ਪ੍ਰਸ਼ਾਸਨ ਵੱਲੋਂ ਚੋਣਾਂ ਲਈ ਪ੍ਰਬੰਧ ਮੁਕੰਮਲ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਦਸੰਬਰ
‘ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਪ੍ਰੋਗਰਾਮ ਅਨੁਸਾਰ 21 ਦਸੰਬਰ ਨੂੰ ਜ਼ਿਲ੍ਹਾ ਸੰਗਰੂਰ ਦੀਆਂ 5 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਹੋਣ ਵਾਲੀਆਂ ਆਮ ਚੋਣਾਂ ਅਤੇ ਇੱਕ ਨਗਰ ਕੌਂਸਲ ਵਿੱਚ ਹੋਣ ਵਾਲੀ ਉਪ ਚੋਣ ਨੂੰ ਆਜ਼ਾਦਾਨਾ, ਸ਼ਾਂਤਮਈ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀਸ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।’ ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡੀਸੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਦੇ ਰਿਟਰਨਿੰਗ ਅਫ਼ਸਰਾਂ ਤੇ ਪੁਲੀਸ ਅਧਿਕਾਰੀਆਂ ਨਾਲ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ 20 ਦਸੰਬਰ ਨੂੰ ਪੋਲਿੰਗ ਪਾਰਟੀਆਂ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ ਹੋਣਗੀਆਂ ਅਤੇ ਵੋਟਾਂ ਪਾਉਣ ਦੀ ਪ੍ਰਕਿਰਿਆ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਜਾਰੀ ਰਹੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੁਲੀਸ ਵੱਲੋਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਪੈਟਰੋਲਿੰਗ ਟੀਮਾਂ ਦੀ ਤਾਇਨਾਤੀ ਦੇ ਨਾਲ ਨਾਲ ਪੋਲਿੰਗ ਸਟੇਸ਼ਨਾਂ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ, ਰਿਟਰਨਿੰਗ ਅਫ਼ਸਰ ਸੰਗਰੂਰ ਚਰਨਜੋਤ ਸਿੰਘ ਵਾਲੀਆ, ਰਿਟਰਨਿੰਗ ਅਫ਼ਸਰ ਲੈਨਿਨ ਗਰਗ, ਰਿਟਰਨਿੰਗ ਅਫ਼ਸਰ ਚੀਮਾ ਪ੍ਰਮੋਦ ਸਿੰਗਲਾ, ਰਿਟਰਨਿੰਗ ਅਫ਼ਸਰ ਦਿੜਬਾ ਰਾਜੇਸ਼ ਸ਼ਰਮਾ, ਰਿਟਰਨਿੰਗ ਅਫ਼ਸਰ ਸੂਬਾ ਸਿੰਘ ਰਿਟਰਨਿੰਗ ਅਫ਼ਸਰ ਸੁਨਾਮ ਸੁਮਿਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।