ਗੁਰਦੀਪ ਸਿੰਘ ਟੱਕਰਮਾਛੀਵਾੜਾ, 26 ਦਸੰਬਰਨੇੜਲੇ ਪਿੰਡ ਗੜ੍ਹੀ ਬੇਟ ਵਿੱਚ ਨਵੀਂ ਚੁਣੀ ਗਈ ਪੰਚਾਇਤ ਵੱਲੋਂ ਅੱਜ ਪਹਿਲਾ ਆਮ ਇਜਲਾਸ ਰੱਖਿਆ ਗਿਆ ਸੀ ਪਰ ਇਸ ਦੌਰਾਨ ਦੋ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ ਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਪਛਾਣ ਆਕਾਸ਼ ਵਜੋਂ ਹੋਈ ਹੈ। ਪਿੰਡ ਦੇ ਚੁਣੇ ਗਏ ਸਰਪੰਚ ਸਦਬਲਿਹਾਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਦਾ ਆਮ ਇਜਲਾਸ ਸੱਦਿਆ ਗਿਆ ਸੀ ਜਿਸ ਸਬੰਧੀ ਪਿੰਡ ਦੇ ਗੁਰਦੁਆਰੇ ਵਿੱਚ ਅਨਾਊਂਸਮੈਂਟ ਵੀ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਕੁਝ ਵਿਅਕਤੀਆਂ ਨੇ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਉਨ੍ਹਾਂ ਨੂੰ ਸਮਝਾਉਣ ਦਾ ਯਤਨ ਕੀਤਾ। ਸਰਪੰਚ ਨੇ ਦੋਸ਼ ਲਾਇਆ ਕਿ ਉਕਤ ਵਿਅਕਤੀਆਂ ਨੇ ਪੰਚਾਇਤ ਮੈਂਬਰ ਜਿੰਦਰ ਸਿੰਘ ਤੇ ਆਕਾਸ਼ ਨਾਲ ਹੱਥੋਪਾਈ ਕੀਤੀ ਤੇ ਉਨ੍ਹਾਂ ਨੂੰ ਸ਼ਖ਼ਮੀ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਉਕਤ ਵਿਅਕਤੀ ਸਰਪੰਚੀ ਚੋਣਾਂ ਦੌਰਾਨ ਵਿਰੋਧੀ ਧਿਰ ਨਾਲ ਸਨ ਤੇ ਰੰਜਿਸ਼ ਕਾਰਨ ਉਨ੍ਹਾਂ ਅੱਜ ਝਗੜਾ ਕੀਤਾ ਹੈ। ਇਸ ਸਬੰਧੀ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ। ਜ਼ਖ਼ਮੀ ਆਕਾਸ਼ ਇਸ ਵੇਲੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।