ਪੰਜਾਬ ਦਾ ਸਨਅਤੀ ਨਿਵੇਸ਼ ਪੂਰੀ ਤਰ੍ਹਾਂ ਠੱਪ: ਮਜੀਠੀਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦਾ ਸਨਅਤੀ ਨਿਵੇਸ਼ ਪੂਰੀ ਤਰ੍ਹਾਂ ਠੱਪ ਹੈ, ਜਦਕਿ ਸਨਅਤਕਾਰ ਫਿਰੌਤੀਆਂ ਨਾਲ ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਦੱਸਣ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਉਨ੍ਹਾਂ ਕਿਸੇ ਵੀ ਵੱਡੇ ਸਨਅਤੀ ਪ੍ਰਾਜੈਕਟ ਦਾ ਨੀਹ ਪੱਥਰ ਰੱਖਿਆ ਹੋਵੇ। ਉਨ੍ਹਾਂ ਚੁਣੌਤੀ ਦਿੱਤੀ ਕਿ ਜੇਕਰ ਮਾਨ ਨੇ ਕੋਈ ਨੀਂਹ ਪੱਥਰ ਰੱਖਿਆ ਹੈ ਤਾਂ ਉਸ ਦੀ ਤਸਵੀਰ ਜਨਤਕ ਕਰਨ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਤਿੰਨ ਸਾਲ ਵਿੱਚ ਸਨਅਤੀ ਨੀਤੀ ਨਹੀਂ ਬਣਾ ਸਕੀ ਉਹ ਹੋਰ ਕੀ ਕਰ ਸਕਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੜਨ ਵਾਸਤੇ ਜਾਣਿਆ ਜਾਂਦਾ ਹੈ। ਉਨ੍ਹਾਂ ਦਾ ਰਿਕਾਰਡ ਸਾਫ਼ ਸੁਥਰਾ ਹੈ ਤੇ ਉਹ ਇਕ ਸਮਾਜ ਸੇਵੀ ਵਜੋਂ ਕੰਮ ਕਰਦੇ ਹਨ। ਸ੍ਰੀ ਮਜੀਠੀਆ ਨੇ ਹਲਕੇ ਦੇ ਲੋਕਾਂ ਦੇ ਨਾਲ-ਨਾਲ ਅਕਾਲੀ ਦਲ ਦੇ ਰੁੱਸੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਲਈ ਘੁੰਮਣ ਦੀ ਹਮਾਇਤ ਕਰਨ। ਉਨ੍ਹਾਂ ਲੁਧਿਆਣਾ ਵਿੱਚ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਵਿਕਾਸ ਕੰਮਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਵਾਅਦਾ ਕੀਤਾ ਹੈ ਕਿ ਸਰਕਾਰ ਨੂੰ 24 ਹਜ਼ਾਰ ਏਕੜ ਉਪਜਾਊ ਜ਼ਮੀਨ ਧੱਕੇ ਨਾਲ ਐਕਵਾਇਰ ਨਹੀਂ ਕਰਨ ਦਿਆਂਗੇ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ।