ਪ੍ਰਸ਼ਾਸਨ ਵੱਲੋਂ ਟਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਉਣ ਦਾ ਫ਼ੈਸਲਾ
ਖੇਤਰੀ ਪ੍ਰਤੀਨਿਧ
ਬਰਨਾਲਾ, 23 ਮਾਰਚ
ਪ੍ਰਸ਼ਾਸਨ ਵੱਲੋਂ ਟਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਦੱਸਿਆ ਕਿ ਇਹ ਲਾਈਟ ਐਂਡ ਸਾਊਂਡ ਸ਼ੋਅ 30 ਮਾਰਚ ਦਿਨ ਐਤਵਾਰ ਸ਼ਾਮ 6:30 ਵਜੇ ਟਰਾਈਡੈਂਟ, ਰਾਏਕੋਟ ਰੋਡ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਨਾਟਕ ’ਸਰਹਿੰਦ ਦੀ ਦੀਵਾਰ’ ਲਈ ਉੱਘੇ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਅਤੇ ਨਿਰਦੇਸ਼ਕ ਮਨਪਾਲ ਟਿਵਾਣਾ ਟੀਮ ਸਮੇਤ ਪੁੱਜ ਰਹੇ ਹਨ।
ਸੂਰਬੀਰ ਯੋਧਿਆਂ ਦੀਆਂ ਗਾਥਾਵਾਂ ਦੀ ਗੱਲ ਕਰਦਾ ਹੋਇਆ ਇਤਿਹਾਸਿਕ ਨਾਟਕ ‘ਸਰਹਿੰਦ ਦੀ ਦੀਵਾਰ’ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਯਾਦ ਕਰਾਉਂਦਾ ਹੈ ਜਿਨ੍ਹਾਂ ਨੇ ਛੋਟੀ ਉਮਰ ਹੋਣ ਦੇ ਬਾਵਜੂਦ ਵੀ ਈਨ ਨਹੀਂ ਮੰਨੀ ਸਗੋਂ ਹੱਕ, ਸੱਚ ਤੇ ਧਰਮ ਲਈ ਡਟੇ ਰਹੇ। ਇਹ ਨਾਟਕ ਪਿਛਲੇ 59 ਸਾਲਾਂ ਤੋਂ ਪੂਰੇ ਭਾਰਤ ਅਤੇ ਵੱਖ ਵੱਖ ਦੇਸ਼ਾਂ ਵਿੱਚ ਸਫਲਤਾ ਪੂਰਬਕ ਖੇਡਿਆ ਜਾ ਚੁੱਕਾ ਹੈ। ਇਸ ਸਮਾਗਮ ਦੀ ਐਂਟਰੀ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ ਵਾਸੀ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਸ਼ੋਅ ਲਈ ਪੁੱਜਣ।