ਪੰਜਾਬ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨ ਅੱਗੇ ਆਉਣ: ਸਿਸੋਦੀਆ
ਆਤਿਸ਼ ਗੁਪਤਾ
ਚੰਡੀਗੜ੍ਹ, 30 ਮਾਰਚ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਵਿੱਚ ਜਥੇਬੰਦਕ ਢਾਂਚੇ ਦੀ ਮਜ਼ਬੂਤੀ ਅਤੇ ਸਮਾਜ ਵਿੱਚ ਬਦਲਾਅ ਵਾਸਤੇ ਨੌਜਵਾਨਾਂ ਦੀ ਸੋਚ ਨੂੰ ਜਾਨਣ ਦੇ ਮਕਸਦ ਨਾਲ ਅੱਜ ਇੱਥੋਂ ਦੇ ਮਿਉਂਸਿਪਲ ਭਵਨ ਵਿੱਚ ਸੂਬੇ ਦੇ ਨੌਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ‘ਆਪ’ ਦੇ ਯੂਥ ਵਿੰਗ, ਵਿਦਿਆਰਥੀ ਵਿੰਗ (ਸੀਵਾਈਐੱਸਐੱਸ), ਯੂਥ ਕਲੱਬਾਂ ਅਤੇ ਹੋਰ ਵੱਖ-ਵੱਖ ਫਰੰਟਾਂ ਦੇ ਯੂਥ ਆਗੂਆਂ ਨੇ ਸ਼ਿਰਕਤ ਕੀਤੀ। ਸ੍ਰੀ ਸਿਸੋਦੀਆ ਨੇ ਗੱਲਬਾਤ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਬੇਰੁਜ਼ਗਾਰੀ ਖ਼ਤਮ ਕਰਨ ਲਈ ਅਤੇ ਸਿੱਖਿਆ ਪ੍ਰਣਾਲੀ ਵਿੱਚ ਕੀਤੇ ਸੁਧਾਰ ਬਾਰੇ ਵਿਚਾਰ-ਚਰਚਾ ਕੀਤੀ।
ਸ੍ਰੀ ਸਿਸੋਦੀਆ ਨੇ ਕਿਹਾ ਕਿ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸ ਲਈ ਦੇਸ਼ ਨੂੰ ਬਦਲਣ ਲਈ ਨੌਜਵਾਨਾਂ ਦੀ ਆਵਾਜ਼ ਸੁਣਨੀ ਪਵੇਗੀ, ਜਿਸ ਨਾਲ ਦੇਸ਼ ਦਾ ਤੇਜ਼ੀ ਨਾਲ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਨਸਾਫ਼ ਲਈ ਲੜਾਈ ਹੋਵੇ ਜਾਂ ਨਵੇਂ ਯੁੱਗ ਦੀ ਸ਼ੁਰੂਆਤ, ਨੌਜਵਾਨ ਹਮੇਸ਼ਾ ਆਪਣੀ ਆਵਾਜ਼ ਬੁਲੰਦ ਕਰਨ ਵਿੱਚ ਸਭ ਤੋਂ ਮੋਹਰੀ ਰਹਿੰਦੇ ਹਨ। ਇਸ ਦੌਰਾਨ ਸ੍ਰੀ ਸਿਸੋਦੀਆ ਨੇ ਨੌਜਵਾਨਾਂ ਦੇ ਸੁਫ਼ਨੇ, ਪੇਂਡੂ ਨੌਜਵਾਨਾਂ ਦੀਆਂ ਇੱਛਾਵਾਂ, ਭਵਿੱਖ ਲਈ ਉਨ੍ਹਾਂ ਦੀ ਦ੍ਰਿਸ਼ਟੀ ਅਤੇ ਉਨ੍ਹਾਂ ਦੇ ਹਾਲਾਤ ਨੂੰ ਬਦਲਣ ਲਈ ਉਨ੍ਹਾਂ ਦੇ ਦ੍ਰਿੜ੍ਹ ਇਰਾਦਿਆਂ ਬਾਰੇ ਵਿਚਾਰ-ਚਰਚਾ ਕੀਤੀ।