‘ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ’ ਬਾਰੇ ਵਰਕਸ਼ਾਪ
ਪੱਤਰ ਪ੍ਰੇਰਕ
ਪਟਿਆਲਾ, 9 ਦਸੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ‘ਪੰਜਾਬੀ ਭਾਸ਼ਾ ਦੀਆਂ ਕੰਪਿਊਟਰੀ ਲੋੜਾਂ’ ਬਾਰੇ ਇੱਕ ਰੋਜ਼ਾ ਵਰਕਸ਼ਾਪ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਦੇਖ-ਰੇਖ ਵਿੱਚ ਲਗਵਾਈ ਗਈ। ਵਰਕਸ਼ਾਪ ਦੌਰਾਨ ਕੰਪਿਊਟਰ ਮਾਹਿਰ ਤੇ ਪੰਜਾਬੀ ਭਾਸ਼ਾ ਦੇ ਕੰਪਿਊਟਰੀਕਰਨ ਲਈ ਲੰਬੇ ਅਰਸੇ ਤੋਂ ਕਾਰਜਸ਼ੀਲ ਡਾ. ਸੀਪੀ ਕੰਬੋਜ ਨੇ ਵੱਖ-ਵੱਖ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੀ ਟੀਮ ਵਿੱਚ ਸੁਰਿੰਦਰ ਸਿੰਘ ਤੇ ਮਨਿੰਦਰ ਸਿੰਘ ਸ਼ਾਮਲ ਸਨ।
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਨ ਦੌਰਾਨ ਵਰਕਸ਼ਾਪ ਦੀ ਰੂਪ-ਰੇਖਾ ਅਤੇ ਟੀਚਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਜੋਕੇ ਡਿਜੀਟਲ ਯੁੱਗ ਦੇ ਹਾਣ ਦੀ ਬਣਾਉਣ ਲਈ ਬਹੁਤ ਵੱਡੇ ਉਪਰਾਲਿਆਂ ਦੀ ਜ਼ਰੂਰਤ ਹੈ। ਡਾ. ਕੰਬੋਜ ਨੇ ਚਾਰ ਸ਼ੈਸ਼ਨਾਂ ਵਾਲੀ ਵਰਕਸ਼ਾਪ ਦੌਰਾਨ ਕਿਹਾ ਕਿ ਭਾਸ਼ਾ ਵਿਭਾਗ ਨੇ ਇਸ ਵਰਕਸ਼ਾਪ ਰਾਹੀਂ ਬੜੀ ਵੱਡੀ ਸ਼ੁਰੂਆਤ ਕੀਤੀ ਹੈ। ਪੰਜਾਬੀ ਭਾਸ਼ਾ ’ਚ ਰਚਿਆ ਵੱਡਮੁੱਲਾ ਸਾਹਿਤਕ ਤੇ ਬਹੁਪੱਖੀ ਖਜ਼ਾਨਾ ਉਪਲਬਧ ਹੈ, ਜਿਸ ਨੂੰ ਡਿਜੀਟਲ ਪਲੈਟਫਾਰਮਾਂ ’ਤੇ ਅੱਪਲੋਡ ਕਰਨ ਦੀ ਲੋੜ ਹੈ। ਸ਼ਿੰਦਰਪਾਲ ਸਿੰਘ ਮਾਹਲ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਉੱਦਮ ਸਮੇਂ ਦੀ ਮੰਗ ਅਨੁਸਾਰ ਬਹੁਤ ਢੁੱਕਵਾਂ ਅਤੇ ਲੋੜੀਂਦਾ ਹੈ।
ਭਾਸ਼ਾ ਵਿਭਾਗ ਵੱਲੋਂ ਸ਼ਿੰਦਰਪਾਲ ਸਿੰਘ ਮਾਹਲ, ਮਹਿੰਦਰ ਸਿੰਘ ਸੇਖੋਂ, ਕੰਪਿਊਟਰ ਮਾਹਿਰ ਡਾ. ਸੀ.ਪੀ. ਕੰਬੋਜ ਅਤੇ ਉਨ੍ਹਾਂ ਦੀ ਟੀਮ ਦਾ ਸ਼ਾਲਾਂ ਨਾਲ ਸਨਮਾਨ ਕੀਤਾ ਗਿਆ। ਸਹਾਇਕ ਡਾਇਰੈਕਟਰ ਆਲੋਕ ਚਾਵਲਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਮਹਿੰਦਰ ਸਿੰਘ ਸੇਖੋਂ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ, ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਸੁਪਰਡੈਂਟ ਭੁਪਿੰਦਰਪਾਲ ਸਿੰਘ ਤੇ ਹਰਪ੍ਰੀਤ ਸਿੰਘ ਹਾਜ਼ਰ ਸਨ। ਮੰਚ ਸੰਚਾਲਨ ਡਾ. ਮਨਜਿੰਦਰ ਸਿੰਘ ਨੇ ਕੀਤਾ।