ਪ੍ਰਾਪਰਟੀ ਕਾਰੋਬਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
ਹਰਜੀਤ ਸਿੰਘ
ਜ਼ੀਰਕਪੁਰ, 8 ਮਈ
ਇੱਥੇ ਸਬ-ਤਹਿਸੀਲ ਵਿੱਚ ਅੱਜ ਸ਼ਹਿਰ ਦੇ ਪ੍ਰਾਪਰਟੀ ਕਾਰੋਬਾਰੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪ੍ਰਾਪਰਟੀ ਦਾ ਕਾਰੋਬਾਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ।
ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਲਸ਼ਨ ਅਰੋੜਾ ਦੀ ਪ੍ਰਧਾਨਗੀ ਹੇਠ ਕੀਤੇ ਗਏ ਇਸ ਰੋਸ ਮੁਜ਼ਾਹਰੇ ਦੌਰਾਨ ਉਨ੍ਹਾਂ ਵੱਲੋਂ ਹੱਥਾਂ ਵਿੱਚ ਬੈਨਰ ਅਤੇ ਪੋਸਟਰ ਫੜ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਗੁਲਸ਼ਨ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਐੱਨਓਸੀ ਦੀ ਸ਼ਰਤ ਲਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਹ ਪ੍ਰਾਪਰਟੀ ਦੇ ਕਾਰੋਬਾਰ ਨੂੰ ਹੋਰ ਸੁਖਾਲਾ ਬਣਾ ਦੇਣਗੇ ਪਰ ਸਰਕਾਰ ਦੀ ਮਾੜੀਆਂ ਨੀਤੀਆਂ ਕਾਰਨ ਇਹ ਕੰਮ ਠੱਪ ਹੋ ਕੇ ਰਹਿ ਗਿਆ ਹੈ। ਐੱਨਓਸੀ ਦੀ ਸ਼ਰਤ ਨੇ ਭ੍ਰਿਸ਼ਟਾਚਾਰ ਹੋਰ ਵਧਾ ਦਿੱਤਾ ਹੈ। ਤਹਿਸੀਲਾਂ ਵਿੱਚ ਰਜਿਸਟਰੀ ਕਰਨ ਲਈ ਵੱਡੀ ਰਿਸ਼ਤਵ ਮੰਗੀ ਜਾਂਦੀ ਹੈ। ਇਸੇ ਤਰਾਂ ਐੱਨਓਸੀ ਹਾਸਨ ਕਰਨ ਲਈ ਨਗਰ ਕੌਂਸਲ ਵੱਲੋਂ ਮੋਟੀ ਰਕਮ ਦੀ ਮੰਗ ਕੀਤੀ ਜਾਂਦੀ ਹੈ ਜਿਸ ਨੂੰ ਪੂਰਾ ਨਾ ਕਰਨ ‘ਤੇ ਰਜਿਸਟਰੀ ਰੋਕ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਇਸ ਨੀਤੀ ਕਾਰਨ ਆਮ ਵਿਅਕਤੀ ਪ੍ਰੇਸ਼ਾਨ ਹੋ ਰਿਹਾ ਹੈ ਜਦਕਿ ਵੱਡਾ ਆਦਮੀ ਪੈਸੇ ਦੇ ਕੇ ਆਪਣਾ ਕੰਮ ਚਲਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਕਾਰੋਬਾਰ ਨੂੰ ਸਮਝੇ ਬਿਨਾਂ ਅਫਸਰਾਂ ਦੀਆਂ ਗੱਲਾਂ ਵਿੱਚ ਆ ਕੇ ਇਹ ਨੀਤੀ ਬਣਾਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪਿਛਲੇ ਦੋ ਮਹੀਨਿਆਂ ਦੌਰਾਨ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਹੋਈ ਰਜਿਸਟਰੀਆਂ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਸਪਸ਼ਟ ਪਤਾ ਚੱਲ ਸਕੇ ਬਿਨਾਂ ਐੱਨਓਸੀ ਤੋਂ ਪੈਸੇ ਦੇ ਕੇ ਰਜਿਸਟਰੀਆਂ ਹੋ ਰਹੀਆਂ ਹਨ ਜਦਕਿ ਆਮ ਵਿਅਕਤੀ ਦੀ ਪੈਸੇ ਨਾ ਦੇਣ ‘ਤੇ ਰਜਿਸਟਰੀ ਨਹੀਂ ਹੋ ਰਹੀ ਹੈ।