ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਦਾ ਕੋਈ ਮੰਤਰੀ ਨਸ਼ਾ ਨਹੀਂ ਕਰਦਾ: ਕੇਜਰੀਵਾਲ

04:58 AM May 17, 2025 IST
featuredImage featuredImage
ਲੰਗੜੋਆ ਵਿੱਚ ਪਾਰਟੀ ਵਰਕਰਾਂ ਦਾ ਸਵਾਗਤ ਕਬੂਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ।

ਤਰਸੇਮ ਸਿੰਘ/ਸੁਰਜੀਤ ਮਜਾਰੀ
ਜੰਡਿਆਲਾ ਮੰਜਕੀ/ਨਵਾਂ ਸ਼ਹਿਰ, 16 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜੰਡਿਆਲਾ ਅਤੇ ਲੰਗੜੋਆ ’ਚ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਵਾਈ ਅਤੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਈ। ਇਸ ਦੌਰਾਨ ਪਿੰਡ ਲਖਣਪਾਲ, ਸਮਰਾਏ, ਜੰਡਿਆਲਾ ਅਤੇ ਧਨੀ ਪਿੰਡ ਦੀਆਂ ਪੰਚਾਇਤਾਂ, ਮੋਹਤਬਰਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਮੰਤਰੀ ਨਸ਼ਾ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀਆਂ ਦੀਆਂ ਕਾਰਾਂ ਰਾਹੀਂ ਨਸ਼ਿਆਂ ਦੀ ਤਸਕਰੀ ਹੁੰਦੀ ਸੀ ਪਰ ਹੁਣ ਪੰਜਾਬ ’ਚੋਂ ਨਸ਼ਾ ਲਗਪਗ ਖਤਮ ਹੋ ਚੁੱਕਾ ਹੈ। ਢਾਈ ਮਹੀਨਿਆਂ ਵਿੱਚ ਦਸ ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜਿਆ ਗਿਆ ਹੈ, ਜਿਨ੍ਹਾਂ ’ਚੋਂ ਸਾਢੇ ਅੱਠ ਹਜ਼ਾਰ ਵੱਡੇ ਨਸ਼ਾ ਤਸਕਰ ਹਨ।
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇ ਘਰ ਵਿਚ ਕੋਈ ਨਸ਼ਾ ਕਰਦਾ ਹੈ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸੂਬਾ ਸਰਕਾਰ ਦੇ ਹਰ ਪਿੰਡ, ਮੁਹੱਲੇ ਤੇ ਵਾਰਡ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਧੱਬਾ ਹੈ ਅਤੇ ਇਹ ਲਾਹਨਤ ਖ਼ਤਮ ਕਰਨ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ’ਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਲੰਗੜੋਆ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ’ਚੋਂ ਨਸ਼ੇ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬੌਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ’ਤੇ ਬਣਨ ਲੱਗ ਗਈਆਂ ਸਨ ਪਰ ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ‘ਆਪ’ ਸਰਕਾਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ। ਕੇਜਰੀਵਾਲ ਨੇ ਕਿਹਾ, ‘ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ ’ਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।’

Advertisement

ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ: ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਪਾਣੀ ਦੀ ਚੋਰੀ ਹੋਣ ਦਿੰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ‘ਆਪ’ ਆਗੂ ਅਜਿਹਾ ਕਦੇ ਨਹੀਂ ਹੋਣ ਦੇਣਗੇ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ ਪਰ ਅੱਜ ‘ਆਪ’ ਆਗੂ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ ’ਤੇ ਧਿਆਨ ਕੇਂਦਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ ਪਰ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਪ੍ਰਤੀਕਰਮ ਲੈ ਰਹੀ ਹੈ।

Advertisement
Advertisement