ਪੰਜਾਬ ਦੀ ਨਿੱਘਰਦੀ ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਭਗਵੰਤ ਮਾਨ ਜ਼ਿੰਮੇਵਾਰ: ਗਰੇਵਾਲ
ਗੁਰਿੰਦਰ ਸਿੰਘ
ਲੁਧਿਆਣਾ, 11 ਅਪਰੈਲ
ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਕੌਮੀ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਪੰਜਾਬ ਦੀ ਮੌਜੂਦਾ ਅਮਨ ਕਾਨੂੰਨ ਦੀ ਮਾੜੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਥਿਤੀ ਲਈ ਜ਼ਿੰਮੇਵਾਰ ਕਰਾਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਰਾਜ ਵਿਚ ਮੌਜੂਦਾ ਕਾਨੂੰਨ-ਵਿਵਸਥਾ ਨੂੰ ਪੂਰੀ ਤਰ੍ਹਾਂ ਨਾਕਾਮ ਕਰਾਰ ਦਿੱਤਾ ਹੈ।
ਉਨ੍ਹਾਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਲਗਾਤਾਰ ਵਿਗੜ ਰਹੀ ਸਥਿਤੀ ਦੀ ਸਮੀਖਿਆ ਕਰਨ ਅਤੇ ਲੋੜੀਂਦੇ ਕਦਮ ਚੁੱਕਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਇੱਕ ਪੁਲੀਸ ਅਧਿਕਾਰੀ ਨੂੰ ਸਿੱਧਾ ਗੋਲੀ ਮਾਰ ਕੇ ਮਾਰ ਦਿੱਤਾ ਜਾਂਦਾ ਹੈ ਅਤੇ ਹੋਰ ਦੋ ਪੁਲੀਸ ਮੁਲਾਜ਼ਮ ਇੱਕ ਛੋਟੇ ਜਿਹੇ ਪਿੰਡ ਦੇ ਵਿਵਾਦ ਨੂੰ ਸੁਲਝਾਉਂਦੇ ਹੋਏ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ ਤਾਂ ਇਹ ਸਿਰਫ਼ ਸਰਕਾਰ ਦੀ ਨਾਕਾਮੀ ਹੀ ਨਹੀਂ ਸਗੋਂ ਇਹ ਪੂਰੇ ਪ੍ਰਸ਼ਾਸਨਿਕ ਢਾਂਚੇ ਦਾ ਢਹਿ ਜਾਣਾ ਹੁੰਦਾ ਹੈ।
ਗਰੇਵਾਲ ਨੇ ਸਿੱਧਾ ਮੁੱਖ ਮੰਤਰੀ ਅਤੇ ਸਰਕਾਰ ਤੋਂ ਪੁੱਛਿਆ ਕਿ ਜੇਕਰ ਪੰਜਾਬ ਵਿੱਚ ਆਪਣੀ ਪੰਜਾਬ ਪੁਲੀਸ ਸੁਰੱਖਿਅਤ ਨਹੀਂ, ਤਾਂ ਆਮ ਆਦਮੀ ਕਿੱਥੇ ਜਾਵੇਗਾ, ਲੋਕਾਂ ਦੀ ਰਾਖੀ ਕੌਣ ਕਰੇਗਾ। ਉਨ੍ਹਾਂ ਕਿਹਾ ਕਿ ਇਹ ਘਟਨਾ ਸਾਬਤ ਕਰਦੀ ਹੈ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਰਾਜ ਨੂੰ ਚਲਾਉਣ ਦੀ ਯੋਗਤਾ ਇਸ ਸਰਕਾਰ ਕੋਲ ਨਹੀਂ ਰਹੀ। ਗਰੇਵਾਲ ਨੇ ਮੰਗ ਕੀਤੀ ਕਿ ਪੰਜਾਬ ਪੁਲੀਸ ਨੂੰ ਤੁਰੰਤ ਅਧਿਕਾਰ ਦਿੱਤੇ ਜਾਣ ਤਾਂ ਜੋ ਉਹ ਕਿਸੇ ਵੀ ਰਾਜਨੀਤਕ ਦਖਲਅੰਦਾਜ਼ੀ ਤੋਂ ਬਿਨਾਂ ਫ਼ੈਸਲਾਕੁਨ ਕਾਰਵਾਈ ਕਰ ਸਕੇ। ਉਨ੍ਹਾਂ ਪੰਜਾਬ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਹਾਦਰ ਪੰਜਾਬ ਪੁਲੀਸ ਨਾਲ ਖੜ੍ਹੇ ਹੋਣ ਅਤੇ ਸ਼ਹੀਦ ਅਤੇ ਜ਼ਖ਼ਮੀ ਪੁਲੀਸ ਅਧਿਕਾਰੀਆਂ ਦੇ ਪਰਿਵਾਰਾਂ ਨੂੰ ਪੂਰਾ ਸਹਿਯੋਗ ਦੇਣ।