ਪੰਜਾਬ ਦੇ ਪਾਣੀ ਖੋਹਣ ਦੀ ਸਾਜ਼ਿਸ਼ ਕਰ ਰਿਹੈ ਕੇਂਦਰ: ਬਰਸਟ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 2 ਮਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਗ਼ੈਰ-ਸਿਧਾਂਤਕ ਤਰੀਕੇ ਵਰਤ ਕੇ ਪੰਜਾਬ ਦਾ ਪਾਣੀ ਖੋਹਿਆ ਸੀ। ਹੁਣ ਮੋਦੀ ਸਰਕਾਰ ਇਸ ਤੋਂ ਅੱਗੇ ਜਾ ਕੇ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ ਅਤੇ ਸੂਬੇ ਦੇ ਪਾਣੀ ’ਤੇ ਡਾਕਾ ਮਾਰ ਰਹੀ ਹੈ, ਜਿਸ ਦਾ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਇਕਮੁੱਠ ਹੋ ਕੇ ਸਾਂਝੀ ਲੜਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪਹਿਲਾਂ ਹੀ 3.110 ਐੱਮਏਐੱਫ ਪਾਣੀ ਦੀ ਖ਼ਪਤ ਕਰ ਚੁੱਕਾ ਹੈ ਜਦੋਂਕਿ ਉਸ ਦੀ ਸਾਲਾਨਾ ਵੰਡ 2.987 ਐੱਮਏਐੱਫ ਹੈ। ਹਰਿਆਣਾ ਵੱਲੋਂ 8500 ਕਿਊਸਿਕ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ ਜਦੋਂਕਿ ਉਨ੍ਹਾਂ ਨੂੰ ਪੀਣ ਵਾਸਤੇ 1700 ਕਿਊਸਿਕ ਪਾਣੀ ਦੀ ਲੋੜ ਹੈ।