ਪੰਜਾਬ ’ਚ ਦੋ ਸੌ ਤੋਂ ਵੱਧ ਪਾਕਿਸਤਾਨੀਆਂ ਦੀ ਪਛਾਣ
ਆਤਿਸ਼ ਗੁਪਤਾ
ਚੰਡੀਗੜ੍ਹ, 28 ਅਪਰੈਲ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਬਾਰੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 200 ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਤਸਕਰੀ ਦੇ ਨੈੱਟਵਰਕਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪਹਿਲੀ ਮਾਰਚ 2025 ਤੋਂ ਬਾਅਦ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਜ਼ਾ ਦੀ ਦਰ ਵੀ 89 ਫ਼ੀਸਦ ’ਤੇ ਪਹੁੰਚ ਗਈ ਹੈ। ਪਹਿਲੀ ਮਾਰਚ ਤੋਂ ਬਾਅਦ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਇਸ ਵਿੱਚੋਂ 144 ਮਾਮਲਿਆਂ ਵਿੱਚ ਵਿਅਕਤੀਆਂ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।
ਸ੍ਰੀ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ 31 ਮਈ ਤੱਕ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਭਲਕੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਐੱਸਐੱਸਪੀਜ਼ ਤੇ ਪੁਲੀਸ ਕਮਿਸ਼ਨਰਾਂ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਐੱਸਐੱਸਪੀਜ਼ ਤੇ ਪੁਲੀਸ ਕਮਿਸ਼ਨਰਾਂ ਵੱਲੋਂ ਨਸ਼ੀਲੇ ਪਦਾਰਥਾਂ ਦੇ ਖਾਤਮੇ ਲਈ ਤਿਆਰ ਕੀਤੀ ਯੋਜਨਾ ਵੀ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲੀਸ ਅਧਿਕਾਰੀਆਂ ਦਾ ਸਨਮਾਨ ਕੀਤਾ ਜਾਵੇਗਾ, ਜਦੋਂਕਿ ਮਾੜੀ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਡੀਜੀਪੀ ਨੇ ਲੋਕਾਂ ਨੂੰ ਪੰਜਾਬ ਪੁਲੀਸ ਦੀ ‘ਸੇਫ਼ ਪੰਜਾਬ ਡਰੱਗ ਹੈਲਪਲਾਈਨ’ ’ਤੇ ਸੁਝਾਅ ਦੇਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੈਲਪਲਾਈਨ ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ 503 ਕੇਸ ਦਰਜ ਕਰਕੇ 659 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀਜੀਪੀ ਪੰਜਾਬ ਨੇ ਕਿਹਾ ਕਿ ਪੁਲੀਸ ਨੇ ਸੂਬੇ ਵਿੱਚ ਹਵਾਲਾ ਕਾਰੋਬਾਰ ਕਰਨ ਵਾਲੇ 31 ਜਣਿਆਂ ਨੂੰ ਗ੍ਰਿਫ਼ਤਾਰ ਕਰਕੇ ਅੱਠ ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 59 ਦਿਨਾਂ ਵਿੱਚ 4659 ਕੇਸ ਦਰਜ ਕਰਕੇ 7414 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲੀਸ ਨੇ 297 ਕਿਲੋਗ੍ਰਾਮ ਹੈਰੋਇਨ, 100 ਕੁਇੰਟਲ ਭੁੱਕੀ, 153 ਕਿਲੋਗ੍ਰਾਮ ਅਫੀਮ, 95 ਕਿਲੋਗ੍ਰਾਮ ਗਾਂਜਾ, 21.77 ਲੱਖ ਗੋਲੀਆਂ ਤੇ ਕੈਪਸੂਲ ਅਤੇ 8.03 ਕਰੋੜ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 81 ਤਸਕਰਾਂ ਦੀਆਂ 32.95 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਹੈ। ਪੁਲੀਸ ਨੇ ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਤੌਰ ’ਤੇ ਬਣੀਆਂ 72 ਜਾਇਦਾਦਾਂ ਨੂੰ ਢਾਹ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਥੋੜ੍ਹੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਗਏ 689 ਵਿਅਕਤੀਆਂ ਨੂੰ ਜੇਲ੍ਹ ਭੇਜਣ ਦੀ ਬਜਾਏ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਹੈ।
ਭਾਰਤ-ਪਾਕਿ ਸਰਹੱਦ ’ਤੇ ਅਕਤੂਬਰ ਤੱਕ ਸਥਾਪਤ ਕੀਤੇ ਜਾਣਗੇ ਐਂਟੀ ਡਰੋਨ ਸਿਸਟਮ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਸਰਹੱਦੀ ਖੇਤਰ ਵਿੱਚ ਐਂਟੀ ਡਰੋਨ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਦੇ ਟਰਾਇਲ ਕੀਤੇ ਜਾ ਰਹੇ ਹਨ। ਇਸ ਨੂੰ ਸਤੰਬਰ ਜਾਂ ਅਕਤੂਬਰ ਤੱਕ ਸਥਾਪਤ ਕਰ ਦਿੱਤਾ ਜਾਵੇਗਾ, ਜਿਸ ਨਾਲ ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ’ਤੇ ਠੱਲ੍ਹ ਪਾਈ ਜਾ ਸਕੇਗੀ।
30 ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ ਸਥਾਪਤ ਕਰਨ ਦੀ ਤਜਵੀਜ਼
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤੇ ਕੇਸਾਂ ਦੇ ਜਲਦ ਨਿਪਟਾਰੇ ਲਈ ਸੂਬੇ ਵਿੱਚ 30 ਹੋਰ ਵਿਸ਼ੇਸ਼ ਐੱਨਡੀਪੀਐੱਸ ਐਕਟ ਅਦਾਲਤਾਂ ਸਥਾਪਤ ਕਰਨ ਦੀ ਤਜਵੀਜ਼ ਤਿਆਰ ਕੀਤੀ ਗਈ ਹੈ। ਇਨ੍ਹਾਂ ਅਦਾਲਤਾਂ ਨੂੰ ਸਥਾਪਤ ਕਰਨ ਲਈ 22.8 ਕਰੋੜ ਰੁਪਏ ਸਾਲਾਨਾ ਖਰਚ ਆਵੇਗਾ। ਸੂਬਾ ਸਰਕਾਰ ਇਹ ਖ਼ਰਚ ਚੁੱਕਣ ਲਈ ਤਿਆਰ ਹੈ।