ਪ੍ਰਸ਼ਾਸਕ ਵੱਲੋਂ ਸਕੱਤਰੇਤ ਤੇ ਡੀਸੀ ਦਫ਼ਤਰ ਦਾ ਅਚਨਚੇਤ ਦੌਰਾ
ਆਤਿਸ਼ ਗੁਪਤਾ
ਚੰਡੀਗੜ੍ਹ, 18 ਜੂਨ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੀਤੇ ਜਾਂਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੇ ਸੈਕਟਰ-9 ਵਿੱਚ ਸਥਿਤ ਯੂਟੀ ਸਕੱਤਰੇਤ ਅਤੇ ਸੈਕਟਰ-17 ਵਿੱਚ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਦਾ ਦੌਰਾ ਕੀਤਾ। ਸ੍ਰੀ ਕਟਾਰੀਆ ਨੇ ਸਕੱਤਰੇਤ, ਡੀਸੀ ਦਫ਼ਤਰ ਦੇ ਅਧਿਕਾਰੀਆਂ ਸਣੇ ਉੱਥੇ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਅਧਿਕਾਰੀਆਂ ਦੀ ਉਪਲੱਬਧਤਾ, ਸ਼ਿਕਾਇਤਾਂ ਦੇ ਨਿਬੇੜੇ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਸ਼ਾਸਕ ਨੇ ਲੋਕਾਂ ਨੂੰ ਲੋੜ ਪੈਣ ’ਤੇ ਪ੍ਰਸ਼ਾਸਕ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਬੇੜਾ ਕੀਤਾ ਜਾ ਸਕੇ।
ਸ੍ਰੀ ਕਟਾਰੀਆ ਨੇ ਯੂਟੀ ਪ੍ਰਸ਼ਾਸਨ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰੇ ਇੱਕ ਵਜੇ ਤੱਕ ਦਫ਼ਤਰਾਂ ਵਿੱਚ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣ। ਅੱਜ ਵੀ ਪ੍ਰਸ਼ਾਸਕ ਨੇ ਸਵੇਰੇ 10 ਤੋਂ ਦੁਪਹਿਰੇ ਇੱਕ ਵਜੇ ਤੱਕ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲਿਆ। ਉਨ੍ਹਾਂ ਯੂਟੀ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਬੁੱਧਵਾਰ ਨੂੰ ਜਨਤਕ ਸ਼ਿਕਾਇਤ ਸੁਣਨ ਵਾਲੇ ਤਿੰਨ ਘੰਟਿਆਂ ਵਿੱਚ ਕੋਈ ਪ੍ਰਸ਼ਾਸਨਿਕ ਮੀਟਿੰਗ ਤੈਅ ਨਾ ਕਰਨ ਤਾਂ ਜੋ ਇਨ੍ਹਾਂ ਤਿੰਨ ਘੰਟਿਆਂ ਦੌਰਾਨ ਅਧਿਕਾਰੀਆਂ ਵੱਲੋਂ ਲਾਜ਼ਮੀ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਟੀ ਸਕੱਤਰੇਤ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੀਤੇ ਅਚਨਚੇਤ ਦੌਰੇ ਦੌਰਾਨ ਅਧਿਕਾਰੀਆਂ ਦੀ ਮੌਜੂਦਗੀ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਯੂਟੀ ਸਕੱਤਰੇਤ, ਡਿਪਟੀ ਕਮਿਸ਼ਨਰ ਦਫ਼ਤਰ ਤੇ ਹੋਰ ਸਰਕਾਰੀ ਅਧਿਕਾਰੀਆਂ ਦਾ ਅਚਨਚੇਤ ਦੌਰਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਦੀ ਨਾਗਰਿਕਾਂ ਨਾਲ ਸਾਂਝ ਹੋਣੀ ਵਧੇਰੇ ਜ਼ਰੂਰੀ ਹੈ। ਇਸ ਲਈ ਹਰ ਬੁੱਧਵਾਰ ਨੂੰ ਸਵੇਰੇ 10 ਤੋਂ ਦੁਪਹਿਰ ਇੱਕ ਵਜੇ ਤੱਕ ਤਿੰਨ ਘੰਟੇ ਜਨਤਕ ਸ਼ਿਕਾਇਤਾਂ ਸੁਣਨ ਲਈ ਰਾਖਵੇਂ ਰੱਖੇ ਗਏ ਹਨ।
ਜਨਤਕ ਕੰਮਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਟਾਰੀਆ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਾਰੇ ਅਧਿਕਾਰੀਆਂ ਨੂੰ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਕਰ ਕੇ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਢਿੱਲ ਵਰਤਣ ਵਾਲੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।