ਪ੍ਰਸ਼ਾਸਕ ਵੱਲੋਂ ਕਿਸ਼ਨਗੜ੍ਹ ਪਾਵਰ ਸਟੇਸ਼ਨ ਤੇ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅਗਾਮੀ ਗਰਮੀ ਦੇ ਸੀਜ਼ਨ ਦੌਰਾਨ ਸ਼ਹਿਰ ਵਿੱਚ ਬਿਜਲੀ ਤੇ ਪਾਣੀ ਦੀ ਮੰਗ ਵੱਧਣ ਨੂੰ ਧਿਆਨ ਵਿੱਖ ਰੱਖਦਿਆਂ ਅੱਜ ਕਿਸ਼ਨਗੜ੍ਹ ਵਿੱਚ ਸਥਿਤ ਪਾਵਰ ਸਟੇਸ਼ਨ ਅਤੇ ਸੈਕਟਰ- 28 ਵਿੱਚ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਜਿਨ੍ਹਾਂ ਨਾਲ ਪ੍ਰਸ਼ਾਸਕ ਨੇ ਦੋਵਾਂ ਥਾਵਾਂ ਦੀ ਸੰਚਾਲਨ ਸਮਰੱਥਾ, ਚੁਣੌਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ-ਚਰਚਾ ਕੀਤੀ। ਸ੍ਰੀ ਕਟਾਰੀਆ ਨੇ ਬਿਜਲੀ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਮੀ ਗਰਮੀ ਦੇ ਸੀਜਨ ਦੌਰਾਨ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਬਿਜਲੀ ਅਤੇ ਸਾਫ਼ ਪਾਣੀ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਅਧਿਕਾਰੀਆਂ ਨੂੰ ਦੋਵਾਂ ਥਾਵਾਂ ਦੇ ਰੱਖ-ਰਖਾਅ ਅਤੇ ਸੇਵਾ ਪ੍ਰਦਾਨ ਕਰਨ ਦੇ ਉੱਚਤਮ ਮਿਆਰਾਂ ਨੂੰ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ। ਕਿਸ਼ਨਗੜ੍ਹ ਪਾਵਰ ਸਟੇਸ਼ਨ ’ਤੇ ਪ੍ਰਸ਼ਾਸਕ ਨੇ ਪੀਕ ਮੰਗ ਸਮੇਂ ਮੌਜੂਦਾ ਪਾਵਰ ਲੋਡ ਪ੍ਰਬੰਧਨ ਰਣਨੀਤੀਆਂ ਅਤੇ ਸੰਕਟਕਾਲੀਨ ਉਪਾਵਾਂ ਦੀ ਸਮੀਖਿਆ ਕੀਤੀ।
ਇਸ ਤੋਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸੈਕਟਰ-28 ਵਿੱਚ ਸਥਿਤ ਵਾਟਰ ਟਰੀਟਮੈਂਟ ਪਲਾਂਟ ਵਿੱਚ ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਪਾਣੀ ਦੀ ਗੁਣਵੱਤਾ ਅਤੇ ਵਿਭਿੰਨ ਖੇਤਰਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਪਲਾਂਟ ਦੀ ਭੂਮਿਕਾ ਬਾਰੇ ਵਿਚਾਰ-ਚਰਚਾ ਕੀਤੀ। ਸ੍ਰੀ ਕਟਾਰੀਆ ਨੇ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਰਮੀ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਤੇ ਪਾਣੀ ਦਾ ਸਪਲਾਈ ਵਿੱਚ ਕੋਈ ਦਿੱਕਤ ਨਾ ਆਉਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਿਜਲੀ ਤੇ ਪਾਣੀ ਦੀ ਸਪਲਾਈ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਇਸ ਦੌਰਾਨ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਅਤੇ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਮੌਜੂਦ ਰਹੇ। ਇਸ ਦੌਰਾਨ ਯੂਟੀ ਪ੍ਰਸ਼ਾਸਨ, ਬਿਜਲੀ ਵਿਭਾਗ ਤੇ ਜਲ ਸਰੋਤ ਵਿਭਾਗ ਦੇ ਅਧਿਕਾਰੀ ਮੌਜੂਦ ਰਹੇ।