ਵਾਲੀ ਥਾਂ ਦਾ ਦੌਰਾ ਵੀ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀ ਮੁਲਾਕਾਤ ਵੀ ਕੀਤੀ ਪਰ ਜ਼ਿਲ੍ਹਾ ਪ੍ਰਸ਼ਾਸਨ ਦਾ ਹਰ ਅਧਿਕਾਰੀ ਇੱਕੋ ਗੱਲ ਕਹਿ ਰਿਹਾ ਹੈ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਪਰ ਮੁਆਵਜ਼ੇ ਦੀ ਰਕਮ ਕੀ ਹੋਵੇਗੀ ਅਤੇ ਇਹ ਕਦੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੈਲੀ ਤੋਂ ਪਹਿਲਾਂ ਪ੍ਰਸ਼ਾਸਨ ਮੁਆਵਜ਼ੇ ਦੀ ਰਕਮ ਬਾਰੇ ਗੱਲ ਕਰੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਸਣੇ ਕਾਫ਼ੀ ਕਿਸਾਨ ਮੌਜੂਦ ਸਨ।
ਪ੍ਰਧਾਨ ਮੰਤਰੀ ਦੀ ਰੈਲੀ ਲਈ ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ
ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ 14 ਅਪਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਿੰਡ ਕੈਲ ਵਿੱਚ ਹੋਣ ਵਾਲੀ ਰੈਲੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀਨਬੰਧੂ ਛੋਟੂ ਰਾਮ ਥਰਮਲ ਪਾਵਰ ਪਲਾਂਟ ਦੇ ਤੀਜੇ ਯੂਨਿਟ ਦਾ ਨੀਂਹ ਪੱਥਰ ਰੱਖਣਗੇ। ਡੀਸੀ ਅੱਜ ਸਮਾਗਮ ਵਾਲੀ ਥਾਂ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ । ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਲਗਭਗ 50 ਤੋਂ 60 ਹਜ਼ਾਰ ਲੋਕਾਂ ਦੇ ਆਉਣ ਦੀ ਉਮੀਦ ਹੈ। ਉਨ੍ਹਾਂ ਦੇ ਬੈਠਣ, ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਲਗਪਗ 170 ਏਕੜ ਰਕਬੇ ਵਿੱਚ ਕੀਤਾ ਜਾਵੇਗਾ, ਜਿਸ ਵਿੱਚੋਂ 40 ਏਕੜ ਮੁੱਖ ਪੰਡਾਲ ਲਈ ਅਤੇ 96 ਏਕੜ ਥਾਂ ਪਾਰਕਿੰਗ ਲਈ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਕਰਨਾਲ-ਸਹਾਰਨਪੁਰ ਹਾਈਵੇਅ, ਛਛਰੌਲੀ ਰੋਡ, ਅਤੇ ਛਛਰੌਲੀ ਰੋਡ ਦੇ ਸਾਹਮਣੇ ਤਿੰਨ ਜਨਤਕ ਪਾਰਕਿੰਗ ਸਥਾਨ ਬਣਾਏ ਗਏ ਹਨ।