ਪੰਜਾਬ ਦੇ ਅਪਗਰੇਡ ਸਕੂਲਾਂ ਦਾ ਦਰਜਾ ਵਧਾਵੇ ਸਰਕਾਰ: ਬਲਬੀਰ ਸਿੱਧੂ
ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 9 ਅਪਰੈਲ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਨਹੀਂ, ਬਲਕਿ ਅਧਿਆਪਕਾਂ ਨਾਲ ਦੁਰਵਿਵਹਾਰ ਮੁਹਿੰਮ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸਮਾਣਾ ਦੇ ਸਕੂਲ ਮੁਖੀ ਅਤੇ ਅਧਿਆਪਕਾਂ ਦੀ ਜਿਵੇਂ ਬੇਇਜ਼ਤੀ ਕੀਤੀ, ਇਹ ਬਹੁਤ ਸ਼ਰਮਨਾਕ ਅਤੇ ਨਿੰਦਣਯੋਗ ਵਰਤਾਰਾ ਹੈ, ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਹੁੰਦੀਆਂ ਅਜਿਹੀਆਂ ਘਟਨਾਵਾਂ ਦਾ ਨੋਟਿਸ ਲੈਣ ਵਾਲੀ ਪੰਜਾਬ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਚੁੱਪ ਵੱਟਣਾ ਚਿੰਤਾਜਨਕ ਹੈ। ਸ੍ਰੀ ਸਿੱਧੂ ਨੇ ਆਖਿਆ ਕਿ ਇਸ ਵਿਧਾਇਕ ਨੇ ਪਹਿਲਾਂ ਵੀ ਮੰਤਰੀ ਹੁੰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਵਾਈਸ ਚਾਂਸਲਰ ਅਤੇ ਹੱਡੀਆਂ ਦੇ ਸੰਸਾਰ ਪ੍ਰਸਿੱਧ ਡਾ. ਰਾਜ ਬਹਾਦਰ ਸਿੰਘ ਦੀ ਬੇਇਜ਼ਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਇਸ ਮਾਮਲੇ ਤੋਂ ਆਪਣੇ ਆਪ ਨੂੰ ਵੱਖ ਕਰਨਾ ਚਾਹੁੰਦੀ ਹੈ ਤਾਂ ਬਿਨਾਂ ਕਿਸੇ ਦੇਰੀ ਦੇ ਜੌੜਾਮਾਜਰਾ ਨੂੰ ਪਾਰਟੀ ਵਿੱਚੋਂ ਕੱਢਿਆ ਜਾਵੇ ਅਤੇ ਉਨ੍ਹਾਂ ਦਾ ਅਸਤੀਫ਼ਾ ਲਿਆ ਜਾਵੇ।