ਪ੍ਰਸ਼ਾਸਨ ਨੇ ਮਾਘੀ ਮੇਲੇ ਦੀਆਂ ਤਿਆਰੀਆਂ ਵਿੱਢੀਆਂ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ
ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਭਰ ਦੇ ਅਧਿਕਾਰੀਆਂ ਦੀ ਇੱਕ ਬੈਠਕ ਹੋਈ ਜਿਸ ਵਿੱਚ ਮੇਲੇ ਨੂੰ ਸਫ਼ਲ ਬਣਾਉਣ ਲਈ ਪੁਖਤਾ ਪ੍ਰਬੰਧ ਕਰਨ ’ਤੇ ਜ਼ੋਰ ਦਿੱਤਾ ਗਿਆ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਾਘੀ ਦੇ ਮੇਲੇ ਦੌਰਾਨ ਸ਼ਹਿਰ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਜਾਵੇਗਾ ਹੈ ਅਤੇ ਹਰ ਸੈਕਟਰ ਵਿੱਚ ਨੋਡਲ ਅਫ਼ਸਰ ਲਾਇਆ ਜਾਵੇ ਅਤੇ ਇਨ੍ਹਾਂ ਸੈਕਟਰਾਂ ਵਿੱਚ ਜੇਈ, ਐੱਸਡੀਓ, ਨਗਰ ਕੌਂਸਲ, ਜਨ ਸਿਹਤ ਅਤੇ ਪੁਲੀਸ ਵਿਭਾਗ ਦੀਆਂ ਟੀਮਾਂ ਸੰਗਤ ਦੀ ਸਹੂਲਤ ਲਈ ਲਾਈਆਂ ਜਾਣਗੀਆਂ।
ਉਨ੍ਹਾਂ ਜਨ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਸੀਵਰੇਜ ਦੀ ਸਮੱਸਿਆ ਅਤੇ ਆਰਜ਼ੀ ਪਖਾਨਿਆਂ ਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਾਰਕਫੈਡ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਸਵਾਗਤੀ ਗੇਟਾਂ ਦੀ ਮੁਰੰਮਤ ਕਰਵਾ ਕੇ ਸਫਾਈ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਫੁੱਲਾਂ ਅਤੇ ਲੜੀਆਂ ਆਦਿ ਨਾਲ ਸਜਾਇਆ ਜਾਵੇ। ਉਨ੍ਹਾਂ ਮਾਲ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਘੀ ਮੇਲੇ ਦੌਰਾਨ ਸੀਸੀਟੀਵੀ ਕੈਮਰੇ ਲਗਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਭੀੜ ਵਾਲੀਆਂ ਥਾਵਾਂ ’ਤੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਬੀ ਐਂਡ ਆਰ, ਮੰਡੀ ਬੋਰਡ ਅਤੇ ਨਗਰ ਕੌਂਸਲ ਨੂੰ ਹਦਾਇਤ ਕੀਤੀ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੁਲੀਸ ਨੂੰ ਹਦਾਇਤ ਕੀਤੀ ਕਿ ਮੇਲਾ ਮਾਘੀ ਦੌਰਾਨ ਸ਼ਹਿਰ ਵਿੱਚ ਪਾਰਕਿੰਗ ਲਈ ਢੁਕਵੀਆਂ ਥਾਵਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਇਸ ਦੀ ਸੂਚਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ਦੌਰਾਨ ਸੰਗਤ ਦੀ ਸਹੂਲਤ ਲਈ ਸਿਵਲ ਕੰਟਰੋਲ ਰੂਮ ਡਿਪਟੀ ਕਮਿਸ਼ਨਰ ਦਫਤਰ ਵਿੱਚ, ਜਦਕਿ ਪੁਲੀਸ ਕੰਟਰੋਲ ਰੂਮ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਰੋਡ ਸ੍ਰੀ ਮੁਕਤਸਰ ਸਾਹਿਬ ਵਿੱਚ ਬਣਾਇਆ ਜਾਵੇਗਾ।