ਪੰਜਾਬੀਆਂ ਦੇ ਹਿਤਾਂ ਨੂੰ ਅਣਗੌਲਿਆਂ ਕਰ ਰਹੀ ਹੈ ਮਾਨ ਸਰਕਾਰ: ਘੁੰਮਣ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਮਈ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਨ ਵਾਲੀ ‘ਆਪ’ ਸਰਕਾਰ ਹੁਣ ਆਪਣੇ ਵਰਕਰਾਂ ਨਾਲ ਵੀ ਕੀਤੇ ਵਾਅਦਿਆਂ ਤੋਂ ਮੁਕਰ ਰਹੀ ਹੈ।
ਐਡਵੋਕੇਟ ਘੁੰਮਣ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬੀਆਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਕੇਜਰੀਵਾਲ ਐਂਡ ਪਾਰਟੀ ਦੇ ਖਾਸ ਗੈਰ ਪੰਜਾਬੀਆਂ ਨੂੰ ਉੱਚ ਅਹੁਦਿਆਂ ’ਤੇ ਤਾਇਨਾਤ ਕਰ ਰਹੀ ਹੈ ਜਿਸ ਦੀ ਤਾਜ਼ਾ ਮਿਸਾਲ ਅਰਵਿੰਦ ਕੇਜਰੀਵਾਲ ਦੇ ਖ਼ਾਸ ਦੀਪਕ ਚੌਹਾਨ ਨੂੰ ਪੰਜਾਬ ਰਾਜ ਇੰਡਸਟਰੀਅਲ ਕਾਰਪੋਰੇਸ਼ਨ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਹੈ, ਜੋ ਸੰਦੀਪ ਪਾਠਕ ਦੇ ਵੀ ਨਜ਼ਦੀਕੀ ਮੰਨੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਮਿਹਨਤ ਸਦਕਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਅੱਜ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਹਿੱਤਾ ’ਤੇ ਡਾਕਾ ਮਾਰ ਕੇ ਦਿੱਲੀ ਤੋਂ ਆਏ ਆਪਣੇ ਗੁਰੂਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵੀ ਹਾਜ਼ਰ ਸਨ।