ਪੰਜਾਬ ਦੇ ਗੰਭੀਰ ਮਸਲਿਆਂ ’ਤੇ ਸਿਆਸਤ ਕਰ ਰਹੀ ਹੈ ‘ਆਪ’: ਸੈਣੀ
ਗਗਨਦੀਪ ਅਰੋੜਾ
ਲੁਧਿਆਣਾ, 14 ਜੂਨ
ਹਲਕਾ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਦੇ ਹਿੱਸੇ ’ਚੋਂ ਹਰਿਆਣਾ ਨੂੰ ਪੀਣ ਵਾਲਾ ਪਾਣੀ ਦੇਣ ਤੋਂ ਮਨ੍ਹਾਂ ਕਰਨ ’ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪਾਣੀ ਛੱਡਣ ਦੇ ਮਾਮਲੇ ਵਿੱਚ ਡਰਾਮੇ ਦੀ ਕੋਈ ਲੋੜ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਪੀਣ ਵਾਲਾ ਪਾਣੀ ਮੰਗਿਆ ਸੀ। ਸੈਣੀ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ’ਤੇ ਸਿਰਫ਼ ਰਾਜਨੀਤੀ ਕਰ ਰਹੀ ਹੈ।
ਇੱਥੇ ਪ੍ਰੈੱਸ ਕਾਨਫਰੰਸ ਕਰ ਕੇ ਨਾਇਬ ਸੈਣੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੀਆਂ ਨਸ਼ਾ ਵਿਰੋਧੀ ਮੁਹਿੰਮਾਂ ਡਰਾਮਾ ਸਨ, ਜੋ ਆਪਣੇ ਸ਼ਾਸਨ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਕਿਸਾਨਾਂ ਨੂੰ ਕੁਝ ਨਹੀਂ ਦਿੱਤਾ ਗਿਆ। ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਨੁਸਾਰ ਕਿਸਾਨਾਂ ਨੂੰ ਫ਼ਸਲਾਂ ’ਤੇ ਸਬਸਿਡੀ ਅਤੇ ਐੱਮਐੱਸਪੀ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪੰਜ ਸਾਲ ਕਾਂਗਰਸ ਅਤੇ ਹੁਣ ਸਾਢੇ ਤਿੰਨ ਸਾਲਾਂ ’ਚ ‘ਆਪ’ ਨੇ ਪੰਜਾਬੀਆਂ ਨੂੰ ਸਿਰਫ਼ ਧੋਖਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਤੇ ਵਾਅਦੇ ਤੋੜਨ ਵਿੱਚ ਕਾਂਗਰਸ ਨਾਲੋਂ ਦੋ ਕਦਮ ਅੱਗੇ ਹੈ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਦੱਸਿਆ ਹਰਿਆਣਾ ਵਿੱਚ ਆਯੁੂਸ਼ਮਾਨ ਭਾਰਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਪ੍ਰਧਾਨ ਮੰਤਰੀ ਕ੍ਰਿਸ਼ੀ ਯੋਜਨਾਵਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ ਗਿਆ ਹੈ।
ਲੋਕਾਂ ਨੇ ਨਾਇਬ ਸੈਣੀ ਨੂੰ ਕਾਲੇ ਝੰਡੇ ਦਿਖਾਏ
ਲੁਧਿਆਣਾ: ਹਲਕਾ ਪੱਛਮੀ ਵਿੱਚ ਪ੍ਰਚਾਰ ਕਰਨ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਨੂੰ ਕਾਲੇ ਝੰਡੇ ਦਿਖਾਏ ਅਤੇ ਪਾਣੀ ਦੇ ਮੁੱਦੇ ’ਤੇ ਨਾਇਬ ਸਿੰਘ ਸੈਣੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਨਾਇਬ ਸਿੰਘ ਸੈਣੀ ਦਾ ਲੁਧਿਆਣਾ ਦੇ ਸ਼ੇਰਪੁਰ ਇਲਾਕੇ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਵਿਰੋਧ ਕੀਤਾ ਗਿਆ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਾਮ ਲੁਧਿਆਣਾ ਪਹੁੰਚੇ ਸਨ। ਜਦੋਂ ਉਹ ਚੰਡੀਗੜ੍ਹ ਤੋਂ ਆਪਣੇ ਕਾਫ਼ਲੇ ਨਾਲ ਲੁਧਿਆਣਾ ਵਿੱਚ ਦਾਖ਼ਲ ਹੋਏ ਤਾਂ ਕੁਝ ਲੋਕਾਂ ਨੇ ਸ਼ੇਰਪੁਰ ਨੇੜੇ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦੇ ਕਾਫ਼ਲੇ ਨੂੰ ਘੇਰ ਲਿਆ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਰੱਖਿਆ ਮੁਲਾਜ਼ਮ ਪੂਰੀ ਤਰ੍ਹਾਂ ਚੌਕਸ ਹੋ ਗਏ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਗੱਡੀ ਨੂੰ ਘੇਰ ਲਿਆ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਲੋਕਾਂ ਨੇ ਦੋਸ਼ ਲਗਾਇਆ ਕਿ ਹਰਿਆਣਾ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ ਹੈ, ਇਸ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ‘ਪਾਣੀ ਚੋਰ’ ਕਿਹਾ ਜਾ ਰਿਹਾ ਹੈ।